ਸੋਨੀਆ ਗਾਂਧੀ, ਰਾਹੁਲ ਸਣੇ ਕਈ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਹੋਏ ਭਾਵੁਕ

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੀ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਕਈ ਚੋਟੀ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਸ਼ਰਧਾਂਜਲੀ ਭੇਂਟ ਦਿੱਤੀ।
ਸਾਬਕਾ ਪ੍ਰਧਾਨ ਮੰਤਰੀ ਦੀ ਤਿਰੰਗੇ ਨਾਲ ਸਜੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਫੁੱਲਾਂ ਨਾਲ ਸਜੇ ਤਾਬੂਤ ਵਿੱਚ ਰੱਖਿਆ ਗਿਆ ਸੀ, ਜਿੱਥੇ ਵੱਖ-ਵੱਖ ਪਾਰਟੀ ਦੇ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਸਿੰਘ ਦੀ ਤਿਰੰਗੇ ਨਾਲ ਸਜੀ ਮ੍ਰਿਤਕ ਦੇਹ ਕੋਲ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹਨ।
ਸੂਤਰਾਂ ਨੇ ਦੱਸਿਆ ਕਿ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਪਰਿਵਾਰ ਅਮਰੀਕਾ ਤੋਂ ਉਨ੍ਹਾਂ ਦੀ ਇਕ ਬੇਟੀ ਦੇ ਆਉਣ ਦੀ ਉਡੀਕ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਉਪ ਪ੍ਰਧਾਨ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਢਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਸਮੇਤ ਚੋਟੀ ਦੇ ਕਾਂਗਰਸ ਨੇਤਾਵਾਂ ਨੇ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।
ਦੱਸਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਮਨਮੋਹਨ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਭਰਤੀ ਕਰਵਾਇਆ ਗਿਆ ਸੀ।
ਵੀਰਵਾਰ ਦੇਰ ਰਾਤ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਏਮਜ਼ ਤੋਂ ਉਨ੍ਹਾਂ ਦੇ ਘਰ ਲਿਜਾਇਆ ਗਿਆ। ਕਾਂਗਰਸ ਨੇਤਾ ਸਿੰਘ 2004 ਤੋਂ 2014 ਤੱਕ 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿੱਤ ਮੰਤਰੀ ਵਜੋਂ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕੀਤੀ। ਉਹ ਗਲੋਬਲ ਵਿੱਤੀ ਅਤੇ ਆਰਥਿਕ ਖੇਤਰਾਂ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਸੀ।