ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਪਾਲ ਬਿੱਲ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਭ੍ਰਿਸ਼ਟਾਚਾਰ ਨਾਲ ਲੜਨ ਲਈ ਜ਼ਰੂਰੀ ਹੈ। ਕੇਜਰੀਵਾਲ ਨੇ ਇੱਥੇ ਅਲੀਪੁਰ ‘ਚ ਆਮ ਆਦਮੀ ਪਾਰਟੀ (ਆਪ) ਦੀ ਰਾਸ਼ਟਰੀ ਪ੍ਰੀਸ਼ਦ ਬੈਠਕ ਵਿਚ ਪਾਰਟੀ ਦੇ ਆਲੋਚਕਾਂ ‘ਤੇ ਵਰ੍ਹਦੇ ਹੋਏ ਕਿਹਾ ਕਿ ਜਦੋਂ ‘ਆਪ’ ਪਾਰਟੀ ਦਾ ਗਠਨ ਹੋਇਆ ਸੀ ਤਾਂ ਲੋਕਾਂ ਨੇ ਉਸ ਦਾ ਮਜ਼ਾਕ ਉਡਾਇਆ ਸੀ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਰੁੱਧ ਕਈ ਸਾਜਿਸ਼ਾਂ ਹੋਈਆਂ ਹਨ ਅਤੇ ਹੁਣ ਪਾਰਟੀ ਇਸ ਦੀ ਆਦੀ ਹੋ ਚੁੱਕੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਭਾਜਪਾ ਪਾਰਟੀ ਅਤੇ ਕਾਂਗਰਸ ਤੋਂ ਜ਼ਿਆਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਰਕਾਰ ਦੇ ਕੰਮਕਾਜ ਦੀ ਤੁਲਨਾ ਕੇਂਦਰ ਦੀ ਮੋਦੀ ਸਰਕਾਰ ਦੀ ਕੰਮਕਾਜ ਕੀਤੀ ਜਾਣੀ ਚਾਹੀਦੀ ਹੈ।
‘ਆਪ’ ਦੀ ਰਾਸ਼ਟਰੀ ਪ੍ਰੀਸ਼ਦ ਬੈਠਕ ਵਿਚ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੌਦੀਆ, ਸੰਜੇ ਸਿੰਘ, ਆਸ਼ੂਤੋਸ਼ ਅਤੇ ਕੁਮਾਰ ਵਿਸ਼ਵਾਸ ਨੇ ਹਿੱਸਾ ਲਿਆ। ਦੱਸਣ ਯੋਗ ਹੈ ਕਿ ਪਾਰਟੀ ਦੀ ਰਾਸ਼ਟਰੀ ਪ੍ਰੀਸ਼ਦ ਦੀ ਬੀਤੀ ਮਾਰਚ ਨੂੰ ਹੋਈ ਪਿਛਲੀ ਬੈਠਕ ਵਿਚ ਬਾਗੀ ਨੇਤਾਵਾਂ ਪ੍ਰਸ਼ਾਂਤ ਭੂਸ਼ਣ ਅਤੇ ਯੋਗੇਂਦਰ ਯਾਦਵ ਨੂੰ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ।