ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਵਿਰੁੱਧ ਕਾਰਵਾਈ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਤੋਂ ਸੋਮਵਾਰ ਇਨਕਾਰ ਕਰ ਦਿੱਤਾ। ਇਨ੍ਹਾਂ ਪਟੀਸ਼ਨਾਂ ’ਚ ਉਸ ਵਾਇਰਲ ਵੀਡੀਓ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜਿਸ ’ਚ ਸਰਮਾ ਕਥਿਤ ਤੌਰ ’ਤੇ ਇਕ ਖਾਸ ਭਾਈਚਾਰੇ ਦੇ ਮੈਂਬਰਾਂ ਵੱਲ ਨਿਸ਼ਾਨਾ ਬਣਾਉਂਦੇ ਤੇ ਫਾਇਰਿੰਗ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਲਿਆ ਬਾਗਚੀ ਤੇ ਜਸਟਿਸ ਵਿਪੁਲ ਐੱਮ. ਪੰਚੋਲੀ ਦੀ ਬੈਂਚ ਨੇ ਪਟੀਸ਼ਨਕਰਤਾਵਾਂ ਨੂੰ ਆਪਣੀ ਸ਼ਿਕਾਇਤ ਨੂੰ ਗੁਹਾਟੀ ਹਾਈ ਕੋਰਟ ’ਚ ਲਿਜਾਣ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਵੀ ਮਾਮਲੇ ਦੀ ਸੁਣਵਾਈ ਤੇਜ਼ ਕਰਨ ਲਈ ਕਿਹਾ। ਬੈਂਚ ਨੇ ਪਟੀਸ਼ਨਕਰਤਾਵਾਂ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਗੁਹਾਟੀ ਹਾਈ ਕੋਰਟ ਕਿਉਂ ਨਹੀਂ ਗਏ? ਉਸ ਦੀ ਸ਼ਕਤੀ ਨੂੰ ਘੱਟ ਨਾ ਸਮਝੋ। ਅਸੀਂ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਸੰਵਿਧਾਨਕ ਨੈਤਿਕਤਾ ਦੀਆਂ ਹੱਦਾਂ ਅੰਦਰ ਰਹਿਣ ਦੀ ਤਾਕੀਦ ਕਰਦੇ ਹਾਂ ਪਰ ਚੋਣਾਂ ਤੋਂ ਠੀਕ ਪਹਿਲਾਂ ਅਦਾਲਤ ’ਚ ਜਾਣਾ ਇਕ ਰੁਝਾਨ ਬਣਦਾ ਜਾ ਰਿਹਾ ਹੈ।
ਇਹ ਇਕ ਚਿੰਤਾਜਨਕ ਰੁਝਾਨ ਹੈ। ਅਦਾਲਤ ਨੂੰ ਖੇਡ ਦਾ ਮੈਦਾਨ ਨਾ ਬਣਾਓ। ਅਸੀਂ ਪਹਿਲਾਂ ਹੀ ਹਾਈ ਕੋਰਟਾਂ ਨੂੰ ਵਾਤਾਵਰਣ ਤੇ ਵਪਾਰਕ ਮੁਕੱਦਮੇਬਾਜ਼ੀ ਤੋਂ ਵਾਂਝਾ ਕਰ ਦਿੱਤਾ ਹੈ। ਸੁਣਵਾਈ ਦੌਰਾਨ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸਰਮਾ ਆਦਤਨ ਤੇ ਵਾਰ-ਵਾਰ ਅਜਿਹੀਆਂ ਗੱਲਾਂ ਕਰਨ ਦੇ ਆਦੀ ਹਨ। ਅਦਾਲਤ ਨੂੰ ਇਸ ਮਾਮਲੇ ’ਤੇ ਵਿਚਾਰ ਕਰਨਾ ਚਾਹੀਦਾ ਹੈ।















