ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ MP ਮਨੀਸ਼ ਤਿਵਾੜੀ, ਪੰਜਾਬ ਦੀ ਚੜਦੀ ਕਲਾ ਲਈ ਕੀਤੀ ਅਰਦਾਸ

ਅੰਮ੍ਰਿਤਸਰ- ਪੰਜਾਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਦੇ ਚਰਨਾਂ ਵਿੱਚ ਪੰਜਾਬ ਵਾਸੀਆਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਹਿਗੁਰੂ ਜੀ ਦੇ ਦਰਸ਼ਨ ਕਰਨ ਲਈ ਆਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ 2026 ਦਾ ਸਾਲ ਪੂਰੀ ਦੁਨੀਆ ਲਈ ਅਤੇ ਖ਼ਾਸ ਕਰਕੇ ਪੰਜਾਬ ਲਈ ਖੁਸ਼ੀਆਂ ਭਰਿਆ ਹੋਵੇ। ਉਨ੍ਹਾਂ ਆਖਿਆ ਕਿ ਅੱਜਕੱਲ੍ਹ ਹਰ ਪਾਸੇ ਲੜਾਈ ਅਤੇ ਅਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਲਈ ਉਹ ਸਰਬੱਤ ਦੀ ਭਲਾਈ ਲਈ ਅਰਦਾਸ ਕਰਨ ਪੁੱਜੇ ਹਨ, ਤਾਂ ਜੋ ਮੁਲਕ ਅਤੇ ਪੰਜਾਬ ਸਦਾ ਚੜਦੀ ਕਲਾ ਵਿਚ ਰਹੇ।