ਜ਼ੀਰਕਪੁਰ : ਬਲਟਾਣਾ ਖੇਤਰ ’ਚ ਸੈਰ ਕਰਨ ਗਈ ਇਕ ਔਰਤ ’ਤੇ ਅਵਾਰਾ ਕੁੱਤੇ ਨੇ ਹਮਲਾ ਕਰ ਦਿੱਤਾ। ਕੁੱਤੇ ਦੇ ਵੱਢਣ ਕਾਰਨ ਔਰਤ ਜ਼ਖ਼ਮੀ ਹੋ ਗਈ। ਜ਼ਖ਼ਮੀ ਦੀ ਪਛਾਣ ਜੀਵੰਤੀ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮੌਕੇ ’ਤੇ ਲੋਕਾਂ ਅਨੁਸਾਰ ਜੀਵੰਤੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸੈਰ ਕਰ ਰਹੀ ਸੀ ਕਿ ਇਸ ਦੌਰਾਨ ਅਵਾਰਾ ਕੁੱਤੇ ਨੇ ਅਚਾਨਕ ਉਸ ’ਤੇ ਹਮਲਾ ਕਰ ਦਿੱਤਾ। ਉਸ ਦੀਆਂ ਚੀਕਾਂ ਸੁਣ ਕੇ ਨੇੜੇ ਮੌਜੂਦ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਤੇ ਉਸ ਨੂੰ ਕੁੱਤੇ ਤੋਂ ਛੁਡਵਾਇਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਬਲਟਾਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਅਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਵੇਰੇ-ਸ਼ਾਮ ਸੈਰ ਕਰਨ ਵਾਲੇ ਲੋਕ, ਸਕੂਲੀ ਬੱਚੇ ਅਤੇ ਬਜ਼ੁਰਗ ਖ਼ੌਫ਼ ਦੇ ਮਾਹੌਲ ’ਚ ਘਰਾਂ ਤੋਂ ਬਾਹਰ ਨਿਕਲਣ ਲਈ ਮਜਬੂਰ ਹਨ। ਲੋਕਾਂ ਦਾ ਦੋਸ਼ ਹੈ ਕਿ ਇਸ ਸਬੰਧੀ ਕੌਂਸਲ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਸਮੱਸਿਆ ਦਾ ਅਜੇ ਤੱਕ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ। ਇਲਾਕਾ ਵਾਸੀਆਂ ਨੇ ਕੌਂਸਲ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਨੂੰ ਫੜ੍ਹਨ, ਨਸਬੰਦੀ ਤੇ ਟੀਕਾਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।















