ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਵੇਂ ਵਰ੍ਹੇ 2016 ਦੀ ਪੂਰਵ ਸੰਧਿਆ ‘ਤੇ ਵਧਾਈ ਦਿੱਤੀ ਹੈ।
ਇਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਆਪਣੀਆਂ ਸ਼ੁੱਭ ਇਛਾਵਾਂ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਆਉਂਦਾ ਵਰ੍ਹਾ ਪੰਜਾਬੀਆਂ ਲਈ ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇਗਾ। ਸ. ਬਾਦਲ ਨੇ ਕਿਹਾ ਕਿ ਨਵਾਂ ਸਾਲ ਸੂਬੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਨੂੰ ਗਤੀ ਦੇਣ ਤੋਂ ਇਲਾਵਾ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਪੀਢਾ ਕਰੇਗਾ। ਸ. ਬਾਦਲ ਨੇ ਸਮੂਹਿਕ ਵਿਕਾਸ ਰਾਹੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬੀਆਂ ਨੂੰ ਅਹਿਦ ਲੈਣ ਦਾ ਸੱਦਾ ਦਿੱਤਾ ਤਾਂ ਕਿ ਵਿਕਾਸ ਦਾ ਲਾਭ ਹੇਠਲੇ ਪੱਧਰ ‘ਤੇ ਖਾਸ ਕਰਕੇ ਗਰੀਬ ਤੋਂ ਗਰੀਬ ਤੱਕ ਵੀ ਪਹੁੰਚ ਸਕੇ। ਸ. ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ,”ਨਵੇਂ ਵਰ੍ਹੇ ਵਿੱਚ ਪੰਜਾਬ ਨਵੀਂਆਂ ਉਚਾਈਆਂ ਨੂੰ ਛੂਹਣ ਲਈ ਤਿਆਰ ਹੈ ਅਤੇ ਮੈਂ ਇਸ ਟੀਚੇ ਲਈ ਤੁਹਾਡੇ ਪੂਰਨ ਸਹਿਯੋਗ ਤੇ ਮਿਲਵਰਤਣ ਦੀ ਮੰਗ ਕਰਦਾ ਹਾਂ।”
ਮੁੱਖ ਮੰਤਰੀ ਵੱਲੋਂ ਸਾਲ 2016 ਦੀ ਡਾਇਰੀ ਤੇ ਕੈਲੰਡਰ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਇੱਥੇ ਆਪਣੇ ਨਿਵਾਸ ਸਥਾਨ ‘ਤੇ ਪੰਜਾਬ ਸਰਕਾਰ ਦੀ ਸਾਲ 2016 ਦੀ ਡਾਇਰੀ ਤੇ ਕੈਲੰਡਰ ਜਾਰੀ ਕੀਤਾ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦੇ ਡਿਜ਼ਾਇਨ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਤਿਆਰ ਕੀਤਾ ਜਦਕਿ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ, ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਦੇ ਕੌਮੀ ਮਾਮਲਿਆਂ ਤੇ ਮੀਡੀਆ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਵਧੀਕ ਮੁੱਖ ਸਕੱਤਰ (ਸੂਚਨਾ ਤੇ ਲੋਕ ਸੰਪਰਕ) ਸ੍ਰੀ ਕਰਨ ਅਵਤਾਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਵੀ ਹਾਜ਼ਰ ਸਨ।