ਮੋਗਾ: ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਪ੍ਰਵਾਸੀ ਮਜ਼ਦੂਰਾਂ ‘ਤੇ ਹੋਏ ਹਮਲੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਇੱਕ ਵੱਡਾ ਖ਼ਤਰਾ ਦੱਸਿਆ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ “ਚਿੰਤਾਜਨਕ ਅਤੇ ਪਰੇਸ਼ਾਨ ਕਰਨ ਵਾਲਾ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀ ਬੁਰਾਈ ਨੂੰ ਸ਼ੁਰੂਆਤ ਵਿੱਚ ਹੀ ਨੱਥ ਪਾਉਣ ਦੀ ਲੋੜ ਹੈ, ਪ੍ਰਵਾਸੀ ਮਜ਼ਦੂਰਾਂ ‘ਤੇ ਹੋਏ ਹਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਅਜਿਹੀ ਤਾਕਤਾਂ ਨੂੰ ਹਰਾਉਣਾ ਚਾਹੀਦਾ ਹੈ।
ਰਾਜਾ ਵੜਿੰਗ ਨੇ ਉਮੀਦ ਜਤਾਈ ਕਿ ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਰਤ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਪੰਜਾਬ ਲਈ ਇਸ ਗੰਭੀਰ ਖ਼ਤਰੇ ਨਾਲ ਨਜਿੱਠਣ ਲਈ ਪਾਰਟੀ ਰਾਜਨੀਤੀ ਤੋਂ ਉੱਪਰ ਉੱਠਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੰਗਲਵਾਰ ਨੂੰ ਸਵੇਰੇ ਲਗਭਗ 11 ਵਜੇ ਮੋਗਾ-ਜ਼ੀਰਾ ਰੋਡ ‘ਤੇ ਪਿੰਡ ਖੋਸਾ ਜਲਾਲ ਵਿੱਚ ਤਿੰਨ ਨਕਾਬਪੋਸ਼ ਹਮਲਾਵਰਾਂ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ 10 ਪ੍ਰਵਾਸੀ ਮਜ਼ਦੂਰਾਂ ਦੇ ਇੱਕ ਸਮੂਹ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਮਜ਼ਦੂਰ ਇੱਕ ਰਾਈਸ ਮਿੱਲ ਤੋਂ ਆਪਣੇ ਕਮਰਿਆਂ ਵੱਲ ਪਰਤ ਰਹੇ ਸਨ। ਹਮਲੇ ਦੌਰਾਨ ਅਸ਼ੋਕ ਕੁਮਾਰ ਅਤੇ ਸੁਬੋਧ (ਦੋਵੇਂ ਉੱਤਰ ਪ੍ਰਦੇਸ਼ ਦੇ ਨਿਵਾਸੀ) ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।















