ਗੁਰਦਾਸਪੁਰ/ਚੰਡੀਗੜ੍ਹ : ਪਠਾਨਕੋਟ ਵਿਖੇ ਅੱਤਵਾਦੀ ਹਮਲੇ ਵਿਚ ਸ਼ਹੀਦ ਸੁਰੱਖਿਆ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਪਣੇ ਪਰਿਵਾਰ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਇਸ ਸੰਕਟ ਦੀ ਘੜੀ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਦਮੇ ਅਤੇ ਦੁੱਖ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਅੱਜ ਆਨਰੇਰੀ ਕੈਪਟਨ ਫਤਹਿ ਸਿੰਘ ਅਤੇ ਹਵਾਲਦਾਰ ਕੁਲਵੰਤ ਸਿੰਘ ਦੇ ਪਰਿਵਾਰਾਂ ਨੂੰ ਮਿਲਣ ਗਏ ਜੋ ਕਿ ਪਠਾਨਕੋਟ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਅੱਤਵਾਦੀਆਂ ਦਾ ਲੋਹਾ ਲੈਂਦੇ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਸ਼ਹੀਦਾਂ ਦੇ ਜੱਦੀ ਪਿੰਡ ਝੰਡੇਵਾਲ ਖੁਰਦ ਅਤੇ ਚੱਕ ਸ਼ਰੀਫ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਹਰ ਮਦਦ ਦੇਣਾ ਸੂਬਾ ਸਰਕਾਰ ਦੀ ਡਿਊਟੀ ਹੈ। ਸ. ਬਾਦਲ ਨੇ ਕਿਹਾ ਕਿ ਦੋਵਾਂ ਫਤਹਿ ਸਿੰਘ ਅਤੇ ਕੁਲਵੰਤ ਸਿੰਘ ਨੇ ਮਾਂ ਭੂਮੀ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਸਤੇ ਆਪਣਾ ਮਹਾਨ ਬਲੀਦਾਨ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਬਹਾਦਰਾਂ ਦਾ ਰਿਣੀ ਹੈ ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਅੱਤਵਾਦੀਆਂ ਦੇ ਘਿਨਾਉਣੇ ਇਰਾਦੇ ਨੂੰ ਪਿਛਾੜਿਆ ਹੈ। ਸ. ਬਾਦਲ ਨੇ ਕਿਹਾ ਕਿ ਧਰਤੀ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਤਮ ਬਲੀਦਾਨ ਦੀ ਮਹਾਨ ਰਵਾਇਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਖਾਤਰ ਅਨੇਕਾਂ ਮਹਾਨ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਂਦਾ ਹੈ। ਸ. ਬਾਦਲ ਨੇ ਕਿਹਾ ਕਿ ਮਾਂ ਭੂਮੀ ਦੀ ਰੱਖਿਆ ਲਈ ਇਨ੍ਹਾਂ ਸਪੂਤਾਂ ਵੱਲੋਂ ਦਿਖਾਈ ਗਈ ਬਹਾਦਰੀ ਉਤੇ ਹਰੇਕ ਪੰਜਾਬੀ ਨੂੰ ਮਾਣ ਹੈ ਜਿਨ੍ਹਾਂ ਨੇ ਕਿ ਆਪਣੀ ਬਹਾਦਰੀ ਨਾਲ ਵਿਦੇਸ਼ੀ ਘੁਸਪੈਠੀਆਂ ਦੇ ਘਿਨਾਉਣੇ ਮਨਸੂਬਿਆਂ ਨੂੰ ਪਿਛਾੜਿਆ ਹੈ।
ਪੀੜਤ ਪਰਿਵਾਰਾਂ ਨਾਲ ਸ਼ੋਕ ਪ੍ਰਗਟ ਕਰਦਿਆਂ ਭਾਵੁਕ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਮਹਾਨ ਆਤਮਾਵਾਂ ‘ਤੇ ਮਾਣ ਮਹਿਸੂਸ ਕਰਦੇ ਹਨ ਜਿਨ੍ਹਾਂ ਨੇ ਅੱਤਵਾਦ ਵਿਰੋਧੀ ਕਾਰਵਾਈ ਦੌਰਾਨ ਦੇਸ਼ ਦੀ ਸੁਰੱਖਿਆ ਕੀਤੀ ਹੈ। ਸ. ਬਾਦਲ ਨੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਕਰਨਗੇ। ਉਨ੍ਹਾਂ ਕਿਹਾ, ”ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਤੁਹਾਡੇ ਹਿੱਤਾਂ ਦੀ ਰੱਖਿਆ ਕਰਨ ਤੋਂ ਇਲਾਵਾ ਇਸ ਸੰਕਟ ਦੀ ਘੜੀ ਵਿਚੋਂ ਤੁਹਾਨੂੰ ਬਾਹਰ ਕੱਢਣਾ ਵੀ ਮੇਰੀ ਜ਼ਿੰਮੇਵਾਰੀ ਹੈ।”
ਮੁੱਖ ਮੰਤਰੀ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾਰਾਜੂ ਹਾਜ਼ਰ ਸਨ।















