ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਦਸੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਰਾਜ਼ਗੀ ਦੀਆਂ ਖ਼ਬਰਾਂ ਵਿਚਾਲੇ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ 23 ਦਸੰਬਰ ਨੂੰ ਮੀਟਿੰਗ ਰੱਖੀ ਗਈ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ। ਦੱਸ ਦੇਈਏ ਪਹਿਲੀ ਮੀਟਿੰਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੁਝੇਵਿਆਂ ਦਾ ਹਵਾਲਾ ਦੇ ਕੇ ਰੱਦ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਦਸੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਬੀਤੇ ਦਿਨੀਂ ਜੋ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਜੋ ਫੈਸਲੇ ਲਏ ਗਏ ਸਨ ਕਿ ਉਹ ਹੁਣ ਉਸੇ ਤਰ੍ਹਾਂ ਹੀ ਰਹਿਣਗੇ ਜਾਂ ਫਿਰ ਉਨ੍ਹਾਂ ਫੈਸਲਿਆਂ ‘ਚ ਬਦਲਾਅ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਅੰਤ੍ਰਿਗ ਕਮੇਟੀ ‘ਚ ਕੋਈ ਹੋਰ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਿਛਲੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ‘ਤੇ ਰਿਸ਼ਤੇਦਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤੇ ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ। ਇਸ ਜਾਂਚ ਦੌਰਾਨ ਉਨ੍ਹਾਂ ਤੋਂ ਚਾਰਜ ਵਾਪਸ ਲੈ ਲਿਆ ਗਿਆ ਸੀ। ਇਸ ਮੀਟਿੰਗ ਵਿਚ ਵੀ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਚਰਚਾ ਸੀ, ਪਰ ਇਕ ਦਿਨ ਪਹਿਲਾਂ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ।















