1ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅੱਜ 88 ਸਾਲ ਦੇ ਹੋ ਗਏ। ਆਪਣੇ ਜਨਮ ਦਿਨ ਮੌਕੇ ਪਰਕਾਸ਼ ਸਿੰਘ  ਬਾਦਲ ਨੇ ਦਿੱਲੀ ਦੇ ਗੁਰਦਵਾਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਉਨ੍ਹਾਂ ਨਾਲ ਗੁਰਦਵਾਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਅੱਜ 88 ਸਾਲ ਦੇ ਹੋ ਗਏ। ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬੀਆਂ ਦੀ ਸੇਵਾ ਵਿਚ ਲਾਈ ਹੈ। ਪ੍ਰਮਾਤਮਾ ਉਨ੍ਹਾਂ ਨੂੰ ਲੰਬੀ ਉਮਰ ਦੇਵੇ।
ਇਸ ਦੌਰਾਨ ਪਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਅਕਾਲੀ ਅਤੇ ਭਾਜਪਾ ਵਰਕਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੁੰ ਮਿਲਿਆ। ਮੁੱਖ ਮੰਤਰੀ ਨੂੰ ਜਨਮ ਦਿਨ ਮੌਕੇ ਨਾ ਕੇਵਲ ਵਧਾਈਆਂ ਦਾ ਤਾਂਤਾ ਲੱਗਿਆ ਰਿਹਾ, ਉਥੇ ਅਕਾਲੀ ਵਰਕਰਾਂ ਨੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨੂੰ ਟਵੀਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਇਲਾਵਾ ਕਈ ਹੋਰਨਾਂ ਆਗੂਆਂ ਨੇ ਵੀ ਪਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ, 1927 ਨੂੰ ਹੋਇਆ ਸੀ। ਇਸ ਸਮੇਂ ਉਹ ਆਪਣੇ ਪੰਜਵੇਂ ਕਾਰਜਕਾਲ ਵਿਚ ਹਨ। ਉਹ ਪਹਿਲਾਂ ਇਸ ਅਹੁਦੇ ‘ਤੇ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002, 2007 ਤੋਂ 2012 ਤੱਕ ਰਹਿ ਚੁੱਕੇ ਹਨ ਅਤੇ ਹੁਣ ਉਹ ਸਾਲ 2012 ਤੋਂ ਮੁੱਖ ਮੰਤਰੀ ਅਹੁਦੇ ‘ਤੇ ਹਨ।

LEAVE A REPLY