‘ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ’ ਦੇ ਪਿੱਛੇ ਕੋਈ ਸਿਆਸੀ ਮੰਤਵ ਨਹੀਂ : ਬਾਦਲ

5ਅੰਮ੍ਰਿਤਸਰ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੂੰ ਦੇਸ਼ ਭਰ ਦਾ ਇਕੋ-ਇਕ ਧਰਮ ਨਿਰਪੱਖ ਸ਼ਾਸਨ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ‘ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਹੈ।
ਪਿਛਲੀ ਸ਼ਾਮ ਨਵੇਂ ਵਰ੍ਹੇ ਦੇ ਮੌਕੇ ‘ਤੇ ਮੰਡੀ ਭਗਤਾਂਵਾਲੀ ਵਿਖੇ ਆਦਿ ਧਰਮ ਸਮਾਜ ਦੁਆਰਾ ਅਯੋਜਿਤ ਕਰਵਾਏ ਧਾਰਮਿਕ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਵੱਲੋਂ ਇਸ ਸਕੀਮ ਪਿੱਛੇ ਸਿਆਸੀ ਮਕਸਦ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਇਕਮਾਤਰ ਉਦੇਸ਼ ਪੰਜਾਬੀਆਂ ਨੂੰ ਉਨ੍ਹਾਂ ਦੇ ਪਵਿੱਤਰ ਧਾਰਮਿਕ ਸਥਾਨਾਂ ਸ੍ਰੀ ਹਜ਼ੂਰ ਸਾਹਿਬ, ਵਾਰਾਨਸੀ, ਮਾਤਾ ਵੈਸ਼ਨੋ ਦੇਵੀ ਅਤੇ ਅਜਮੇਰ ਸ਼ਰੀਫ ਦੇ ਦਰਸ਼ਨ ਕਰਵਾਉਣਾ ਹੈ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਮੁਫਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਰਹੀ ਹੈ।
ਸੂਬੇ ਦੀ ਅਮੀਰ ਵਿਰਾਸਤ ਦੇ ਪ੍ਰਚਾਰ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਗਿਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1000 ਕਰੋੜ ਰੁਪਏ ਦੀ ਲਾਗਤ ਨਾਲ ਅਨੇਕਾਂ ਯਾਦਗਾਰਾਂ ਬਣਾਈਆਂ ਹਨ ਜਦਕਿ ਜੰਗੀ ਯਾਦਗਾਰ, ਜੰਗ-ਏ-ਆਜ਼ਾਦੀ ਯਾਦਗਾਰ, ਭਗਵਾਨ ਵਾਲਮੀਕਿ ਯਾਦਗਾਰ ਅਤੇ ਹੋਰ ਯਾਦਗਾਰਾਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਯਾਦਗਾਰਾਂ ਦੇ ਨਿਰਮਾਣ ਲਈ ਵਿਰੋਧੀ ਧਿਰ ਵੱਲੋਂ ਕੀਤੀ ਜਾ ਰਹੀ ਆਧਾਰਹੀਣ ਅਲੋਚਨਾ ਨੂੰ ਨਕਾਰਦਿਆਂ ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਅਮੀਰ ਵਿਰਸੇ ਨੂੰ ਭਵਿੱਖੀ ਪੀੜੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਵਾਲਮੀਕਿ ਤੀਰਥ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਅਤਿ-ਆਧੁਨਿਕ ਯਾਦਗਾਰ ਇਸ ਸਾਲ ਦੇਸ਼ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਥਾਂ ‘ਤੇ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਦੀ ਰਚਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਜੋ ਕਿ 250 ਕਰੋੜ ਰੁਪਏ ਦੀ ਲਾਗਤ ਨਾਲ ਛੇਤੀ ਹੀ ਬਣ ਕੇ ਤਿਆਰ ਹੋ ਜਾਵੇਗੀ।
