ਰਾਕੇਸ਼ ਟਿਕੈਤ ਦਾ ਸਰਕਾਰ ਨੂੰ ਸਖ਼ਤ ਸੁਨੇਹਾ, ਦਿੱਲੀ ਤੱਕ ਕੱਢਿਆ ਜਾਵੇਗਾ ਟਰੈਕਟਰ ਮਾਰਚ

ਮੁਜ਼ੱਫਰਨਗਰ – ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ’ਚ ਪ੍ਰਦਰਸ਼ਨ ਕਰਨਗੇ। ਟਿਕੈਤ ਨੇ ਸ਼ਨੀਵਾਰ ਦੱਸਿਆ ਕਿ ਸਿਸੌਲੀ ਵਿਚ ਹੋਈ ਪੰਚਾਇਤ ਨੇ ਇਕ ਮਤਾ ਪਾਸ ਕੀਤਾ ਹੈ, ਜਿਸ ‘ਚ ਯੂਨਾਈਟਿਡ ਕਿਸਾਨ ਮੋਰਚਾ ਨੂੰ ਕਿਹਾ ਗਿਆ ਹੈ ਕਿ ਜੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਤੇ 27 ਫਰਵਰੀ ਨੂੰ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਪੰਚਾਇਤ ਨੇ ਹਰਿਆਣਾ ਤੇ ਪੰਜਾਬ ‘ਚ ਵਾਪਰੀਆਂ ਘਟਨਾਵਾਂ ਦੀ ਨਿਖੇਧੀ ਕੀਤੀ। ਇਹ ਪੰਚਾਇਤ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦਰਮਿਆਨ ਹੋਈ।
ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦੇ ਨਾਲ ਹੀ ਕਿਸਾਨਾਂ ਆਪਣੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਤੇ ਕਰਜ਼ਾ ਮੁਆਫ਼ੀ, ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ਇਨਸਾਫ਼ ਤੇ ਜ਼ਮੀਨ ਐਕਵਾਇਰ ਐਕਟ 2013 ਦੀ ਬਹਾਲੀ ਦੀ ਮੰਗ ਵੀ ਕਰ ਰਹੇ ਹਨ। ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਦੋ ਸਰਹੱਦੀ ਪੁਆਇੰਟਾਂ ’ਤੇ ਮੌਜੂਦ ਹਨ, ਜਿੱਥੇ ਉਨ੍ਹਾਂ ਦੀ ਹਰਿਆਣਾ ਪੁਲਸ ਦੇ ਜਵਾਨਾਂ ਨਾਲ ਝੜਪ ਹੋਈ ਅਤੇ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।
ਇੱਥੇ ਪੰਚਾਇਤ ‘ਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਕਿਹਾ ਕਿ ਟਿਕੈਤ ਪਰਿਵਾਰ ਦੇ ਮੈਂਬਰ ਕਿਸਾਨਾਂ ਦੀ ਭਲਾਈ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਿਸੌਲੀ ਵਿਚ ਹੋਈ ਪੰਚਾਇਤ ’ਚ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉਤਰਾਖੰਡ ਦੇ 30 ਤੋਂ ਵੱਧ ਬੀ. ਕੇ. ਯੂ. ਮੈਂਬਰਾਂ ਨੇ ਹਿੱਸਾ ਲਿਆ।