1ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਾਲ 2015-16 ਦੇ ਮੁਕਾਬਲੇ ਸਾਲ 2016-17 ਦੀਆਂ ਸਾਉਣੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੇ ਰਾਜ ਦੇ ਪ੍ਰਸਤਾਵ ਨੂੰ ਹਰੀ ਝੰਡੀ ਦਿੰਦੇ ਹੋਏ ਇਹ ਵਾਧਾ ਕਰਨ ਲਈ ਭਾਰਤ ਸਰਕਾਰ ਨੂੰ ਕਿਹਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਖੇਤੀਬਾੜੀ ਵਿਭਾਗ ਨੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਲਈ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਵਿਸਤ੍ਰਿਤ ਪ੍ਰਸਤਾਵ ਭੇਜ ਦਿੱਤਾ ਹੈ ਜਿਸ ਵਿੱਚ ਆਮ ਝੋਨੇ ਦਾ ਭਾਅ ਜੋ ਸਾਲ 2015-16 ਵਿੱਚ 1410 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2016-17 ਵਿੱਚ 1960 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਲਿਖਿਆ ਹੈ। ਇਸੇ ਤਰ੍ਹਾਂ ਹੀ ਖੇਤੀਬਾੜੀ ਵਿਭਾਗ ਨੇ ਗਰੇਡ-ਏ ਦੇ ਝੋਨੇ ਦਾ ਭਾਅ 1450 ਰੁਪਏ ਪ੍ਰਤੀ ਕੁਇੰਟਲ ਦੀ ਥਾਂ 2011 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ।
ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਮੱਕੀ ਦਾ ਘੱਟੋ ਘੱਟ ਸਮਰਥਨ ਮੁੱਲ 1325 ਰੁਪਏ ਦੀ ਥਾਂ 1900 ਰੁਪਏ ਪ੍ਰਤੀ ਕੁਇੰਟਲ ਅਤੇ ਕਪਾਹ ਦਾ ਸਮਰਥਨ ਮੁੱਲ 3800-4000 ਰੁਪਏ ਤੋਂ 5949 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਸੀ.ਏ.ਸੀ.ਪੀ. ਨੂੰ ਭੇਜੀ ਹੈ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੂੰਗ ਦਾ ਸਮਰਥਨ ਮੁੱਲ 4650 ਰੁਪਏ ਤੋਂ ਵਧਾ ਕੇ 6300 ਰੁਪਏ, ਮਾਂਹ ਦਾ 4425 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6100 ਰੁਪਏ, ਅਰਹਰ ਦਾ 4425 ਰੁਪਏ ਤੋਂ ਵਧਾ ਕੇ 6000 ਰੁਪਏ ਅਤੇ ਮੂੰਗਫਲੀ ਦਾ ਘੱਟੋ ਘੱਟ ਸਮਰਥਨ ਮੁੱਲ 4030 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ।
ਸ. ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਖੇਤੀ ਵਿਭਿੰਨਤਾ ਪ੍ਰੋਗਰਾਮ ਨੂੰਹੁਲਾਰਾ ਦੇਣ ਲਈ ਸਾਲ 2016-17 ਦੀਆਂ ਸਾਉਣੀ ਦੀਆਂ ਫ਼ਸਲਾਂ ਦੇ ਉਪਰੋਕਤ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ ‘ਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮੱਕੀ, ਕਪਾਹ, ਮੂੰਗ, ਮਾਂਹ, ਅਰਹਰ ਅਤੇ ਮੂੰਗਫਲੀ ਨੂੰ ਰਾਜ ਵਿੱਚ ਹੁਲਾਰਾ ਦੇਣ ਲਈ ਅਜਿਹਾ ਵਿਸ਼ੇਸ਼ ਤੌਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਕੇਵਲ ਰਾਜ ਦੀ ਕਿਸਾਨੀ ਲਈ ਲਾਭਕਾਰੀ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ ਤੋਂ ਰੋਕਣ ਲਈ ਵੀ ਲਾਹੇਵੰਦ ਹੋਵੇਗਾ।

LEAVE A REPLY