ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਅੱਜ ਮਾਨਸਾ ਵਿਚ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਕਰ ਰਹੇ ਹਨ। ਇਹ ਕੈਂਡਲ ਮਾਰਚ ਮਾਨਸਾ ਦੀ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ। ਦੱਸ ਦਈਏ ਕਿ ਇਹ ਉਹੀ ਸਥਾਨ ਹੈ, ਜਿਥੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੋਈ ਸੀ।
ਇਹ ਮਾਰਚ ਪਿੰਡ ਜਵਾਹਰਕੇ ‘ਲਾਸਟ ਰਾਈਡ’ ਵੱਲ ਜਾਵੇਗਾ, ਜਿੱਥੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਇਨਸਾਫ ਵਿਚ ਵਰਤੀ ਜਾ ਰਹੀ ਢਿੱਲ ਨੂੰ ਵੇਖਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਦੱਸ ਦਈਏ ਕਿ ਬੀਤੇ ਦਿਨ ਸਿੱਧੂ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ।















