ਸ਼੍ਰੋਮਣੀ ਅਕਾਲੀ ਦਲ ਵਫਦ ਰਾਸ਼ਟਰਪਤੀ ਨੂੰ ਮਿਲਿਆ

2ਨਵੀਦਿੱਲੀ : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਨੂੰ ਮਿਲਿਆ। ਵਫਦ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਦੱਸਿਆ ਕਿ ਕਾਂਗਰਸ ਗੜਬੜੀ ਫੈਲਾਉਣ ਵਾਲੇ ਤੱਤਾਂ ਦਾ ਸਾਥ ਦੇ ਕੇ ਪੰਜਾਬ ਵਿਚ ਅਸ਼ਾਂਤੀ ਫੈਲਾਉਣ ਅਤੇ ਭਾਈਚਾਰਕ ਏਕਤਾ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਸੌਂਪਦਿਆਂ ਵਫਦ ਨੇ ਮੰਗ ਕੀਤੀ ਕਿ ਸੰਵੇਦਨਸ਼ੀਲ ਸਰਹੱਦੀ ਸੂਬੇ ਪੰਜਾਬ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਸਾਰਥਕ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਵਫਦ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਹਾਲੀਆ ਪੰਜਾਬ ਦੌਰੇ ਦੌਰਾਨ ਵੱਖਵਾਦੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਕੇ ਇਸ ਸਾਰੇ ਮਾਮਲੇ ਵਿਚ ਬਹੁਤ ਖਤਰਨਾਕ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰੇ ਤੋਂ ਬਾਅਦ ਸਾਰੀ ਪੰਜਾਬ ਕਾਂਗਰਸ ਵੱਖਵਾਦੀ ਤਾਕਤਾਂ ਨਾਲ ਰਲ ਗਈ ਅਤੇ 10 ਨਵੰਬਰ ਦੇ ਚੱਬਾ ਇਕੱਠ ਨੂੰ ਕਾਮਯਾਬ ਬਣਾਉਣ ਵਿਚ ਉਨ੍ਹਾਂ ਪੂਰੀ ਤਾਕਤ ਝੋਕ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਭੂਮਿਕਾ ਦਾ ਅੰਦਾਜ਼ਾ ਇਸ ਗੱਲੋਂ ਲਗਾਇਆ ਜਾ ਸਕਦਾ ਹੈ ਕਿ ਕਾਂਗਰਸੀ ਆਗੂਆਂ ਨੇ ਇਕੱਠ ਦੌਰਾਨ ਲਏ ਗਏ ਮਤਿਆਂ ਨੂੰ ਤਿਆਰ ਕਰਨ ਵਿਚ  ਵੱਖਵਾਦੀ ਸੰਗਠਨਾਂ ਦੀ ਖੁੱਲ੍ਹ ਕੇ ਮਦਦ ਕੀਤੀ।
ਸ. ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਕਾਂਗਰਸ ਫਿਰਕੂ ਜਜ਼ਬਾਤਾਂ ਨੂੰ ਨਾ ਭੜਕਾਵੇ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਸਹਾਇਤਾ ਨਾ ਕਰੇ ਜੋ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਤਾਕ ਵਿਚ ਹਨ ਅਤੇ ਪੰਜਾਬ ਨੂੰ ਮੁੜ ਗੜਬੜੀ ਦੇ ਕਾਲੇ ਦੌਰ ਵਿਚ ਧੱਕਣਾ ਚਾਹੁੰਦੀਆਂ ਹਨ।
ਇਸ ਵਫਦ ਵਿਚ ਸਾਂਸਦ ਮੈਂਬਰ ਨਰੇਸ਼ ਗੁਜਰਾਲ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਸ਼ੇਰ ਸਿੰਘ ਘੁਬਾਇਆ ਤੋਂ ਇਲਾਵਾ ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਸਨ।

LEAVE A REPLY