ਜਲੰਧਰ — ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਬਾਦਲ ਪਰਿਵਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਰਾਜਨੀਤੀ ਨੂੰ ਉੱਪਰ ਕਰਕੇ ਹਮੇਸ਼ਾ ਧਰਮ ਨੂੰ ਹੇਠਾਂ ਹੀ ਕੀਤਾ ਹੈ। ਵਿਧਾਨ ਸਭਾ ਚੋਣਾਂ ਦੌਰਾਨ ਬਾਦਲਾਂ ਨੂੰ ਹਰਾ ਕੇ ਅਸੀਂ ਸ਼੍ਰੋਮਣੀ ਕਮੇਟੀ ਨੂੰ ਵੀ ਬਾਦਲਾਂ ਤੋਂ ਆਜ਼ਾਦ ਕਰਾਵਾਂਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਕੋਈ ਵੀ ਚੋਣ ਨਹੀਂ ਲੜਨਗੇ ਸਗੋਂ ਨੌਜਵਾਨਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਇਹ ਵਾਅਦਾ ਹੈ ਕਿ ਜਿਹੜਾ ਵੀ ਸਾਡਾ ਕੋਈ ਮੈਂਬਰ ਸ਼੍ਰੋਮਣੀ ਕਮੇਟੀ ਦੀ ਚੋਣ ਲੜੇਗਾ, ਉਹ ਪਾਲੀਟਿਕਲ ਚੋਣ ਨਹੀਂ ਲੜੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਤੋਂ ਵਰਕਰ ਬੇਹੱਦ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਪਾਰਟੀ ਦੇ ਵਰਕਰ ਉਨ੍ਹਾਂ ਦੇ ਨਾਲ ਜੁੜੇ ਹੋਏ ਹਨ।
ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਦੇ ਆਗੂ ਰਾਜਿੰਦਰ ਸਿੰਘ ਸੰਦਲ ਨੂੰ ਆਪਣੀ ਪਾਰਟੀ ’ਚ ਸ਼ਾਮਲ ਕਰਵਾਇਆ। ਇਥੇ ਦੱਸ ਦੇਈਏ ਕਿ ਰਾਜਿੰਦਰ ਸਿੰਘ 1983 ਵਿਚ ਯੂਥ ਅਕਾਲੀ ਦਲ ਦੇ ਨਾਲ ਜੁੜੇ ਹੋਏ ਸਨ ਜੋਕਿ ਹੁਣ ਅਕਾਲੀ ਦਲ ਸੰਯੁਕਤ ਵਿਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੇਅ ਕਮਿਸ਼ਨ ਦੇ ਮੁੱਦੇ ’ਤੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਪੇਅ ਕਮਿਸ਼ਨ ’ਤੇ ਸਾਰੇ ਖ਼ਦਸ਼ੇ ਦੂਰ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿੰਨੀਆਂ ਸੀਟਾਂ ’ਤੇ ਚੋਣ ਲੜਨੀ ਹੈ, ਇਹ ਫਿਲਹਾਲ ਇਲੈਕਸ਼ਨ ਨੇੜੇ ਆਉਣ ’ਤੇ ਹੀ ਤੈਅ ਕੀਤਾ ਜਾਵੇਗਾ। ਕਿਸੇ ਪਾਰਟੀ ਨਾਲ ਗਠਜੋੜ ਕਰਨਾ ਹੈ ਜਾਂ ਨਹੀਂ, ਇਹ ਵੀ ਹਾਲੇ ਤੈਅ ਨਹੀਂ ਹੈ।















