1ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਕਾਂਡ ਅਤੇ ਸਾਬਕਾ ਪੁਲਿਸ ਅਫ਼ਸਰ ਪਿੰਕੀ ਵਲੋਂ ਲਾਏ ਦੋਸ਼ਾਂ ਤਹਿਤ ਸਾਬਕਾ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਕਾਂਗਰਸ ਪ੍ਰਧਾਨ ਬਣਨ ਮਗਰੋਂ ਅੱਜ ਚੰਡੀਗੜ੍ਹ ਵਿਚ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਨੇ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਬਣਾ ਦਿੱਤੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਤੇ ਹੋਰਨਾਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਬਹਿਬਲ ਕਲਾਂ ਵਿਚ ਪੁਲਿਸ ਗੋਲੀ ਵਿਚ ਮਾਰੇ ਗਏ ਦੋ ਸਿੱਖਾਂ ਦੇ ਮਾਮਲੇ ਵਿਚ ਵੀ ਸਿੱਧੇ ਤੌਰ ‘ਤੇ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਮਾਮਲੇ ਦੀ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ।
ਇਸ ਮੌਕੇ ਉਨ੍ਹਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਮਹਾਂਗਠਜੋੜ ਲਈ ਪੰਜਾਬ ਦੀਆਂ ਲਗਪਗ ਸਾਰੀਆਂ ਵਿਰੋਧੀ ਪਾਰਟੀਆਂ ਨਾਲ ਪਹਿਲੇ ਦੌਰ ਦੀ ਗੱਲਬਾਤ ਕਰ ਲਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਕਾਲੀਆਂ ਖਿਲਾਫ਼ ਸਾਰੀਆਂ ਧਰਮ ਨਿਰਪੱਖ ਪਾਰਟੀਆਂ ਇਕ ਮੰਚ ‘ਤੇ ਆਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਗਠਜੋੜ ਵਿਚ ਸ਼ਾਮਿਲ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਨੈਸ਼ਨਲ ਹੈਰਾਲਡ ਕੇਸ ਨੂੰ ਚੁੱਕਣਾ ਸਿਆਸੀ ਦੁਸ਼ਮਣੀ ਦੀ ਉਦਾਹਰਨ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ‘ਤੇ ਸਾਰੀ ਪਾਰਟੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਖੜ੍ਹੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ। ਜੇ ਇਹ ਭਾਜਪਾ ਦੀ ਬਦਲੇ ਦੀ ਨੀਤੀ ਨਹੀਂ ਹੈ, ਤਾਂ ਫਿਰ ਸੁਬ੍ਰਹਾਮਨਿਅਮ ਸੁਆਮੀ ਵੱਲੋਂ ਇਸ ਕੇਸ ਨੂੰ ਇੰਨੇ ਜ਼ੋਰਦਾਰ ਤਰੀਕੇ ਨਾਲ ਚੁੱਕਣ ਦਾ ਕੀ ਕਾਰਨ ਹੈ। ਇਸ ਲੜੀ ਹੇਠ ਕੀ ਉਨ੍ਹਾਂ ਨੇ ਕਦੇ ਆਪਣੀ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ ਹਨ।
ਸਾਬਕਾ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨੈਸ਼ਨਲ ਹੈਰਾਲਡ ਕੇਸ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਿਆਸੀ ਵਿਰੋਧੀਆਂ ਖਿਲਾਫ ਅਪਣਾਏ ਗਏ ਸਿਆਸੀ ਦੁਸ਼ਮਣੀ ਨਾਲ ਭਰੇ ਕੇਸਾਂ ‘ਚੋਂ ਇਕ ਹੈ।
ਇਸੇ ਤਰ੍ਰਾਂ, ਹੋਰਨਾਂ ਆਗੂਆਂ ਜਿਵੇਂ ਪੀ ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ ਖਿਲਾਫ ਵੀ ਸਿਆਸੀ ਦੁਸ਼ਮਣੀ ਹੇਠ ਕੇਸ ਦਰਜ਼ ਕੀਤੇ ਗਏ।
ਕੈਪਟਨ ਅਮਰਿੰਦਰ ਨੇ ਉਨ੍ਹਾਂ ਦੇ ਪਰਿਵਾਰ ਖਿਲਾਫ ਲਗਾਏ ਗਏ ਕਥਿਤ ਵਿਦੇਸ਼ੀ ਖਾਤਿਆਂ ਦੇ ਦੋਸ਼ ਦਾ ਵੀ ਜਿਕਰ ਕੀਤਾ, ਜਦਕਿ ਐਚ.ਐਸ.ਬੀ.ਸੀ ਬੈਂਕ ਦੀ ਅਥਾਰਿਟੀਜ 2012 ‘ਚ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਦਾ ਬੈਂਕ ‘ਚ ਕੋਈ ਖਾਤਾ ਨਹੀਂ ਹੈ। ਸੀ.ਬੀ.ਆਈ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੇ ਦਫਤਰ ‘ਤੇ ਛਾਪਾਮਾਰੀ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਵੀ ਭਾਜਪਾ ਸਰਕਾਰ ਵੱਲੋਂ ਅਪਣਾਈ ਗਈ ਦੁਸ਼ਮਣੀ ਦੀ ਸਿਆਸਤ ਦਾ ਨਤੀਜਾ ਹੈ।

LEAVE A REPLY