1ਚੰਡੀਗੜ੍ਹ : ਸੂਬੇ ਦੇ ਕੁਝ ਡੈਂਟਲ ਤੇ ਨਰਸਿੰਗ ਕਾਲਜਾਂ ਵਿੱਚ ਪਾਈਆਂ ਜਾ ਰਹੀਆਂ ਖਾਮੀਆਂ ਤੇ ਬੇਨਿਯਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅਜਿਹੇ ਕਾਲਜਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਟੀਮਾਂ ਬਣਾ ਕੇ ਸਾਰੇ ਕਾਲਜਾਂ ਦੀ ਚੈਕਿੰਗ ਕਰ ਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾਂ ਲਿਆ ਜਾਵੇ ਅਤੇ ਬੇਨਿਯਮੀਆਂ ਤੇ ਖਾਮੀਆਂ ਵਾਲੇ ਕਾਲਜਾਂ ਦੀ ਸੂਚੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ੍ਰੀ ਜੋਸ਼ੀ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਕੁਝ ਕਾਲਜਾਂ ਦੇ ਦੌਰੇ ਦੌਰਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬੇ ਵਿੱਚ ਕਈ ਡੈਂਟਲ ਤੇ ਨਰਸਿੰਗ ਕਾਲਜ ਵਿਦਿਆਰਥੀਆਂ ਲਈ ਲੋੜੀਂਦੀਆਂ ਜ਼ਰੂਰਤਾਂ ਨਾ ਪੂਰੀ ਕਰ ਰਹੇ ਹਨ ਜਿਵੇਂ ਕਿ ਲੈਬਾਰਟਰੀ, ਪ੍ਰੈਕਟੀਕਲ ਟਰੇਨਿੰਗ, ਲੋੜੀਂਦੀ ਗਿਣਤੀ ਵਿੱਚ ਟੀਚਿੰਗ ਸਟਾਫ ਨਹੀਂ ਹੈ। ਇਸ ਤੋਂ ਇਲਾਵਾ ਕਾਲਜਾਂ ਦੀ ਮਾਨਤਾ ਲਈ ਜ਼ਰੂਰੀ ਫੀਸ ਕਾਲਜਾਂ ਵੱਲੋਂ ਯੂਨੀਵਰਸਿਟੀ ਵਿੱਚ ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਅਜਿਹੀਆਂ ਊਣਤਾਈਆਂ ਵਾਲੇ ਕਾਲਜਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਹਾਂਲੇਖਾਕਾਰ (ਏ.ਜੀ.) ਦੀਆਂ ਟੀਮਾਂ ਜਦੋਂ ਕਾਲਜਾਂ ਦੀ ਚੈਕਿੰਗ ਕਰਨ ਗਈਆਂ ਤਾਂ ਉਨ੍ਹਾਂ ਨੂੰ ਕਾਲਜਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀ ਗੱਲ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਮਾਪਿਆਂ ਨੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟਰੇਨਿੰਗ ਨਾ ਦੇਣ ਦੀ ਗੱਲ ਵੀ ਉਠਾਈ ਹੈ। ਇਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਪ੍ਰੋਫੈਸਰਾਂ ਦੀ ਟੀਮ ਬਣਾ ਕੇ ਇਸ ਮਾਮਲੇ ਦੀ ਜਾਂਚ ਕਰ ਕੇ ਇਕ ਹਫਤੇ ਦੇ ਅੰਦਰ ਰਿਪੋਰਟ ਦੇਣ ਨੂੰ ਕਿਹਾ ਹੈ।
ਸ੍ਰੀ ਜੋਸ਼ੀ ਨੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਵਿਦਿਆਰਥੀਆਂ ਨੂੰ ਸਹੀ ਤਰੀਕੇ ਨਾਲ ਪ੍ਰੈਕਟੀਕਲ ਟਰੇਨਿੰਗ ਵੀ ਦਿੱਤੀ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਊਣਤਾਈਆਂ ਅਤੇ ਬੇਨਿਯਮੀਆਂ ਵਾਲੇ ਕਾਲਜਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਮਾਨਤਾ ਰੱਦ ਕਰਨ ਦੀ ਚਿਤਾਵਨੀ ਜਾਰੀ ਕੀਤੀ ਜਾਵੇ।

LEAVE A REPLY