12295336_1157429550942449_459371824950721760_nਗੁਰਦਾਸਪੁਰ/ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਮੁੜ ਪ੍ਰਗਟਾਉਂਦਿਆਂ ਆਖਿਆ ਕਿ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਕਿਸੇ ਵੀ ਪੰਜਾਬੀ ਨੂੰ ਤੱਤੀ ਵਾਅ ਨਹੀਂ ਲੱਗਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਸੂਬੇ ਦੀ ਅਮਨ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਵਿਚ ਜ਼ਹਿਰ ਘੋਲਣ ਲਈ ਯਤਨਸ਼ੀਲ ਹਨ।
ਅੱਜ ਇਥੇ ਸਦਭਾਵਨਾ ਰੈਲੀ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਨ੍ਹਾਂ ਰੈਲੀਆਂ ਦਾ ਅਸਲ ਮਕਸਦ ਸੂਬੇ ਵਿਚ ਅਮਨ ਅਮਾਨ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਕਿਉਂ ਜੋ ਇਹ ਮਜ਼ਬੂਤੀ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਇਕ ਹੋਰ ਉਦੇਸ਼ ਪੰਜਾਬ ਦੇ ਲੋਕਾਂ ਖਾਸ ਕਰ ਹਿੰਦੂ ਭਰਾਵਾਂ ਵਿਚ ਭਰੋਸੇ ਦੀ ਬਹਾਲੀ ਕਾਇਮ ਕਰਨਾ ਹੈ ਜੋ ਸੂਬੇ ਵਿਚ ਹਾਲ ਹੀ ‘ਚ ਵਾਪਰੀਆਂ ਘਟਨਾਵਾਂ ਕਾਰਨ ਆਪਣੇ ਆਪ ਨੂੰ ਮਾਯੂਸ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਦਾ ਹੀ ਏਕਤਾ ਤੇ ਅਮਨ ਸ਼ਾਂਤੀ ਦਾ ਹਾਮੀ ਰਿਹਾ ਹੈ ਅਤੇ ਸਮੇਂ ਸਮੇਂ ‘ਤੇ ਸਮਾਜ ਵਿਰੋਧੀ ਤੱਤਾਂ ਵੱਲੋਂ ਇਸ ਸ਼ਾਂਤੀ ਨੂੰ ਭੰਗ ਕਰਨ ਲਈ ਯਤਨ ਕਰਨ ਦੇ ਬਾਵਜੂਦ ਪੰਜਾਬੀਆਂ ਨੇ ਹਮੇਸ਼ਾ ਹੀ ਇਸ ‘ਤੇ ਡੱਟ ਕੇ ਪਹਿਰਾ ਦਿੱਤਾ। ਉਨ੍ਹਾਂ ਕਿਹਾ, ”ਸਾਨੂੰ ਪੰਜਾਬ ਵਾਸੀਆਂ ਨੂੰ ਸਾਡੇ ਮਹਾਨ ਗੁਰੂ ਸਾਹਿਬਾਨ, ਮਹਾਂਪੁਰਖਾਂ, ਪੀਰਾਂ ਤੇ ਪੈਗੰਬਰਾਂ ਪਾਸੋਂ ਸਦਭਾਵਨਾ, ਅਮਨ ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਮਿਲਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਨੂੰ ਕੁਰਬਾਨੀ ਦਾ ਜਜ਼ਬਾ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਗੁੜਤੀ ਵਿਚ ਮਿਲਿਆ ਹੈ ਜਿਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਪਿਆਰ, ਦਿਆਲਤਾ, ਸ਼ਹਿਣਸ਼ੀਲਤਾ ਦੀ ਸਿੱਖਿਆ ਦੇਣ ਤੋਂ ਇਲਾਵਾ ਅਨਿਆਂ ਤੇ ਜ਼ੁਲਮ ਦੇ ਖਿਲਾਫ ਸਿਰ ਨਾ ਝੁਕਾਉਣ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਸੂਬੇ ਨੂੰ ਅੱਤਵਾਦ ਦੇ ਕਾਲੇ ਦੌਰ ਵਿਚੋਂ ਕੱਢ ਕੇ ਅਮਨ ਸ਼ਾਂਤੀ ਦਾ ਮਾਹੌਲ ਸਿਰਜਣ ਲਈ ਬਹੁਤ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਵਿਚ 21,000 ਮਾਸੂਮ ਲੋਕਾਂ ਨੂੰ ਜਾਨਾਂ ਗਵਾਉਣੀਆਂ ਪਈਆਂ। ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪਾਰਟੀ ਦੀ ਲੀਡਰਸ਼ਿਪ ਅਜਿਹੇ ਨਾਜ਼ੁਕ ਦੌਰ ਅਤੇ ਭਾਵੁਕ ਸਥਿਤੀ ਤੋਂ ਸਿਆਸੀ ਲਾਹਾ ਖੱਟਣ ਲਈ ਅਮਨ ਅਮਾਨ ਵਾਲੇ ਮਾਹੌਲ ਨੂੰ ਲਾਂਬੂ ਲਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਉਨ੍ਹਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਵਿਚ ਅਮਨ ਤੇ ਸਦਭਾਵਨਾ ਦੀ ਕਾਇਮੀ ਲਈ ਉਹ ਆਪਣਾ ਜੀਵਨ ਤੱਕ ਕੁਰਬਾਨ ਕਰਨ ਲਈ ਤਿਆਰ ਹਨ ਕਿਉਂ ਜੋ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਪਵਿੱਤਰ ਮਿਸ਼ਨ ਹੈ ਅਤੇ ਇਥੋਂ ਤੱਕ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ, ”ਮੈਂ ਤਾਂ ਸੁਖਬੀਰ ਨੂੰ ਵੀ ਸਲਾਹ ਦਿੱਤੀ ਹੈ ਕਿ ਸਾਨੂੰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਅਤੇ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ ਰਹਿਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਇਨ੍ਹਾਂ ਸਦਭਾਵਨਾ ਰੈਲੀਆਂ ਵਿਚ ਦਿੱਤੇ ਅਣਕਿਆਸੇ ਹੁੰਗਾਰੇ ਲਈ ਅਮਨ ਪਸੰਦ ਪੰਜਾਬੀਆਂ ਦੀ ਭਰਵੀਂ ਸ਼ਲਾਘਾ ਕੀਤੀ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਖ਼ਤ ਜਦੋ-ਜਹਿਦ ਨਾਲ ਹਾਸਲ ਕੀਤੀ ਸ਼ਾਂਤੀ ਤੇ ਸਦਭਾਵਨਾ ਨੂੰ ਹਰ ਕੀਮਤ ‘ਤੇ ਕਾਇਮ ਰੱਖਣ ਦਾ ਸੱਦਾ ਦਿੱਤਾ।
ਪੰਜਾਬ ਦੇ ਹਿੱਤਾਂ ਦਾ ਘਾਤ ਕਰ ਰਹੀਆਂ ਫੁੱਟ ਪਾਊ ਤਾਕਤਾਂ ਦੀਆਂ ਕੋਝੀਆਂ ਚਾਲਾਂ ਤੋਂ ਪੰਜਾਬੀਆਂ ਨੂੰ ਸੁਚੇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਕਤਾਂ ਭੋਲੇ-ਭਾਲੇ ਪੰਜਾਬੀਆਂ ਦੀਆਂ ਭਾਵਨਾਵਾਂ ਭੜਕਾ ਕੇ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਇਹ ਸ਼ਕਤੀਆਂ ਧਰਮ ਦੇ ਨਾਂਅ ‘ਤੇ ਸਿੱਖਾਂ ਨੂੰ ਵਰਗਲਾ ਕੇ ਮੁੜ 1947 ਵਾਲੇ ਹਾਲਾਤ ਪੈਦਾ ਕਰਨਾ ਚਾਹੁੰਦੀਆਂ ਹਨ ਜਿਨ੍ਹਾਂ ਕਰਕੇ ਖਾਲਸਾ ਪੰਥ, ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਪੰਜਾ ਸਾਹਿਬ ਵਰਗੇ ਇਤਿਹਾਸਕ ਗੁਰਧਾਮਾਂ ਤੋਂ ਵਿਛੜ ਗਿਆ ਹੈ। ਸ. ਬਾਦਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਪੰਜਾਬ ਤੇ ਪੰਥ ਵਿਰੋਧੀ ਇਹ ਤਾਕਤਾਂ ਆਪਣੀ ਫੁੱਟ ਪਾਊ ਸਾਜ਼ਿਸ਼ਾਂ ਵਿੱਚ ਕਾਮਯਾਬ ਹੋ ਜਾਂਦੀਆਂ ਹਨ ਤਾਂ ਫਿਰ ਸਿੱਖ ਜਗਤ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵੀ ਵਿਛੜ ਜਾਵੇਗਾ ਅਤੇ ਫਿਰ ਇਨ੍ਹਾਂ ਇਤਿਹਾਸਕ ਗੁਰਧਾਮਾਂ ਤੋਂ ਵਿਛੋੜਣ ਦਾ ਦੁੱਖ ਸਹਿਣ ਤੇ ਪਛਤਾਉਣ ਤੋਂ ਬਗੈਰ ਕੱਖ ਪੱਲੇ ਨਹੀਂ ਪਵੇਗਾ।
ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਥੇ ਸਦਭਾਵਨਾ ਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦਾ ਟੀਚਾ ਸੂਬੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ ਅਤੇ ਕਾਂਗਰਸ ਸਮੇਤ ਜੋ ਵੀ ਤਾਕਤਾਂ ਜਾਂ ਸਿਆਸੀ ਆਗੂ ਇਸ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨਗੇ ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ੀਆਂ ਨਾਲ ਸਰਕਾਰ ਸਖਤੀ ਨਾਲ ਨਜਿੱਠੇਗੀ।
ਸ. ਬਾਦਲ ਨੇ ਕਾਂਗਰਸ ਪਾਰਟੀ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨੇ ਬਾਰੇ ਕਾਂਗਰਸ ਪਾਰਟੀ ਵੱਲੋਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਦਕਿ ਪਿਛਲੇ 9 ਸਾਲਾਂ ਵਿਚ ਪੰਜਾਬ ‘ਚ ਹਰ ਖੇਤਰ ਵਿਚ ਤਰੱਕੀ ਹੋਈ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜ ਸਾਲ ਦੇ ਰਾਜ ਦੌਰਾਨ ਇਕ ਵੀ ਵਿਕਾਸਮਈ ਕੰਮ ਨਹੀਂ ਹੋਇਆਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਝੂਠ ਤੋਂ ਇਲਾਵਾ ਹੋਰ ਕੁਝ ਨਹੀਂ ਬੋਲਦਾ ਅਤੇ ਉਸ ਨੇ ਇਕ ਅਜਿਹੀ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸਵੀਕਾਰ ਕਰਕੇ ਸਿੱਖਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜੋ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਪਾਰਟੀ ਰਹੀ ਹੈ।
