ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

sukhbir and bikram majithiaਚੰਡੀਗੜ੍ਹ : ਪੰਜਾਬ ਦੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਇਕ ਸੰਦੇਸ਼ ਵਿੱਚ ਉਪ-ਮੁੱਖ ਮੰਤਰੀ ਨੇ ਕਿਹਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਰੂਹਾਨੀ ਤ੍ਰਿਪਤੀ ਦਾ ਮਾਰਗ ਦਰਸਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ-ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਬਾਬਾ ਜੀ ਵੱਲੋਂ ਦਸਾਂ ਨਹੁੰਆਂ ਦੀ ਕਿਰਤ ਕਰਦਿਆਂ  ਵੰਡ ਛਕਣ ਦੀ ਪ੍ਰੇਰਨਾ ਪ੍ਰਤੀ ਮੁੜ ਸੰਕਲਪ ਹੋਣ ਦਾ ਵੀ ਅਵਸਰ ਪ੍ਰਦਾਨ ਕਰਦਾ ਹੈ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਦੇਸ਼ੀ ਧਾੜਵੀਆਂ ਦੇ ਜਬਰ, ਸਮਕਾਲੀ ਸ਼ਾਸਕਾਂ ਦੇ ਅਨਿਆਂ ਅਤੇ ਰੂੜੀਵਾਦੀ ਰਵਾਇਤਾਂ ਦੇ ਗਲਬੇ ਦਾ ਵਿਰੋਧ ਕਰਦਿਆਂ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਜਾਤ-ਪਾਤ ਅਤੇ ਵਹਿਮਾਂ-ਭਰਮਾਂ ਤੋਂ ਨਿਰਲੇਪ ਸਮਾਜ ਦੀ ਉਸਾਰੀ ਦਾ ਉਪਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੌਜੂਦਾ ਭੌਤਿਕਵਾਦੀ ਸਮਾਜ ਨੂੰ ਸਹੀ ਰਸਤੇ ਪਾਉਣ ਲਈ ਬਹੁਤ ਸਾਰਥਕ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦਿਆਂ  ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ।
ਇਸ ਤੋਂ ਇਲਾਵਾ  ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਸਮੂਹ ਪੰਜਾਬੀਆਂ ਨੂੰ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ ਹੈ।
ਇਕ ਸੰਦੇਸ਼ ਵਿੱਚ ਸ. ਮਜੀਠੀਆ ਨੇ ਕਿਹਾ ਕਿ ਗੁਰੁ ਸਾਹਿਬ ਨੇ ਸਾਨੂੰ ਮਾਨਵਤਾ ਅਤੇ ਆਪਸੀ ਭਾਈ ਚਾਰੇ ਦਾ ਸੰੰਦੇਸ਼ ਦਿੰਦਿਆਂ ਦੂਸਰਿਆਂ ਪ੍ਰਤੀ ਬਰਾਬਰੀ ਅਤੇ ਪ੍ਰੇਮ ਭਾਵਨਾ ਰੱਖਣ ਦੀ ਪ੍ਰੇਰਣਾ ਦਿਤੀ ਹੈ। ਉਹਨਾਂ ਕਿਹਾ ਕਿ ਗੁਰੁ ਜੀ ਦੀਆਂ ਇਕ ਸੱਚਾ ਸੁੱਚਾ ਜੀਵਨ ਜਿਉਣ ਦੀਆ ਸਿੱਖਿਆਵਾ ਸਮੁੱਚੀ ਮਾਨਵਤਾ ਦੀ ਅਗਵਾਈ ਕਰਦੀਆ ਰਹਿਣਗੀਆਂ। ਸ. ਮਜੀਠੀਆ ਨੇ ਸਮੂਹ ਲੋਕਾਂ ਨੂੰ ਸਮਾਜ ਦੇ ਭਲੇ ਲਈ ਗੁਰੁ ਨਾਨਕ ਦੇਵ ਜੀ ਵੱਲੋ ਦਿਖਾਏ ਗਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ ਹੈ।

LEAVE A REPLY