ਚੰਡੀਗੜ੍ਹ : ਪੰਜਾਬ ਦੇ ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਵਿੱਚ ਸੂਬੇ ਦੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਭਾਈਵਾਲ ਬਣਾਉਣ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ‘ਸੰਪੂਰਨ ਗ੍ਰਾਮੀਣ ਵਿਕਾਸ’ ਪ੍ਰੋਗਰਾਮ ਦਾ ਆਗਾਜ਼ ਕੀਤਾ ਜਿਸ ਤਹਿਤ ਇਨ੍ਹਾਂ ਯੂਨੀਵਰਸਿਟੀਆਂ ਵੱਲੋਂ 150 ਪਿੰਡ ਅਪਨਾਉਣ ਦੀ ਸਹਿਮਤੀ ਦਿੱਤੀ ਗਈ ਹੈ।
ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਸ. ਬਾਦਲ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਦਿਹਾਤੀ ਖੇਤਰ ਦਾ ਸਰਬਪੱਖੀ ਵਿਕਾਸ ਨੂੰ ਗਤੀ ਦੇਣ ਲਈ ਸੂਬੇ ਦੀਆਂ 19 ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਹੋਏ ਵਿਚਾਰ-ਵਟਾਂਦਰੇ ਦੌਰਾਨ ਲਿਆ ਗਿਆ।
ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਹਰੇਕ ਯੂਨੀਵਰਸਿਟੀ ਅਪਣਾਏ ਗਏ ਪਿੰਡਾਂ ਦੇ ਨਾਮ ਦੀ ਸੂਚੀ ਇਕ ਹਫ਼ਤੇ ਵਿੱਚ ਸੌਂਪੇਗੀ ਜਿਸ ਉਪਰੰਤ ਯੂਨੀਵਰਸਿਟੀਆਂ ਦੇ ਮਾਹਿਰ ਇਨ੍ਹਾਂ ਪਿੰਡਾਂ ਦਾ ਆਰਥਿਕ-ਸਮਾਜਿਕ ਸਰਵੇਖਣ ਕਰਵਾ ਕੇ ਪਿੰਡ ਵਾਸੀਆਂ ਦੀ ਮੰਗ ਤੇ ਲੋੜ ਅਧਾਰਿਤ ਯੋਜਨਾ ਤਿਆਰ ਕਰਨਗੇ ਜਿਸ ਤਹਿਤ ਲੋਕਾਂ ਦੀ ਸਿਹਤ, ਸਿੱਖਿਆ, ਹੁਨਰ ਸਿਖਲਾਈ, ਵਿੱਤੀ ਵਸੀਲੇ ਪੈਦਾ ਕਰਨ ‘ਤੇ ਵੱਧ ਕੇਂਦਰਿਤ ਕੀਤਾ ਜਾਵੇਗਾ। ਯੂਨੀਵਰਸਿਟੀ ਮਾਹਿਰਾਂ ਵੱਲੋਂ ਦਿੱਤੀ ਸੇਧ ਮੁਤਾਬਕ ਸਰਕਾਰ ਵੱਲੋਂ ਯੋਜਨਾਵਾਂ ਨੂੰ ਅਮਲੀ ਰੂਪ ਵਿੱਚ ਲਿਆਉਣ ਲਈ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਛੇ ਮਹੀਨਿਆਂ ਬਾਅਦ ਇਨ੍ਹਾਂ ਪਿੰਡਾਂ ਦਾ ਖੁਦ ਕਰਕੇ ਪ੍ਰਗਤੀ ਦਾ ਜਾਇਜ਼ਾ ਲੈਣਗੇ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਯੂਨੀਵਰਸਿਟੀਆਂ ਮੁਹਾਰਤ ਤੇ ਤਕਨੀਕ ਦਾ ਖਜ਼ਾਨਾ ਹੁੰਦੀਆਂ ਹਨ ਜਿਸ ਕਰਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਡਾਪਟ ਕੀਤੇ ਪਿੰਡਾਂ ਦੇ ਸਰਵੇਖਣ ਮੌਕੇ ਕੋਈ ਵੀ ਪੱਖ ਅਣਛੋਹਿਆ ਨਾ ਰਹੇ ਕਿਉਂਕਿ ਵਿਕਾਸ ਦੀ ਸੰਪਰੂਨਤਾ ਨਾ ਹੋਣ ਕਰਕੇ ਸਾਡੇ ਸਾਰੇ ਯਤਨ ਅੱਧਵਾਟੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਮਰਪਿਤ ਭਾਵਨਾ ਨਾਲ ਮਿਸ਼ਨ ਦੇ ਤੌਰ ‘ਤੇ ਲੈਣਾ ਪੇਵਗਾ ਤਾਂ ਹੀ ਇਸ ਦਾ ਸਿੱਟਾਜਨਕ ਪ੍ਰਭਾਵ ਦੀ ਝਲਕ ਪਵੇਗੀ।
ਸ. ਬਾਦਲ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਵਿੱਚ ਕਾਬਲੀਅਤ ਤੇ ਹੁਨਰ ਦੀ ਕੋਈ ਕਮੀ ਨਹੀਂ ਹੈ ਪਰ ਉਨ੍ਹਾਂ ਨੂੰ ਸਮੇਂ ਸਿਰ ਸਹੀ ਸੇਧ ਨਾ ਮਿਲਣ ਕਰਕੇ ਉਹ ਮੌਕਿਆਂ ਤੋਂ ਪੱਛੜ ਜਾਂਦੇ ਹਨ। ਸਰਕਾਰੀ ਸਕੂਲਾਂ ਦੇ ਦਸਵੀਂ ਪਾਸ ਬੱਚਿਆਂ ਨੂੰ ਸੈਕੰਡਰੀ ਸਿੱਖਿਆ ਮੁੱਹਈਆ ਕਰਵਾਉਣ ਲਈ ਛੇ ਜ਼ਿਲ੍ਹਿਆਂ ਵਿੱਚ ਖੋਲ੍ਹੇ ਗਏ ਮੈਰੀਟੋਰੀਅਸ ਸਕੂਲਾਂ ਦੀ ਮਿਸਾਲ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਸਥਾਪਨਾ ਦਾ ਮੁੱਖ ਉਦੇਸ਼ ਹੀ ਸਰਕਾਰੀ ਸਕੂਲਾਂ ਵਿੱਚੋਂ ਹੋਣਹਾਰ ਤੇ ਗਰੀਬ ਬੱਚਿਆਂ ਨੂੰ ਮਿਆਰੀ ਤਾਲੀਮ ਦੇ ਕੇ ਉਨ੍ਹਾਂ ਵੱਲੋਂ ਸੰਜੋਏ ਸੁਪਨੇ ਸਾਕਾਰ ਕਰਨਾ ਸੀ। ਇਸ ਮੌਕੇ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੂੰ ਆਖਿਆ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਮੈਰੀਟੋਰੀਅਸ ਸਕੂਲਾਂ ਦੇ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸੇਧ ਦੇਣ ਤਾਂ ਕਿ ਇਹ ਬੱਚੇ ਭਵਿੱਖੀ ਚੁਣੌਤੀਆਂ ਨਾਲ ਸੌਖਿਆ ਹੀ ਨਜਿੱਠ ਸਕਣ।
ਮੀਟਿੰਗ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 51 ਪਿੰਡ ਅਤੇ ਗੁਰੂ ਅੰਗਦ ਦੇਵ ਵੈਟਨਰੀ ਸਾਇਸੰਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ ਛੇ ਪਿੰਡ ਅਪਨਾਉਣ ਦੀ ਸਹਿਮਤੀ ਦਿੱਤੀ ਗਈ ਹੈ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ, ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ, ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ, ਲਵਲੀ ਯੂਨੀਵਰਸਿਟੀ ਜਲੰਧਰ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆ, ਦੇਸ਼ ਭਗਤ ਯੂਨੀਵਰਸਿਟੀ, ਚਿਤਕਾਰਾ ਯੂਨੀਵਰਸਿਟੀ, ਰਿਆਤ ਬਾਹਰਾ ਯੂਨੀਵਰਸਿਟੀ, ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਗੁਰੂ ਕਾਸ਼ੀ ਯੂਨੀਵਰਸਿਟੀ, ਆਦੇਸ਼ ਯੂਨੀਵਰਸਿਟੀ ਬਠਿੰਡਾ, ਜੀ.ਐਨ.ਏ. ਯੂਨੀਵਰਸਿਟੀ ਅਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਪੰਜ-ਪੰਜ ਪਿੰਡ ਅਪਨਾਉਣ ਦੀ ਸਹਿਮਤੀ ਦਿੱਤੀ ਗਈ ਹੈ। ਇਸੇ ਤਰ੍ਹਾਂ ਨਾਬਾਰਡ ਦੇ ਜਨਰਲ ਮੈਨੇਜਰ ਨੇ ਮੁੱਖ ਮੰਤਰੀ ਨੂੰ ਪੰਜ ਪਿੰਡ ਅਪਣਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਉਚੇਰੀ ਸਿੱਖਿਆ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਮੁੱਖ ਮੰਤਰੀ ਦੇ ਕੌਮੀ ਮਾਮਲਿਆਂ ਤੇ ਮੀਡੀਆ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਅਤੇ ਸ੍ਰੀ ਅਜੋਏ ਸ਼ਰਮਾ, ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕਾਰਜਕਾਰੀ ਉਪ ਕੁਲਪਤੀ ਸ੍ਰੀ ਰਾਕੇਸ਼ ਵਰਮਾ, ਨਾਬਾਰਡ ਦੇ ਜਨਰਲ ਮੈਨੇਜਰ ਸ੍ਰੀ ਕ੍ਰਿਸ਼ਨ ਸਿੰਘ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਕੁਲਪਤੀ, ਉਪ ਕੁਲਪਤੀ ਤੇ ਹੋਰ ਨੁਮਾਇੰਦੇ ਹਾਜ਼ਰ ਸਨ।