ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੀ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ 16 ਸਤੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਡੀ. ਸੀ. ਸਾਕਸ਼ੀ ਸਾਹਨੀ ਵੱਲੋਂ ਸੱਦੀ ਗਈ ਮੀਟਿੰਗ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਬੀ. ਐੱਲ. ਓਜ਼ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ. ਸੀ. ਨੇ ਦੱਸਿਆ ਕਿ ਮੀਟਿੰਗ ਦੌਰਾਨ ਸਾਰੇ ਐੱਸ. ਡੀ. ਐੱਮ., ਤਹਿਸੀਲਦਾਰ, ਸਿੱਖਿਆ ਅਧਿਕਾਰੀ, ਇਸਤਰੀ ਅਤੇ ਬਾਲ ਵਿਕਾਸ, ਪੁਲਸ, ਸਿਹਤ, ਮੰਡੀ ਬੋਰਡ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਸਮੇਤ ਬੀ. ਐੱਲ. ਓਜ਼ ਟੀਮ ਵੱਲੋਂ ਅਜੇ ਤੱਕ ਵੋਟਾਂ ਬਣਾਉਣ ਸਬੰਧੀ ਕੀਤੇ ਕੰਮਾਂ ਦੀ ਰਿਪੋਰਟ ਲਈ ਗਈ ਹੈ।
ਵੋਟਰ ਰਜਿਸਟ੍ਰੇਸ਼ਨ ਦਾ ਇਹ ਆਖਰੀ ਹਫਤਾ ਹੈ ਅਤੇ ਟੀਮ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਮੀਟਿੰਗ ਦੌਰਾਨ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਲੇ ਬੀ. ਐੱਲ. ਓਜ਼ ਦੀ ਵੀ ਪ੍ਰਸ਼ੰਸਾ ਕੀਤੀ ਗਈ।
ਡੀ. ਸੀ. ਨੇ ਦੱਸਿਆ ਕਿ ਮਹਿਲਾ ਵੋਟਰਾਂ ਲਈ ਵੋਟਰ ਨਾਮਜ਼ਦਗੀ ਫਾਰਮ ’ਤੇ ਉਨ੍ਹਾਂ ਦੀ ਫੋਟੋ ਲਗਾਉਣਾ ਜ਼ਰੂਰੀ ਨਹੀਂ ਹੈ, ਸਗੋਂ ਬਦਲ ਹੈ, ਜਿਨ੍ਹਾਂ ਵੋਟਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰੋਗਰਾਮ ਮੁਤਾਬਕ 21 ਅਕਤੂਬਰ ਤੋਂ ਬਾਅਦ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਉਨ੍ਹਾਂ ਨੂੰ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ, ਉਹੀ ਫਾਰਮ ਜ਼ਿਲਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹਨ ਅਤੇ ਲੋਕਾਂ ਨੂੰ ਸਮਾਂ ਹੱਦ ਦੇ ਅੰਦਰ ਉਸ ਨੂੰ ਬੀ. ਐੱਲ. ਓਜ਼ ਜਾਂ ਪਟਵਾਰੀ ਕੋਲ ਜਮ੍ਹਾਂ ਕਰਵਾਇਆ ਜਾ ਸਕਦਾ ਹੈ।















