ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ

ਚੰਡੀਗੜ੍ਹ/ਹੁਸ਼ਿਆਰਪੁਰ – ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐੱਮ. ਪੀ. ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ਭਗਤ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਵੀ ‘ਆਪ’ ਵਿਚ ਸ਼ਾਮਲ ਹੋ ਗਏ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੁਸ਼ਿਆਰਪੁਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ ਨੇ ਦੋਆਬੇ ਦੇ ਆਗੂਆਂ ਦਾ ਰਸਮੀ ਤੌਰ ’ਤੇ ਪਾਰਟੀ ਵਿਚ ਸੁਆਗਤ ਕੀਤਾ।
ਚੀਮਾ ਨੇ ਬੱਬੀ ਚੌਧਰੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਬੱਬੀ ਚੌਧਰੀ ਹੁਸ਼ਿਆਰਪੁਰ ਨਿਗਮ ਦੇ ਮੇਅਰ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਿਚੋਂ ਕਮਲ ਚੌਧਰੀ 4 ਵਾਰ ਲੋਕ ਸਭਾ ਮੈਂਬਰ ਅਤੇ ਚਾਚਾ ਬਲਬੀਰ ਸਿੰਘ ਵਿਧਾਇਕ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ।