ਅੰਮ੍ਰਿਤਸਰ : ਚੱਬਾ ਦੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਜੱਥੇਦਾਰ ਧਿਆਨ ਸਿੰਘ ਮੰਡ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ । ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵੱਲੋਂ ਇਨ੍ਹਾਂ ਨੂੰ ਆਮ ਸ਼ਰਧਾਲੂਆਂ ਵਾਂਗ ਮੱਥਾ ਟੇਕਣ ਦੀ ਖੁੱਲ੍ਹ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੀ ਗੜਬੜ ਤੋਂ ਬਚਾਅ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ‘ਚ ਪੁਲਸ ਤੈਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਅੰਦਰ ਪ੍ਰੈੱਸ ਫੋਟੋਗ੍ਰਾਫਰ ਜਾਣ ‘ਤੇ ਰੋਕ ਲਗਾ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਜੱਥੇਦਾਰ ਧਿਆਨ ਸਿੰਘ ਨੇ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਵੀ ਮੱਥਾ ਟੇਕਿਆ ਹੈ। ਯਾਦ ਰਹੇ ਕਿ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਨੇ ਅਕਾਲ ਤਖ਼ਤ ਦੇ ਬਰਾਬਰ ਵੱਖਰਾ ਸਕੱਤਰ ਸਥਾਪਤ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਜਾਂ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕਣ ਤੋਂ ਕੋਈ ਰੋਕ ਨਹੀਂ ਸੀ। ਉਨ੍ਹਾਂ ਬਤੌਰ ਸ਼ਰਧਾਲੂ ਗੁਰੂ ਘਰ ਮੱਥਾ ਟੇਕਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਜਾਂ ਪ੍ਰਬੰਧ ‘ਚ ਖ਼ਲਲ ਪਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ।