ਉਨ੍ਹਾਂ ਐਲਾਨ ਕੀਤਾ ਹੈ ਕਿ ਜਿਸ ਦਿਨ ਕੈਪਟਨ ਅਮਰਿੰਦਰ ਸਿੰਘ ਬਠਿੰਡਾ ਵਿਖੇ ਰੈਲੀ ਕਰਨਗੇ ਉਸੇ ਦਿਨ ਪਟਿਆਲਾ ਵਿਖੇ ਉਸ ਦੇ ਮਹਿਲਾਂ ਅੱਗੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਵੱਲੋਂ ਲੱਖਾਂ ਦਾ ਇਕੱਠ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿਰਫ ਇਕ ਮਹੀਨੇ ਵਿਚ ਹੀ ਪੰਜਾਬ ਵਿਚ ਜੋ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਉਨ੍ਹਾਂ ਵਿਚ ਸਿੱਧੇ ਰੂਪ ਵਿਚ ਕਾਂਗਰਸ ਅਤੇ ਉਨ੍ਹਾਂ ਗਰਮਖਿਆਲੀ ਵਿਚਾਰਧਾਰਾ ਵਾਲੇ ਲੋਕਾਂ ਦਾ ਹੱਥ ਹੈ ਜੋ ਦੇਸ਼ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਦਾ ਮਾਹੌਲ ਵਿਗਾੜਨ ਦੀ ਤਾਕ ਵਿਚ ਸਨ। ਉਨ੍ਹਾਂ ਕਿਹਾ ਕਿ ਇਸ ਸਾਰੀ ਸਾਜ਼ਿਸ਼ ਪਿੱਛੇ ਕਾਂਗਰਸ ਪਾਰਟੀ ਦਾ ਹੱਥ ਹੈ ਕਿਉਂ ਕਿ ਜਿਸ ਤਰੀਕੇ ਅਖੌਤੀ ਸਰਬੱਤ ਖਾਲਸਾ ਦੇ ਮੰਚ ‘ਤੇ ਅਤੇ ਮਤੇ ਬਣਾਉਣ ਵਿਚ ਕਾਂਗਰਸੀ ਆਗੂਆਂ ਨੇ ਭੂਮਿਕਾਵਾਂ ਅਦਾ ਕੀਤੀਆਂ ਉਹ ਕਿਸੇ ਤੋਂ ਹੁਣ ਲੁਕੀਆਂ ਹੋਈਆਂ ਨਹੀਂ ਰਹੀਆਂ।
ਉਨ੍ਹਾਂ ਕਾਂਗਰਸ ‘ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਹਮੇਸ਼ਾਂ ਤੋਂ ਹੀ ਸਿੱਖ ਵਿਰੋਧੀ ਰਹੀ ਹੈ ਅਤੇ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿਚ ਅੱਗ ਲਾਉਣ ਨੂੰ ਫਿਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਇਕ ਗੱਲ ਕੰਨ ਖੋਲ੍ਹ ਕੇ ਸੁਣ ਲੈਣ ਕਿ ਜਦੋਂ ਤੱਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਹੈ ਉਦੋਂ ਤੱਕ ਪੰਜਾਬ ‘ਚ ਅਮਨ-ਸ਼ਾਂਤੀ ‘ਤੇ ਕੋਈ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਬੁਰਾ ਦੌਰ ਦੇਖਿਆ ਹੈ ਅਤੇ ਬੀਤ ਚੁੱਕੇ ਕਾਲੇ ਦੌਰ ਨੂੰ ਪੰਜਾਬ ਵਿਚ ਮੁੜ ਪਰਤਣ ਨਹੀਂ ਦਿੱਤਾ ਜਾਵੇਗਾ।
ਉੱਪ ਮੁੱਖ ਮੰਤਰੀ ਨੇ ਕਿਹਾ ਕਾਂਗਰਸ ਪਾਰਟੀ ਕੋਲ ਇਸ ਸਮੇਂ ਕੋਈ ਮੁੱਦਾ ਨਹੀਂ ਸੀ ਇਸ ਲਈ ਉਨ੍ਹਾਂ ਪਿਛਲੇ ਕੁਝ ਦਿਨਾਂ ਵਿਚ ਪੰਜਾਬ ਦਾ ਮਾਹੌਲ ਖਰਾਬ ਕਰਕੇ ਸੱਤਾ ਪ੍ਰਾਪਤੀ ਲਈ ਸਿਆਸੀ ਮੌਕਾਪ੍ਰਸਤੀ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਕਿਸੇ ਵੀ ਕੀਮਤ ‘ਤੇ ਵਿਗੜਨ ਨਹੀਂ ਦਿੱਤਾ ਜਾਵੇਗਾ ਅਤੇ ਸੂਬੇ ਦੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰੀਕੇ ਸਿੱਖ ਸੰਸਥਾਵਾਂ ‘ਤੇ ਸਾਜ਼ਿਸ਼ੀ ਹਮਲਾ ਕੀਤਾ ਗਿਆ, ਸ੍ਰੀ ਅਕਾਲ ਤਖਤ ਸਾਹਿਬ ਦੀ ਹੋਂਦ ‘ਤੇ ਹਮਲਾ ਕੀਤਾ ਗਿਆ, ਸਿੱਖਾਂ ਦੀ ਮਿੰਨੀ ਪਾਰਲੀਮੈਂਟ ਐਸ.ਜੀ.ਪੀ.