ਸਹਾਰਨਪੁਰ – ਇਕ ਨਾਬਾਲਗ ਕੁੜੀ ਨਾਲ ਉਸ ਦੇ ਪਿਓ ਵਲੋਂ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ਨੀਵਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਮਮਲਾ ਦਰਜ ਕਰ ਕੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਸੁਪਰਡੈਂਟ ਸਾਗਰ ਜੈਨ ਨੇ ਦੱਸਿਆ ਕਿ ਸਹਾਰਨਪੁਰ ਜ਼ਿਲ੍ਹੇ ਦੇ ਇਕ ਪਿੰਡ ‘ਚ ਨਾਬਾਲਗ ਕੁੜੀ ਨੇ ਵੀਰਵਾਰ ਨੂੰ ਥਾਣੇ ਪਹੁੰਚ ਕੇ ਆਪਣੇ ਪਿਤਾ ‘ਤੇ ਸ਼ਰਾਬ ਪੀ ਕੇ ਜਬਰ ਜ਼ਿਨਾਹ ਕਰਨ ਦਾ ਦੋਸ਼ ਲਗਾਇਆ। ਜੈਨ ਨੇ ਸ਼ਿਕਾਇਤ ਦੇ ਹਵਾਲੇ ਤੋਂ ਦੱਸਿਆ ਕਿ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਉਸ ਨੇ ਇਸ ਬਾਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਦੱਸਿਆ ਸੀ, ਜਿਸ ‘ਤੇ 2 ਵਾਰ ਪੰਚਾਇਤ ਨੇ ਉਸ ਦੇ ਪਿਤਾ ਨੂੰ ਹਿਦਾਇਤ ਵੀ ਦਿੱਤੀ ਪਰ ਉਸ ਦਾ ਪਿਤਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।
ਸ਼ਿਕਾਇਤਕਰਤਾ ਅਨੁਸਾਰ ਵਿਰੋਧ ਕਰਨ ‘ਤੇ ਪਿਤਾ ਉਸ ਦੀ ਕੁੱਟਮਾਰ ਵੀ ਕਰਦਾ ਸੀ। ਜੈਨ ਨੇ ਦੱਸਿਆ ਕਿ ਪੁਲਸ ਨੇ ਪੀੜਤ ਕੁੜੀ ਦੀ ਮੈਡੀਕਲ ਜਾਂਚ ਕਰਵਾਈ ਅਤੇ ਉਸ ਦੇ ਪਿਤਾ ਵਿਰੁੱਧ ਜਬਰ ਜ਼ਿਨਾਹ ਅਤੇ ਹੋਰ ਸੰਬੰਧਤ ਧਾਰਾਵਾਂ ‘ਚ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਹੈ। ਪੁਲਸ ਅਨੁਸਾਰ ਪੀੜਤਾ ਦੀ ਮਾਂ ਦੀ 10 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।















