ਅੰਮ੍ਰਿਤਸਰ – ਨਵਾਂ ਬਣਿਆ ਅਕਾਲੀ ਦਲ ਤੇ ਬਸਪਾ ਦਾ ਗਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਹੂੰਝਾ ਫੇਰ ਜਿੱਤ ਦਰਜ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੋਰ ਵੀ ਹਮਖਿਆਲੀ ਪਾਰਟੀਆਂ ਜਲਦੀ ਹੀ ਅਕਾਲੀ ਦਲ ਤੇ ਬਸਪਾ ਦੇ ਇਸ ਗਠਜੋੜ ਦਾ ਹਿੱਸਾ ਬਣਨਗੀਆਂ। ਇਹ ਗੱਲ ਸ. ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕੇ ਦੇ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ 700 ਕੁਇੰਟਲ ਕਣਕ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮਜੀਠੀਆ ਨੇ ਕਿਹਾ ਕਿ ਇਕ ਸਮਾਨ ਵਿਚਾਰਧਾਰਾ ਵਾਲੀਆਂ ਦੋ ਵੱਡੀਆਂ ਪਾਰਟੀਆਂ ਇਕ ਮੁਹਾਜ਼ ’ਤੇ ਇਕੱਠੀਆਂ ਹੋਈਆਂ ਹਨ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਇਸਦਾ ਨਤੀਜਾ ਇਹ ਨਿਕਲੇਗਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗਠਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਦੋ ਮਨਾਂ ਦਾ ਸੁਮੇਲ ਹੈ। ਦੋਵਾਂ ਪਾਰਟੀਆਂ ਨੇ ਸੰਸਦ ਵਿੱਚ ਤਿੰਨ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕੀਤਾ ਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਤਾਂ ਇਸ ਮਾਮਲੇ ਵਿੱਚ ਮੰਤਰੀ ਮੰਡਲ ਤੋਂ ਅਸਤੀਫਾ ਵੀ ਦੇ ਦਿੱਤਾ ਤੇ ਅਕਾਲੀ ਦਲ ਐੱਨ. ਡੀ. ਏ. ਦੀ ਭਾਈਵਾਲੀ ਛੱਡ ਗਿਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਤੇ ‘ਆਪ’ ਨੇ ਵਾਕਆਊਟ ਕਰਦਿਆਂ ਸਿਰਫ਼ ਸੰਕੇਤਕ ਵਿਰੋਧ ਕੀਤਾ ਜਦਕਿ ਅਸਲ ਵਿੱਚ ਵਾਕਆਊਟ ਕਰ ਕੇ ਭਾਜਪਾ ਦਾ ਸਿੱਧੇ ਤੌਰ ’ਤੇ ਫ਼ਾਇਦਾ ਕੀਤਾ।
ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਕਿਸਾਨਾਂ ਦੇ ਨਾਲ-ਨਾਲ ਦਲਿਤਾਂ ਤੇ ਮੁਲਾਜ਼ਮਾਂ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨਿਸ਼ਾਨਾ ਬਣਾ ਰਹੀ ਹੈ, ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਵਾਸਤੇ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅਸੀਂ ਆਉਂਦੇ ਦਿਨਾਂ ਵਿੱਚ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਸੰਘਰਸ਼ ਤੇਜ਼ ਕਰਾਂਗੇ। ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਵੇਂ ਭ੍ਰਿਸ਼ਟ ਮੰਤਰੀਆਂ ਦਾ ਬਚਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਧਰਮਸੌਤ ਨੂੰ ਉਸਦੇ ਵਿਭਾਗ ਦੇ ਐਡੀਸ਼ਨਨ ਚੀਫ ਸੈਕਟਰੀ ਨੇ ਐੱਸ. ਸੀ. ਸਕਾਲਰਸ਼ਿਪ ਦੇ 65 ਕਰੋੜ ਰੁਪਏ ਦੇ ਘਪਲੇ ਦਾ ਦੋਸ਼ੀ ਠਹਿਰਾਇਆ ਹੈ, ਉੱਥੇ ਬਲਬੀਰ ਸਿੱਧੂ ਵੈਕਸੀਨ ਤੇ ਫਤਿਹ ਕਿੱਟ ਘਪਲੇ ਲਈ ਜ਼ਿੰਮੇਵਾਰ ਹਨ।
ਸ. ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਤੇ ਕੇਂਦਰ ਦੀ ਸਰਕਾਰ ਕਿਸਾਨਾਂ ਖ਼ਿਲਾਫ਼ ਵਿਤਕਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਸਰਕਾਰ ਨੇ ਕਿਸਾਨਾਂ ਤੇ ਉਨ੍ਹਾਂ ਦੀ 3 ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ, ਉੱਥੇ ਪੰਜਾਬ ਸਰਕਾਰ ਵਾਰ ਵਾਰ ਡੀਜ਼ਲ ’ਤੇ ਵੈਟ ਵਿੱਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰਅ ਨੁੰ ਸਿਰਫ਼ ਵੈਟ ਵਿੱਚ ਵਾਧੇ ਤੋਂ 2000 ਕਰੋੜ ਰੁਪਏ ਦੀ ਵਾਧੂ ਆਮਦਨ ਹੋਈ ਹੈ।