ਸੀ. ਦੀ ਹੋਂਦ ਨੂੰ ਖਤਰੇ ਵਿਚ ਲਿਆਂਦਾ ਗਿਆ ਅਤੇ ਅਖੌਤੀ ਸਰਬੱਤ ਖਾਲਸਾ ਰਾਹੀਂ ਸਥਾਪਿਤ ਮਰਿਆਦਾਵਾਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਇਸ ਸਭ ਨੇ ਵਿਸ਼ਵ ਭਰ ਵਿਚ ਵਸਦੇ ਪੰਜਾਬੀਆਂ ਨੂੰ ਬਹੁਤ ਜ਼ਿਆਦਾ ਦੁੱਖ ਪਹੁੰਚਾਇਆ ਹੈ।ਉਨ੍ਹਾਂ ਕਿਹਾ ਕਿ ਬਹੁਤ ਜਲਦ ਦੋਸ਼ੀਆਂ ਅਤੇ ਸਾਜ਼ਿਸ਼ੀ ਤਾਕਤਾਂ ਦੇ ਚਿਹਰੇ ਬੇਨਕਾਬ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੇਜ਼ੀ ਨਾਲ ਤਰੱਕੀ ਕਰ ਰਹੀ ਹੈ ਅਤੇ ਇਹ ਸਰਪਲੱਸ ਬਿਜਲੀ ਵਾਲਾ ਰਾਜ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੜਕੀ ਨੈੱਟਵਰਕ ਦਾ ਵੀ ਪੰਜਾਬ ਵਿਚ ਜਾਲ ਵਿਛਾ ਦਿੱਤਾ ਗਿਆ ਹੈ ਅਤੇ ਸੜਕੀ ਢਾਂਚੇ ਉੱਤੇ ਪੰਜਾਬ ਸਰਕਾਰ 20000 ਕਰੋੜ ਰੁਪਏ ਦਾ ਖਰਚ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਕੇਂਦਰੀ ਮੰਤਰੀ ਨਿਤੀਨ ਗਡਕਰੀ ਨਾਲ ਹੋਈ ਮੁਲਾਕਾਤ ਵਿਚ ਵੀ 10000 ਕਰੋੜ ਰੁਪਏ ਦੇ ਹੋਰ ਨਵੇਂ ਸੜਕੀ ਪ੍ਰੋਜੈਕਟਾਂ ਨੂੰ ਮੰਨਜ਼ੂਰੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਲਏ ਗਏ ਕਈ ਅਹਿਮ ਫੈਸਲਿਆਂ ਨਾਲ ਸੂਬੇ ਵਿਚ 1.13 ਲੱਖ ਨਵੀਆਂ ਨੌਕਰੀਆਂ ਨਾਲ ਰੁਜ਼ਗਾਰ ਦੇ ਮੌਕੇ ਵੱਧਣਗੇ। ਉਨ੍ਹਾਂ ਕਿਹਾ ਕਿ ਪੈਨਸ਼ਨਾਂ ਨੂੰ ਦੁੱਗਣਾ ਕਰਨ ਦੇ ਨਾਲ-ਨਾਲ ਗਰੀਬਾਂ, ਕਿਸਾਨਾਂ ਅਤੇ ਵਪਾਰੀਆਂ ਨੂੰ ਬੀਮਾ ਯੋਜਨਾ ਅਤੇ ਮੈਡੀਕਲ ਯੋਜਨਾ ਅਧੀਨ ਲਿਆਂਦਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਹਜ਼ੂਰ ਸਾਹਿਬ, ਮਾਤਾ ਵੈਸ਼ਨੋ ਦੇਵੀ, ਅਜਮੇਰ ਸ਼ਰੀਫ ਅਤੇ ਅਜਿਹੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਮੁਫਤ ਰੇਲ ਗੱਡੀਆਂ ਦੀ ਸਹੂਲਤ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਤੋਂ ਦਿੱਤੀ ਜਾਣੀ ਹੈ।
ਇਸ ਮੌਕੇ ‘ਤੇ ਆਪਣੇ ਭਾਸ਼ਣ ਵਿੱਚ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਚੱਬਾ ਵਿਖੇ ਹੋਏ ਇਕੱਠ ਦੌਰਾਨ ਕਾਂਗਰਸ ਦੀ ਪੰਜਾਬ ਤੇ ਪੰਥ ਵਿਰੋਧੀ ਸ਼ਕਤੀਆਂ ਦੇ ਨਾਲ ਸਾਂਝ ਸੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਸ਼ਾਂਤੀ ਪਸੰਦ ਲੋਕਾਂ ਵਿਚਕਾਰ ਪਾੜਾ ਪਾਉਣ ਦਾ ਇਕ ਘਿਨਾਉਣਾ ਯਤਨ ਸੀ ਜਿਸ ਨੇ ਸਾਡੇ ਸੂਬੇ ਵਿੱਚ ਸ਼ਾਂਤੀਪੂਰਨ ਢੰਗ ਨਾਲ ਰਹਿ ਰਹੇ ਹਿੰਦੂਆਂ ਤੇ ਸਿੱਖਾਂ ਦੀ ਏਕਤਾ ਨੂੰ ਵੱਡੀ ਚੁਣੌਤੀ ਦਿੱਤੀ। ਇਸ ਸਮਾਰੋਹ ਵਿੱਚ ਨਾ ਸਿਰਫ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਸਗੋਂ ਮੋਹਰੀ ਭੂਮਿਕਾ ਨਿਭਾਉਣ ਵਾਲੇ ਕਾਂਗਰਸੀ ਆਗੂਆਂ ਦਾ ਖੁੱਲ੍ਹੇਆਮ ਪੱਖ ਪੂਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਅਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਸ ਸਟੈਂਡ ਦੀ ਸਪੱਸ਼ਟ ਪੁਸ਼ਟੀ ਹੁੰਦੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਪਾਰਟੀ ਦੀ ਧਰਮ-ਨਿਰਪੱਖਤਾ ਸਿਰਫ ਇਕ ਵਿਖਾਵਾ ਹੀ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਲਕਾਰਦੇ ਹੋਏ ਆਖਿਆ ਕਿ ਚੱਬਾ ਵਿਖੇ ਹੋਏ ਇਕੱਠ ਵਿੱਚ ਕਾਂਗਰਸ ਪਾਰਟੀ ਦੀ ਸ਼ਮੂਲੀਅਤ ਦੇ ਸਬੰਧੀ ਉਹ ਆਪਣੀ ਜ਼ਿੰਮੇਵਾਰੀ ਤੋਂ ਕਿਸ ਤਰ੍ਹਾਂ ਭੱਜ ਸਕਦੇ ਹਨ ਜਦਕਿ ਇਹ ਤੱਥ ਹਨ ਕਿ ਇਸ ਪਾਰਟੀ ਦੇ ਆਗੂਆਂ ਨੇ ਪੰਜਾਬ ਤੇ ਪੰਥ ਵਿਰੋਧੀ ਪ੍ਰਵਾਨ ਕੀਤੇ ਮਤਿਆਂ ਦਾ ਖੁੱਲ੍ਹੇਆਮ ਸਮਰਥਨ ਕੀਤਾ।
ਸ. ਮਜੀਠੀਆ ਨੇ ਕਿਹਾ ਕਿ ਸ. ਬਾਦਲ ਇਕ ਸੱਚੇ-ਸੁੱਚੇ ਪੰਥਕ ਆਗੂ ਹਨ ਜਿਨ੍ਹਾਂ ਨੇ ਸਦਾ ਹੀ ਸਿੱਖ ਕਦਰਾਂ-ਕੀਮਤਾਂ ਅਤੇ ਰਵਾਇਤਾਂ   ‘ਤੇ ਦ੍ਰਿੜਤਾ ਨਾਲ ਪਹਿਰਾ ਦਿੱਤਾ ਹੈ। ਉਨ੍ਹਾਂ ਨੇ ਸ਼ਾਨਦਾਰ ਸਿੱਖ ਇਤਿਹਾਸ ਦੇ ਸ਼ਤਾਬਦੀ ਸਮਾਰੋਹਾਂ ਨੂੰ ਵੱਡੀ ਪੱਧਰ ‘ਤੇ ਮਨਾਇਆ ਅਤੇ ਅਨੇਕਾਂ ਯਾਦਗਾਰਾਂ ਸਥਾਪਤ ਕੀਤੀਆਂ ਜੋ ਸ਼ਾਨਦਾਰ ਸਿੱਖ ਇਤਿਹਾਸ ਨੂੰ ਮੂਰਤੀਮਾਨ ਕਰਦੀਆਂ ਹਨ।
ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ ਇਨ੍ਹਾਂ ਸਦਭਾਵਨਾ ਰੈਲੀਆਂ ਲਈ ਕੀਤੇ ਉੱਦਮ ਦੀ ਸ਼ਲਾਘਾ ਕੀਤੀ ਜੋ ਕਿ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਲਈ ਸੂਬੇ ਵਿੱਚ ਸ਼ਾਂਤੀ ਤੇ ਸਦਭਾਵਨਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਇਸ ਤੋਂ ਇਲਾਵਾ ਇਹ ਰੈਲੀਆਂ ਫੁੱਟ ਪਾਊ ਤਾਕਤਾਂ ਨੂੰ ਮੂੰਹ ਤੋੜਵਾਂ ਜੁਆਬ ਦੇਣਗੀਆਂ ਜੋ ਕਿ ਸੂਬੇ ਵਿੱਚ ਸਖ਼ਤ ਜਦੋ-ਜਹਿਦ ਨਾਲ ਪ੍ਰਾਪਤ ਕੀਤੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੇ ਯਤਨ ਕਰ ਰਹੀਆਂ ਹਨ।
ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਸ੍ਰੀ ਤਰੁਣ ਚੁੱਘ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਸ ਵੇਲੇ ਬੁਰੀ ਤਰ੍ਹਾਂ ਫੁੱਟ ਦਾ ਸ਼ਿਕਾਰ ਹੋਈ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਪ੍ਰਧਾਨ ਬਣਾ ਕੇ ਵੱਡੀ ਭੁੱਲ ਕੀਤੀ ਹੈ ਕਿਉਂਕਿ ਉਹ ਮਰੀ ਪਈ ਪਾਰਟੀ ਵਿੱਚ ਮੁੜ ਜਾਨ ਨਹੀਂ ਪਾ ਸਕਦਾ। ਸ੍ਰੀ ਚੁੱਘ ਨੇ ਉਮੀਦ ਪ੍ਰਗਟ ਕੀਤੀ ਕਿ ਕੈਪਟਨ ਦਾ ਘੁਮੰਡ ਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਜਿੱਤ ਦਾ ਕਾਰਨ ਬਣੇਗਾ ਅਤੇ 2017 ਦੀ ਵਿਧਾਨ ਸਭਾ ਚੋਣ ਵਿੱਚ ਗੱਠਜੋੜ ਤੀਜੀ ਵਾਰ ਭਾਰੀ ਬਹੁਮਤ ਨਾਲ ਜਿੱਤ ਕੇ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਖੌਤੀ ਆਮ ਆਦਮੀ ਪਾਰਟੀ ਦਰਅਸਲ ਖਾਸ ਲੋਕਾਂ ਦੀ ਜਥੇਬੰਦੀ ਹੈ ਜਿਸ ਦਾ ਪੰਜਾਬ ਦੇ ਲੋਕਾਂ ਵਿੱਚ ਭੋਰਾ ਵੀ ਆਧਾਰ ਨਹੀਂ ਹੈ ਅਤੇ ਇਸ ਪਾਰਟੀ ਦੇ ਆਗੂਆਂ ਦੀ ਆਪਸੀ ਲੜਾਈ ਸਿਖਰ ‘ਤੇ ਹੈ।
ਸੀਨੀਅਰ ਅਕਾਲੀ ਆਗੂ ਸ. ਸੁੱਚਾ ਸਿੰਘ ਲੰਗਾਹ ਨੇ ਸਦਭਾਵਨਾ ਰੈਲੀ ਦੀ ਕਾਰਵਾਈ ਚਲਾਉਂਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਇਹ ਸਦਭਾਵਨਾ ਰੈਲੀਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿੱਚ ਨਵੀਂ ਰੂਹ ਫੂਕ ਰਹੀ ਹਨ ਅਤੇ ਪੰਜਾਬ ਦੇ ਲੋਕਾਂ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਤਕੜਾ ਕਰ ਰਹੀਆਂ ਹਨ।
ਇਸ ਮੌਕੇ ਸ਼ਾਮਲ ਹੋਰਨਾਂ ਵਿੱਚ ਸੀਨੀਅਰ ਅਕਾਲੀ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ, ਸੀਨੀਅਰ ਭਾਜਪਾ ਆਗੂ ਮਾਸਟਰ ਮੋਹਨ ਲਾਲ, ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ ਤੇ ਦੇਸ ਰਾਜ ਧੁੱਗਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਵਿਧਾਇਕ ਬੀਬੀ ਜਗੀਰ ਕੌਰ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਸ. ਸੇਵਾ ਸਿੰਘ ਸੇਖਵਾਂ, ਵਿਧਾਇਕ ਪਠਾਨਕੋਟ ਅਸ਼ਵਨੀ ਕੁਮਾਰ, ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਦਿਨੇਸ਼ ਸਿੰਘ, ਵਿਧਾਇਕ ਭੋਆ ਸੀਮਾ ਕੁਮਾਰੀ, ਭਾਜਪਾ ਨੇਤਾ ਸ੍ਰੀ ਸਵਰਨ ਸਲਾਰੀਆ ਤੇ ਸ੍ਰੀ ਰਾਕੇਸ਼ ਰਾਠੌਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਨੇਤਾ ਤੇ ਵਰਕਰਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।

LEAVE A REPLY