ਸੁਖਬੀਰ ਬਾਦਲ ‘ਸਾਜ਼ਿਸ਼’ ਦੇ ਇਲਜ਼ਾਮ ਅਕਾਲ ਤਖ਼ਤ ਸਾਹਿਬ ‘ਤੇ ਸਾਬਤ ਕਰਨ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਤਾਜ਼ਾ ਬਿਆਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਸੁਣਾਈ ਗਈ ਧਾਰਮਿਕ ਤਨਖ਼ਾਹ (ਸੇਵਾ) ਨੂੰ ਇਕ ‘ਸਾਜ਼ਿਸ਼’ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਿਆਦਾਵਾਂ ਅਤੇ ਪੰਥਕ ਪਰੰਪਰਾਵਾਂ ਦੀ ਘੋਰ ਉਲੰਘਣਾ ਹੈ। ਜਥੇਦਾਰ ਨੇ ਸਪੱਸ਼ਟ ਕੀਤਾ ਕਿ 2 ਦਸੰਬਰ ਦਾ ਫੈਸਲਾ ਕਿਸੇ ਨਿੱਜੀ ਰੰਜਿਸ਼ ਤਹਿਤ ਨਹੀਂ, ਸਗੋਂ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਸੰਗਤ ਦੀ ਕਚਹਿਰੀ ਵਿਚ ਖੁਦ ਕਬੂਲ ਕੀਤੇ ਗਏ ਗੁਨਾਹਾਂ ਦੇ ਅਧਾਰ ‘ਤੇ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਸਾਰੀ ਲੀਡਰਸ਼ਿਪ ਨੇ ਮਾਈਕ ਫੜ ਕੇ ਸੰਗਤ ਦੇ ਸਾਹਮਣੇ ਆਪਣੀਆਂ ਭੁੱਲਾਂ ਮੰਨੀਆਂ ਸਨ ਅਤੇ ਲੱਗੀ ਹੋਈ ਸੇਵਾ ਵੀ ਨਿਭਾਈ ਸੀ ਪਰ ਹੁਣ ਸੇਵਾ ਪੂਰੀ ਹੋਣ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁੱਕਰ ਜਾਣਾ ਅਤੇ ਇਸ ਨੂੰ ਸਾਜ਼ਿਸ਼ ਦੱਸਣਾ ਮੰਦਭਾਗਾ ਹੈ।
ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਦਿਨ ਮੁਕੱਰਰ ਕਰ ਲੈਣ ਅਤੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ। ਉੱਥੇ ਗੁਰੂ ਸਾਹਿਬ ਦੇ ਪ੍ਰਕਾਸ਼ ਅਤੇ ਪੰਜ ਸਿੰਘ ਸਾਹਿਬਾਨ ਦੀ ਹਜ਼ੂਰੀ ਵਿਚ ਉਹ ਇਹ ਸਾਬਤ ਕਰਨ ਕਿ ਇਹ ਫੈਸਲਾ ਕਿਸੇ ਸਾਜ਼ਿਸ਼ ਦਾ ਹਿੱਸਾ ਸੀ। ਜਥੇਦਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੇਕਰ ਇਹ ਸਾਜ਼ਿਸ਼ ਸਾਬਤ ਹੁੰਦੀ ਹੈ ਤਾਂ ਪੰਥ ਜੋ ਵੀ ਸਜ਼ਾ ਉਨ੍ਹਾਂ ਨੂੰ ਲਗਾਏਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਅਖੀਰ ਵਿਚ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ ਅਤੇ ਇਸ ‘ਤੇ ਉਂਗਲ ਉਠਾਉਣਾ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ।