ਰੱਖੜਾ/ਪਟਿਆਲਾ : ਕਾਂਗਰਸ ਪਾਰਟੀ ਦੀ ਫੁੱਟ ਪਾਓ ਤੇ ਰਾਜ ਕਰੋ ਦੀ ਨੀਤੀ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਕਾਂਗਰਸ ਦਾ ਇਹ ਇਤਿਹਾਸ ਰਿਹਾ ਹੈ ਕਿ ਇਹ ਪਾਰਟੀ ਪੰਜਾਬ ਵਿੱਚ ਸੱਤਾ ਹਾਸਲ ਕਰਨ ਲਈ ਸਦੀਆਂ ਤੋਂ ਭਰਾਵਾਂ ਵਾਂਗ ਰਹਿ ਰਹੇ ਹਿੰਦੂ-ਸਿੱਖਾਂ ਵਿੱਚ ਫਿਰਕੂ ਪਾੜਾ ਪਾਉਣ ਦੀਆਂ ਚਾਲਾਂ ਚੱਲਦੀ ਆਈ ਹੈ ਅਤੇ ਹੁਣ ਫਿਰ ਕਾਂਗਰਸ ਇਹ ਨੀਤੀ ਅਪਣਾਉਣ ਦੇ ਯਤਨਾਂ ਵਿੱਚ ਹੈ।
ਅੱਜ ਇਥੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਦੇ ਪਿਤਾ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਦੀ 19ਵੀਂ ਬਰਸੀ ਮੌਕੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀ ਇਸ ਨੀਤੀ ਨੇ ਪੰਜਾਬ ਵਰਗੇ ਖੁਸ਼ਹਾਲ ਸੂਬੇ ਨੂੰ ਕਈ ਸਾਲ ਪਿੱਛੇ ਧੱਕ ਦਿੱਤਾ ਸੀ ਪਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੇ ਸਭ ਤੋਂ ਪਹਿਲਾਂ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਕਰਕੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਂਦਾ ਅਤੇ ਸਾਡੀ ਇਹੀ ਸਫ਼ਲਤਾ ਵਿਰੋਧੀਆਂ ਨੂੰ ਚੁੱਭਦੀ ਹੈ ਜਿਸ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਲਾਂਬੂ ਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲੇ ਮਾਹੌਲ ਵਿੱਚ ਜ਼ਹਿਰ ਘੋਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਦਕਿ ਸਿਆਸੀ ਪਾਰਟੀਆਂ ਨੂੰ ਸਿਆਸੀ ਮੰਚ ‘ਤੇ ਹੀ ਲੜਾਈ ਲੜਨੀ ਸ਼ੋਭਦੀ ਹੈ।
ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੇ ਵਾਸੀਆਂ ਨੂੰ ਆਗਾਹ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਨੇ ਪਹਿਲਾਂ ਹੀ 15 ਸਾਲ ਦੇ ਲਗਭਗ ਦਾ ਸਮਾਂ ਕਾਲੇ ਦੌਰ ਵਿੱਚ ਹੰਢਾਇਆ ਹੈ ਅਤੇ ਓਹੀ ਤਾਕਤਾਂ ਮੁੜ ਸੂਬੇ ਨੂੰ ਉਸੇ ਦੌਰ ਵਿੱਚ ਧੱਕਣ ਦੀ ਤਾਕ ਵਿੱਚ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੀ ਅਮਨ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਕਿਸੇ ਵੀ ਕੀਮਤ ‘ਤੇ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ ਕਿਉਂਕਿ ਅਮਨ-ਅਮਾਨ ਤੋਂ ਬਿਨਾਂ ਕਿਸੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।
ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨਾਲ ਸਮੁੱਚੀ ਮਨੁੱਖਤਾ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਮੰਤਰੀ ਮੰਡਲ ਨੇ ਇਸ ਬੱਜਰ ਗੁਨਾਹ ਦੇ ਦੋਸ਼ੀਆਂ ਨੂੰ ਕਰੜੀ ਸਜ਼ਾ ਦੇਣ ਲਈ ਕਾਨੂੰਨ ਵਿੱਚ ਸੋਧ ਕਰਕੇ ਉਮਰ ਕੈਦ ਦੀ ਵਿਵਸਥਾ ਕਰ ਦਿੱਤੀ ਹੈ।
ਅਕਾਲੀ-ਭਾਜਪਾ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੋਵਾਂ ਪਾਰਟੀਆਂ ਦਾ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਉਹ ਇਸ ਰਿਸ਼ਤੇ ਦੀ ਮਜ਼ਬੂਤੀ ਲਈ ਵਚਨਬੱਧਤਾ ਨਾਲ ਪਹਿਰਾ ਦਿੰਦੇ ਰਹਿਣਗੇ।
