ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅਪਰਾਧ ਦੀ ਪਛਾਣ ਕਰਨ ਅਤੇ ਇਸ ਨੂੰ ਰੋਕਣ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਦਿੱਲੀ ਪੁਲਸ ਅਤੇ ਰਾਸ਼ਟਰੀ ਰਾਜਧਾਨੀ ਦੀ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਗਸ਼ਤ ਵਧਾਉਣ, ਖਾਸ ਕਰ ਕੇ ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ। ਇਸ ਦੇ ਨਾਲ ਹੀ ਅਦਾਲਤ ਨੇ ਪੁਲਸ ਨੂੰ ਜਨਤਕ ਆਵਾਜਾਈ ਵਾਹਨਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ/ਹੈਲਪਰਾਂ ਦੀ ਸਖ਼ਤੀ ਨਾਲ ਵੈਰੀਫਿਕੇਸ਼ਨ ਕਰਨ ਦਾ ਨਿਰਦੇਸ਼ ਦਿੱਤਾ।
‘ਦਿੱਲੀ-ਐੱਨ. ਸੀ. ਆਰ. ਵਿਚ ਜਬਰ-ਜ਼ਿਨਾਹ ਦੀਆਂ ਹਾਲੀਆ ਘਟਨਾਵਾਂ’ ਸਿਰਲੇਖ ਵਾਲੇ ਆਤਮ-ਜਾਗਰੂਕਤਾ ਮਾਮਲੇ ਦੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਨੇ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਸ਼ਰਾਬ ਦੀਆਂ ਦੁਕਾਨਾਂ ਅਤੇ ਹੋਰ ਅਦਾਰਿਆਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।