ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਵੱਛ ਸਰਵੇਖਣ 2025-26 ’ਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰ ਦਾ ਮਾਣ ਹਾਸਲ ਕੀਤਾ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੌਰਾਨ ਕੀਤੇ ਗਏ ਸਫ਼ਾਈ ਅਤੇ ਪ੍ਰਬੰਧਾਂ ਨੂੰ ਇਸ ਪ੍ਰਾਪਤੀ ਦਾ ਆਧਾਰ ਦੱਸਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਪੂਰੇ ਪੰਜਾਬ ’ਚ ਲਾਗੂ ਕੀਤਾ ਜਾਵੇਗਾ। ਇਸ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ਨੂੰ ਸਫ਼ਾਈ ਪੱਖੋਂ ਆਦਰਸ਼ ਸ਼ਹਿਰਾਂ ਵਜੋਂ ਵਿਕਸਤ ਕੀਤਾ ਜਾਵੇਗਾ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ’ਚ 2,000 ਤੋਂ ਵੱਧ ਕੂੜੇ ਦੇ ਡੰਪਿੰਗ ਸਥਾਨਾਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ’ਚੋਂ 1,300 ਤੋਂ ਵੱਧ ਥਾਵਾਂ ਦੀ ਸਫ਼ਾਈ ਕਰਵਾਈ ਜਾ ਚੁੱਕੀ ਹੈ। ਸਾਰੇ ਪ੍ਰਮੁੱਖ ਸ਼ਹਿਰਾਂ ’ਚ ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ। ਉੱਥੇ ਹੀ, ਅੰਮ੍ਰਿਤਸਰ ’ਚ ਜੀ.ਪੀ.ਐੱਸ. ਆਧਾਰਤ ਅਤਿ-ਆਧੁਨਿਕ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਸ ਰਾਹੀਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਅਤੇ ਸਫ਼ਾਈ ਵਿਵਸਥਾ ਦੀ ਰੀਅਲ ਟਾਈਮ ਨਿਗਰਾਨੀ ਕੀਤੀ ਜਾ ਰਹੀ ਹੈ।