ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ

ਚੰਡੀਗੜ੍ਹ/ਬਠਿੰਡਾ : ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਲੈ ਕੇ ਗਏ ਸਰਕਾਰੀ ਅਫ਼ਸਰ ਤੋਂ ਕੁੱਝ ਕਿਸਾਨਾਂ ਵਲੋਂ ਜ਼ਬਰਨ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ’ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਸਾੜਣ ਦਾ ਸੰਦੇਸ਼ ਲੈ ਕੇ ਗਿਆ ਪਰ ਉਸੇ ਤੋਂ ਅੱਗ ਲਗਵਾਈ, ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ। ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ’ਚ ਤੀਲੀਆਂ ਲੈ ਕੇ ਆਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖ਼ਤਮ ਕਰਨ ਲੱਗੇ ਹਾਂ। ਪਰਚਾ ਦਰਜ ਹੋਣ ਲੱਗਾ ਹੈ।
ਜ਼ਬਰਨ ਲਗਵਾਈ ਅੱਗ
ਪਿੰਡ ਬੁਰਜ ਮਹਿਮਾ ‘ਚ ਪ੍ਰਸ਼ਾਸਨ ਦੀ ਟੀਮ ਖੇਤਾਂ ’ਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ। ਇਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਅਧਿਕਾਰੀ ਨੂੰ ਬੰਧਕ ਬਣਾ ਲਿਆ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨ ਦੀ ਟੀਮ ਦੇ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾ ਦਿੱਤੀ, ਇਸ ਘਟਨਾ ਦੀ ਬਕਾਇਦਾ ਵੀਡੀਓਵੀ ਬਣਾਈ ਗਈ। ਜੋ ਬਾਅਦ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।
ਡੀ. ਸੀ. ਨੇ ਦਿੱਤੀ ਚਿਤਾਵਨੀ, ਖੁਦ ਜਾਵਾਂਗਾ ਮੌਕੇ ’ਤੇ
ਇਸ ਘਟਨਾ ’ਤੇ ਬਠਿੰਡਾ ਦੇ ਡੀ. ਸੀ. ਸ਼ੌਕਤ ਅਹਿਮਦ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਮਾਮਲੇ ‘ਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਉਹ ਖ਼ੁਦ ਘਟਨਾ ਵਾਲੀ ਥਾਂ ’ਤੇ ਜਾਣਗੇ। ਉਨ੍ਹਾਂ ਕਿਸਾਨਾਂ ਵੱਲੋਂ ਕੀਤੀ ਉਕਤ ਕਾਰਵਾਈ ਦੀ ਨਿਖੇਧੀ ਕੀਤੀ। ਡੀ. ਸੀ. ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ। ਇਹ ਕਿਸਾਨਾਂ ਦੀ ਸ਼ਰੇਆਮ ਗੁੰਡਾਗਰਦੀ ਹੈ।