ਸ੍ਰੀ ਕੀਰਤਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਕੌਮੀ ਮਾਰਗ ’ਤੇ ਪਿੰਡ ਨੱਕੀਆਂ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਨੌਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਜਾਣਕਾਰੀ ਦਿੰਦੇ ਹੋਏ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਜਾਂਚ ਅਧਿਕਾਰੀ ਹੌਲਦਾਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਕੀਰਤਪੁਰ ਸਾਹਿਬ ਦੀ ਸਾਈਡ ਤੋਂ ਸ੍ਰੀ ਅਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ।
ਪਿੰਡ ਨੱਕੀਆਂ ਨਜ਼ਦੀਕ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਤੋਂ ਸਲਿਪ ਹੋ ਗਿਆ ਅਤੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਸੜਕ ਦੀ ਸਾਈਡ ’ਤੇ ਖੜੇ ਇਕ ਟੈਂਪੂ ਦੇ ਨਾਲ ਜਾ ਟਕਰਾਇਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ‘ਤੇ ਇਕੱਠੇ ਹੋਏ ਲੋਕਾਂ ਵੱਲੋਂ ਇਲਾਜ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਡਿਊਟੀ ‘ਤੇ ਮੌਜੂਦ ਡਾਕਟਰ ਵੱਲੋਂ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ ਗਿਆ। ਜਦਕਿ ਮੋਟਰਸਾਈਕਲ ਚਲਾ ਰਹੇ ਨੌਜਵਾਨ ਸੁਖਵਿੰਦਰ ਸਿੰਘ ਦੇ ਮਾਮੂਲੀ ਸੱਟਾਂ ਲੱਗੀਆਂ। ਮ੍ਰਿਤਕ ਨੌਜਵਾਨ ਦੀ ਪਛਆਣ ਦਿਲਕਰਨ ਸਿੰਘ (21) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਬੁੱਧ ਸਿੰਘ ਆਲਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਹ ਹਾਦਸਾ ਅਚਾਨਕ ਵਾਪਰਿਆ ਹੈ ਇਸ ਵਿਚ ਕਿਸੇ ਦੀ ਵੀ ਕੋਈ ਗਲਤੀ ਨਹੀਂ ਹੈ ਇਸ ਲਈ ਉਹ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕਰਾਉਣਾ ਚਾਹੁੰਦੇ ਜਿਸ ਤੋਂ ਬਾਅਦ ਪੁਲਸ ਵੱਲੋਂ ਬਿਨਾਂ ਕੋਈ ਕਾਰਵਾਈ ਕੀਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।