ਨਵੇਂ ਸਾਲ 2016 ਲਈ ਆਪਣੇ ਏਜੰਡੇ ਨੂੰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਸੂਬੇ ਦੇ ਕਮਜ਼ੋਰ ਤੇ ਦੱਬ-ਕੁਚਲੇ ਵਰਗਾਂ ਦੀ ਭਲਾਈ ਲਈ ਯਕੀਨੀ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕਰਦੀ ਰਹੇਗੀ। ਸੂਬੇ ਦੇ ਲੋਕਾਂ ਵੱਲੋਂ ਉਨ੍ਹਾਂ ‘ਤੇ ਮੁੱਖ ਮੰਤਰੀ ਦੀ ਪਾਈ ਜ਼ਿੰਮੇਵਾਰੀ ਦੇ ਸਮੇਂ ਨੂੰ ਯਾਦ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਨੂੰ ਮੁੱਖ ਪਹਿਲ ਦਿੱਤੀ ਹੈ। ਸ. ਬਾਦਲ ਨੇ ਕਿਹਾ ਕਿ ਸ਼ਗਨ, ਆਟਾ-ਦਾਲ, ਮਾਈ ਭਾਗੋ ਇਸਤਰੀ ਵਿਦਿਆ ਸਕੀਮ ਅਤੇ ਹੋਰ ਗਰੀਬਾਂ ਪੱਖੀ ਸਕੀਮਾਂ ਉਨ੍ਹਾਂ ਦੀ ਸਰਕਾਰ ਨੇ ਸਮਾਜ ਦੇ ਦੱਬੇ-ਕੁਚਲੇ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸ਼ੁਰੂ ਕੀਤੀਆਂ ਹਨ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਹੇਠ ਇਨ੍ਹਾਂ ਵਰਗਾਂ ਲਈ ਪੈਨਸ਼ਨਾਂ ਦੀ ਰਾਸ਼ੀ ਦੁੱਗਣੀ ਕਰਨ ਦਾ ਫੈਸਲਾ ਕੀਤਾ ਹੈ।
ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵਧੀਆ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਗਰੀਬ ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ ਤਾਂ ਜੋ ਉਨ੍ਹਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਿਆ ਜਾ ਸਕੇ। ਸੂਬਾ ਸਰਕਾਰ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਹੇਠ ਸੂਬੇ ਦੇ ਤਰਕੀਬਨ 28.50 ਲੱਖ ਨੀਲਾ ਕਾਰਡ ਧਾਰਕਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਦੀ ਸਹੂਲਤ 30,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਸਕੀਮ ਦੇ ਹੇਠ ਰਜਿਸਟਰਡ ਪਰਿਵਾਰ ਦੇ ਮੁਖੀ ਦੀ ਹਾਦਸੇ ਦੌਰਾਨ ਮੌਤ ਹੋਣ ਜਾਂ ਅਪੰਗ ਦੀ ਸੂਰਤ ਵਿੱਚ ਪ੍ਰਭਾਵਿਤ ਪਰਿਵਾਰ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕਰਨ ਲਈ ਆਦਿ ਧਰਮ ਸਮਾਜ ਵੱਲੋਂ ਨਵਾਂ ਸਾਲ ਮਨਾਉਣ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਸਮਾਜ ਦੇ ਹਰ ਨੁੱਕਰ ਵਿੱਚ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਖੁਸ਼ੀਆਂ ਭਰੇ ਮੌਕੇ ਪਰਮਾਤਮਾ ਦਾ ਅਸ਼ੀਰਵਾਦ ਹਾਸਲ ਕੀਤਾ ਜਾ ਸਕੇ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਆਦਿ ਧਰਮ ਸਮਾਜ ਦੇ ਮੁਖੀ ਸ੍ਰੀ ਦਰਸ਼ਨ ਰਤਨ ਰਾਵਨ, ਸਫਾਈ ਕਰਮਚਾਰੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਾਜ ਕੁਮਾਰ ਅਤੀਕਾਏ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਨਾ ਰਾਜੂ ਹਾਜ਼ਰ ਸਨ।

LEAVE A REPLY