ਚੰਡੀਗੜ੍ਹ -ਕੇਂਦਰੀ ਰੇਲ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫ਼ਿਲਮ ‘ਸਤਲੁਜ’ ਨੂੰ ਲੈ ਕੇ ਨਿਰਮਾਤਾਵਾਂ ਤੇ ਨਿਰਦੇਸ਼ਕ ’ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ‘ਰਚਨਾਤਮਕ ਆਜ਼ਾਦੀ’ ਦੀ ਆੜ ਹੇਠ ਵਿਵਾਦਿਤ ਦਾਅਵਿਆਂ ਨੂੰ ਇਤਿਹਾਸਕ ਸੱਚ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦਰਦਨਾਕ ਇਤਿਹਾਸ ਕਿਸੇ ਇਕ ਵਿਚਾਰਧਾਰਾ ਜਾਂ ਪਹਿਲਾਂ ਤੋਂ ਲਾਏ ਗਏ ਅੰਦਾਜ਼ੇ ਦੇ ਆਧਾਰ ’ਤੇ ਚੋਣਵੇਂ ਢੰਗ ਨਾਲ ਨਹੀਂ ਲਿਖਿਆ ਜਾ ਸਕਦਾ।
ਬਿੱਟੂ ਨੇ ਫ਼ਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਖੁੱਲ੍ਹੀ ਚੁਣੌਤੀ ਦਿੰਦੇ ਕਿਹਾ ਕਿ ਉਹ ਪੰਜਾਬ ਦੀ ਜਨਤਾ ਸਾਹਮਣੇ ਉਹ ਸਾਰੇ ਦਸਤਾਵੇਜ਼ੀ ਸਬੂਤ, ਸਰਕਾਰੀ ਰਿਕਾਰਡ, ਨਿਆਂਇਕ ਫ਼ੈਸਲੇ ਅਤੇ ਪ੍ਰਮਾਣਿਤ ਅੰਕੜੇ ਪੇਸ਼ ਕਰਨ, ਜਿਨ੍ਹਾਂ ਦੇ ਆਧਾਰ ’ਤੇ ਫ਼ਿਲਮ ’ਚ 25 ਹਜ਼ਾਰ ਲੋਕਾਂ ਦੇ ਲਾਪਤਾ ਹੋਣ ਜਾਂ ਨਾਜਾਇਜ਼ ਢੰਗ ਨਾਲ ਸਸਕਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।
ਉਨ੍ਹਾਂ ਸਵਾਲ ਕੀਤਾ ਕਿ ਜੇ ਇਹ ਅੰਕੜਾ ਸਿਰਫ਼ ਅੰਦਾਜ਼ੇ ਜਾਂ ਦੋਸ਼ਾਂ ’ਤੇ ਆਧਾਰਤ ਹੈ ਤਾਂ ਇਸ ਨੂੰ ਫ਼ਿਲਮ ’ਚ ਨਿਰਵਿਵਾਦ ਇਤਿਹਾਸਕ ਸੱਚ ਵਜੋਂ ਕਿਉਂ ਪੇਸ਼ ਕੀਤਾ ਗਿਆ? ਦਰਸ਼ਕਾਂ ਨੂੰ ਇਹ ਵੀ ਦੱਸਿਆ ਜਾਣਾ ਚਾਹੀਦਾ ਸੀ ਕਿ ਇਸ ਗਿਣਤੀ ਦੀ ਪੁਸ਼ਟੀ ਕਿਸੇ ਅੰਤਿਮ ਨਿਆਂਇਕ ਫ਼ੈਸਲੇ ਰਾਹੀਂ ਨਹੀਂ ਹੋਈ। ਚਿੰਤਾਜਨਕ ਗੱਲ ਇਹ ਹੈ ਕਿ ਪੰਜਾਬ ਦੇ ਅੱਤਵਾਦ ਦੇ ਦੌਰ ਦੇ ਇਤਿਹਾਸ ਨੂੰ ਇਕਤਰਫ਼ਾ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਕੇਂਦਰੀ ਮੰਤਰੀ ਨੇ ਦੋਸ਼ ਲਾਇਆ ਕਿ ਫ਼ਿਲਮ ’ਚ ਪੰਜਾਬ ਦੇ ਅੱਤਵਾਦ ਦੇ ਦੌਰ ਦੇ ਇਤਿਹਾਸ ਨੂੰ ਇਕਪੱਖੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਬੇਕਸੂਰ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਮੁਲਾਜ਼ਮਾਂ, ਮਜ਼ਦੂਰਾਂ ਤੇ ਅੱਤਵਾਦੀਆਂ ਦੇ ਹੱਥੋਂ ਮਾਰੇ ਗਏ ਆਮ ਨਾਗਰਿਕਾਂ ਦੀਆਂ ਹੱਤਿਆਵਾਂ ਨੂੰ ਉਸ ਗੰਭੀਰਤਾ ਨਾਲ ਨਹੀਂ ਦਰਸਾਇਆ ਗਿਆ, ਜਿਸ ਦੇ ਉਹ ਹੱਕਦਾਰ ਸਨ।















