ਅੰਮ੍ਰਿਤਸਰ: ਭਾਜਪਾ ਦੇ ਨਵ-ਨਿਯੁਕਤ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਨਿਮਾਣੇ ਸ਼ਰਧਾਲੂਆਂ ਵਾਂਗ ਗੁਰੂ ਘਰ ਦੀ ਪਰਿਕਰਮਾ ਕਰਦੇ ਹੋਏ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਗੁਰੂ ਘਰ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਨਾਲ ਹੀ ਦੋਵਾਂ ਆਗੂਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਦੇ ਹੋਏ ਢਾਡੀ ਸਿੰਘਾਂ ਨੂੰ ਸੇਵਾ ਵੀ ਦਿੱਤੀ। ਇਸ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ‘ਤੇ ਇਸ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕੀਤੇ ਹਨ, ਜੋ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਬਹੁਤ ਹੀ ਯਾਦਗਾਰ ਦਿਨ ਹੋਵੇਗਾ । ਉਨ੍ਹਾਂ ਦੱਸਿਆ ਕਿ ਗੁਰੂ ਘਰ ਦਾ ਅਸ਼ੀਰਵਾਦ ਲੈਣ ਉਪਰੰਤ ਉਹ ਆਪਣੇ ਦਫਤਰੀ ਕੰਮ ਕਾਜ ਸ਼ੁਰੂ ਕਰਦੇ ਹੀ ਪੰਜਾਬ ਦੀ ਬਿਹਤਰੀ ਲਈ ਰੁਕੇ ਹੋਏ ਕੰਮਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕਰਨਗੇ । ਉਨ੍ਹਾਂ ਕਿਹਾ ਪੰਜਾਬ ਦੇ ਵਪਾਰੀ ਵਰਗ ਅਤੇ ਹੋਰ ਲੋਕਾਂ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾ ਕੇ ਸਾਰੇ ਮਸਲੇ ਹੱਲ ਕਰਵਾਉਣ ਲਈ ਦਿਲੋਂ ਮਿਹਨਤ ਕਰਨਗੇ।
ਦੱਸ ਦੇਈਏ ਆਪਣੇ-ਆਪਣੇ ਅਹੁੱਦੇ ਸੰਭਾਲਣ ਮਗਰੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸ੍ਰੀ ਦਰਬਾਰ ਸਾਹਿਬ ਦਾ ਪਹਿਲਾਂ ਦੌਰਾ ਹੈ। ਇਸ ਲਈ ਦੋਵਾਂ ਆਗੂਆਂ ਲਈ ਅੱਜ ਦਾ ਦਿਨ ਅਹਿਮ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਵੇਤ ਮਲਿਕ, ਭਾਜਪਾ ਆਗੂ ਡਾਕਟਰ ਹਰਵਿੰਦਰ ਸਿੰਘ ਸੰਧੂ ,ਅਮਰਪਾਲ ਸਿੰਘ ਬੋਨੀ ਅਜਨਾਲਾ, ਹਰਜਿੰਦਰ ਸਿੰਘ ਠੇਕੇਦਾਰ, ਗੁਰ ਪ੍ਰਤਾਪ ਸਿੰਘ ਟਿੱਕਾ ਤੋਂ ਇਲਾਵਾ ਆਗੂ ਵੀ ਦਿਖਾਈ ਦਿੱਤੇ।
ਮੱਥਾ ਟੇਕਣ ਤੋਂ ਬਾਅਦ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ ਨੇ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ਵਿਖੇ ਜਾ ਕੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਇਸ ਉਪਰੰਤ ਇਹ ਆਗੂ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ੍ਰੀ ਲਖਸ਼ਮੀ ਨਰਾਇਣ ਮੰਦਿਰ ਵਿਖੇ ਵੀ ਦਰਸ਼ਨ ਕਰਨ ਪਹੁੰਚੇ। ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਵਿਖੇ ਤਿੰਨਾਂ ਦਰਬਾਰਾਂ ਦੇ ਦਰਸ਼ਨ ਕਰਨ ਉਪਰੰਤ ਆਗੂਆਂ ਨੂੰ ਸ੍ਰੀ ਦੁਰਗਿਆਨਾ ਤੀਰਥ ਕਮੇਟੀ ਦੇ ਦਫਤਰ ਵਿਖੇ ਸਨਮਾਨਿਤ ਵੀ ਕੀਤਾ ਗਿਆ। ਜਾਣਕਾਰੀ ਮੁਤਾਬਕ ਅੱਜ ਕੇਵਲ ਸਿੰਘ ਢਿੱਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।