ਕਿਸਾਨੀ ਸੰਕਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਕੋਲ ਵੀ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਉਠਾਉਂਦਿਆਂ ਖੇਤੀ ਸੈਕਟਰ ਨੂੰ ਮੁੜ ਪੈਰਾਂ ਸਿਰ ਕਰਨ ਲਈ ਕੇਂਦਰ ਸਰਕਾਰ ਦੇ ਪੱਧਰ ‘ਤੇ ਤੁਰੰਤ ਠੋਸ ਫੈਸਲੇ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਦੋ ਰਾਵਾਂ ਨਹੀਂ ਕਿ ਇਸ ਵੇਲੇ ਖੇਤੀ ਡੂੰਘੇ ਸੰਕਟ ਵਿੱਚੋਂ ਗੁਜ਼ਰ ਰਹੀ ਹੈ ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਟਿਊਬਵੈਲਾਂ ਲਈ ਸਲਾਨਾ ਪੰਜ ਹਜ਼ਾਰ ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਿੱਤੀ ਜਾਂਦੀ ਹੈ। ਕਪਾਹ ਪੱਟੀ ਵਿੱਚ ਨਰਮੇ ਦੇ ਹੋਏ ਨੁਕਸਾਨ ਲਈ ਪਹਿਲੀ ਵਾਰ ਸਰਕਾਰ ਨੇ ਅੱਠ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇ ਕੇ 640 ਕਰੋੜ ਰੁਪਏ ਕਿਸਾਨਾਂ ਨੂੰ ਵੰਡੇ ਹਨ ਅਤੇ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵੀ 64 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਰਹੇ ਹਨ।
ਹਾਲ ਹੀ ਵਿੱਚ ਪੰਜਾਬ ਮੰਤਰੀ ਮੰਡਲ ਵੱਲੋਂ ਲਏ ਫੈਸਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2016 ਵਿੱਚ ਤਕਰੀਬਨ 1.14 ਲੱਖ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਾਰੀਆਂ ਸ਼੍ਰੇਣੀਆਂ ਦੀ ਪੈਨਸ਼ਨ ਦੁੱਗਣੀ ਕਰਨ ਦੇ ਨਾਲ-ਨਾਲ ਨੰਬਰਦਾਰਾਂ ਦਾ ਮਾਣ ਭੱਤਾ ਵੀ ਵਧਾ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਨਅਤ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਸਨਅਤ ਦੀ ਮਜ਼ਬੂਤੀ ਲਈ ਆਪਣੀ ਰਿਪੋਰਟ ਦੇਵੇਗੀ।
ਇਸ ਤੋਂ ਪਹਿਲਾਂ ਸੂਬੇਦਾਰ ਕਰਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਬਾਦਲ ਨੇ ਆਖਿਆ ਕਿ ਸੂਬੇਦਾਰ ਕਰਤਾਰ ਸਿੰਘ ਦਾ ਸਮੁੱਚਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ ਜਿਨ੍ਹਾਂ ਨੇ ਬਹੁਤ ਔਖੇ ਸਮਿਆਂ ਵਿੱਚੋਂ ਗੁਜ਼ਰ ਕੇ ਬੁਲੰਦੀਆਂ ਨੂੰ ਛੂਹਿਆ ਅਤੇ ਜੀਵਨ ਦੇ ਅਖੀਰ ਤੱਕ ਸਮਾਜ ਦੀ ਸੇਵਾ ਕਰਨ ਦੇ ਸਿਧਾਂਤ ਨੂੰ ਤਨਦੇਹੀ ਅਤੇ ਸਿਦਕ ਦਿਲੀ ਨਾਲ ਅਪਣਾਇਆ। ਉਨ੍ਹਾਂ ਕਿਹਾ ਕਿ ਸੂਬੇਦਾਰ ਕਰਤਾਰ ਸਿੰਘ ਦੇ ਤਿੰਨੋਂ ਹੋਣਹਾਰ ਪੁੱਤਰ ਵੀ ਉਨ੍ਹਾਂ ਦੇ ਦਿਖਾਏ ਹੋਏ ਮਾਰਗ ‘ਤੇ ਚਲਦਿਆਂ ਦੁਨੀਆਂ ਭਰ ਵਿੱਚ ਸਮਾਜ ਭਲਾਈ ਕਾਰਜਾਂ ਰਾਹੀਂ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਰੱਖੜਾ ਪਰਿਵਾਰ ਦੀ ਏਕਤਾ ਵੀ ਸਮਾਜ ਲਈ ਇੱਕ ਮਿਸਾਲ ਹੈ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਪ੍ਰਵਾਸੀ ਭਾਰਤੀ ਸ. ਦਰਸ਼ਨ ਸਿੰਘ ਧਾਲੀਵਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਜੇਲ੍ਹ ਮੰਤਰੀ ਸ. ਸੋਹਨ ਸਿੰਘ ਠੰਡਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੇਅਰ ਸ. ਅਮਰਿੰਦਰ ਸਿੰਘ ਬਜਾਜ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼੍ਰੀ ਭਗਵਾਨ ਦਾਸ ਜੁਨੇਜਾ, ਸਾਬਕਾ ਮੰਤਰੀ ਸ. ਅਜਾਇਬ ਸਿੰਘ ਮੁਖਮੇਲਪੁਰ ਤੇ ਸ. ਸੁਰਜੀਤ ਸਿੰਘ ਕੋਹਲੀ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਇੰਦਰਮੋਹਨ ਸਿੰਘ ਬਜਾਜ, ਪਟਿਆਲਾ ਦਿਹਾਤੀ ਪ੍ਰਧਾਨ ਸ. ਦੀਪਿੰਦਰ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਜ਼ੋਨਲ ਇੰਚਾਰਜ ਸ਼੍ਰੀ ਹਰਪਾਲ ਜੁਨੇਜਾ, ਚੇਅਰਮੈਨ ਪੰਜਾਬ ਸੈਰ ਸਪਾਟਾ ਨਿਗਮ ਸ਼੍ਰੀ ਸੁਰਜੀਤ ਸਿੰਘ ਅਬਲੋਵਾਲ ਸਮੇਤ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਸ਼ਹੀਦ ਕੈਪਟਨ ਅਸ਼ਵਨੀ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਜੰਮੂ-ਕਸ਼ਮੀਰ ਦੇ ਲੱਦਾਖ ਖੇਤਰ ਵਿੱਚ ਪਿਛਲੇ ਦਿਨੀਂ ਬਰਫ਼ ਦੀਆਂ ਢਿੱਗਾਂ ਡਿੱਗਣ ਕਾਰਨ ਸ਼ਹੀਦ ਹੋਏ ਕੈਪਟਨ ਅਸ਼ਵਨੀ ਕੁਮਾਰ ਦੇ ਘਰ ਜਾ ਕੇ ਉਨ੍ਹਾਂ ਦੇ ਪਿਤਾ ਸ਼੍ਰੀ ਅਨੋਖੇ ਲਾਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਸ. ਬਾਦਲ ਨੇ ਕਿਹਾ ਕਿ ਕੈਪਟਨ ਅਸ਼ਵਨੀ ਕੁਮਾਰ ਦੇ ਵਿਛੋੜਾ ਸਿਰਫ਼ ਪਰਿਵਾਰ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ਵਾਸੀਆਂ ਲਈ ਅਸਹਿ ਅਤੇ ਅਕਹਿ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੂਰਬੀਰਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਅਤੇ ਸਰਕਾਰ ਕੈਪਟਨ ਅਸ਼ਵਨੀ ਕੁਮਾਰ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਕੈਪਟਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਮੌਕੇ ‘ਤੇ ਹੀ 5 ਲੱਖ ਰੁਪਏ ਦਾ ਚੈਕ ਸੌਂਪਿਆ। ਉਨ੍ਹਾਂ ਨੇ ਇਹ ਵੀ ਆਖਿਆ ਕਿ ਸ਼ਹੀਦ ਕੈਪਟਨ ਦੇ ਛੋਟੇ ਭਰਾ ਦੀ ਪੜ੍ਹਾਈ ਦਾ ਖ਼ਰਚਾ ਵੀ ਪੰਜਾਬ ਸਰਕਾਰ ਚੁੱਕੇਗੀ। ਸ. ਬਾਦਲ ਨੇ ਆਖਿਆ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਦੀ ਕੁਰਬਾਨੀ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ ਪਰ ਫਿਰ ਵੀ ਸਰਕਾਰ ਹਰ ਵੇਲੇ ਇਸ ਪਰਿਵਾਰ ਦੀ ਮਦਦ ਲਈ ਨਾਲ ਖੜ੍ਹੀ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼੍ਰੀ ਭਗਵਾਨ ਦਾਸ ਜੁਨੇਜਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਸ. ਦੀਪਿੰਦਰ ਸਿੰਘ ਢਿੱਲੋਂ, ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਬਕਾ ਚੇਅਰਮੈਨ ਸ. ਤਜਿੰਦਰਪਾਲ ਸਿੰਘ ਸੰਧੂ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਸ. ਨਰਦੇਵ ਸਿੰਘ ਆਕੜੀ, ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ, ਐਸ.ਐਸ.ਪੀ ਸ਼੍ਰੀ ਗੁਰਮੀਤ ਸਿੰਘ ਚੌਹਾਨ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।