ਜਲੰਧਰ/ਚੰਡੀਗੜ੍ਹ- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਇਸ ਕਾਰਵਾਈ ਨੂੰ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੇ ਹੰਕਾਰ ਤੋਂ ਹੇਠਾਂ ਉਤਰਨਾ ਪਿਆ ਹੈ ਅਤੇ ਅਖ਼ੀਰ ਵਿਚ ਮਜਬੂਰ ਹੋ ਕੇ ਆਪਣੇ ਹੀ ਮੰਤਰੀ ਨੂੰ ਗ੍ਰਿਫ਼ਤਾਰ ਕਰਨਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਉਹ ਅਜੇ ਵੀ ਸੁਚੇਤ ਰਹਿਣਗੇ ਕਿਉਂਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਜੇ ਵੀ ਲਾਲਜੀਤ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰਨਗੇ।
ਗਗਨਦੀਪ ਦੀ ਮੌਤ ‘ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦੇ ਬਾਜਵਾ ਨੇ ਕਿਹਾ ਕਿ ਇਹ ਇਕ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜੇਕਰ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਗਗਨਦੀਪ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਨਾ ਕੀਤਾ ਹੁੰਦਾ ਤਾਂ ਇਕ ਕੀਮਤੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ‘ਚ ਇਨਸਾਫ਼ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖੇਗੀ।















