ਮੁੱਖ ਮੰਤਰੀ ਵੱਲੋਂ ‘ਨਵ-ਯੋਜਨਾ ਸਕੀਮ’ ਨੂੰ ਪ੍ਰਵਾਨਗੀ

1ਚੰਡੀਗੜ  : ਪੰਜਾਬ ਦੇ ਕਿਸਾਨਾਂ ਦੇ ਉੱਦਮੀ ਜਜ਼ਬੇ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਸਾਲਾਨਾ ਨਗਦ ਇਨਾਮ ਨਾਲ ਸਨਮਾਨਿਤ ਕਰਨ ਲਈ ‘ਨਵ-ਯੋਜਨਾ ਸਕੀਮ’ (ਨਿਊ ਪਲਾਨ ਸਕੀਮ) ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫਾਈਲ ‘ਤੇ ਅੱਜ ਸ਼ਾਮ ਮੁੱਖ ਮੰਤਰੀ ਨੇ ਸਹੀ ਪਾ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਦਾ ਮੰਤਵ ਪੰਜਾਬ ਦੇ ਕਿਸਾਨਾਂ ਵੱਲੋਂ ਪਾਏ ਲਾਮਿਸਾਲ ਯੋਗਦਾਨ ਨੂੰ ਮਾਨਤਾ ਦੇ ਕੇ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਇਸ ਸਕੀਮ ਨੂੰ ਆਉਂਦੇ ਬਜਟ ਵਿੱਚ ‘ਪਲਾਨ ਸਕੀਮ’ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਸਕੀਮ ਤਹਿਤ ਖੇਤੀਬਾੜੀ ਅਤੇ ਪਸ਼ੂਧਨ ਦੀਆਂ ਵੱਖ-ਵੱਖ ਸ਼੍ਰੇਣੀਆਂ ਤੋਂ ਤਿੰਨ-ਤਿੰਨ ਕਿਸਾਨਾਂ ਨੂੰ ਆਪੋ-ਆਪਣੇ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਸੂਬਾ ਸਰਕਾਰ ਵੱਲੋਂ ਨਗਰ ਇਨਾਮ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਇਹ ਕਦਮ ਕਿਸਾਨਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ•ਾਂ ਨੂੰ ਆਪੋ-ਆਪਣੇ ਖੇਤਰ ਵਿੱਚ ਹੋਰ ਵਧੇਰੇ ਉੱਦਮ ਤੇ ਨਵੀਨਤਾ ਅਪਨਾਉਣ ਲਈ ਪ੍ਰੇਰਿਤ ਕਰੇਗਾ।
ਮੁੱਖ ਮੰਤਰੀ ਨੇ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਜੀ.ਐਸ. ਕਾਲਕਟ ਦੀ ਅਗਵਾਈ ਵਿੱਚ ਇਨਾਮੀ ਮੁਕਾਬਲੇ ਦੇ ਜੱਜਾਂ ਦੇ ਬੋਰਡ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਉਪ ਕੁਲਪਤੀ, ਪਸ਼ੂ ਧਨ ਦੇ ਸਲਾਹਕਾਰ ਡਾ. ਬੀ.ਕੇ. ਉੱਪਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਸ੍ਰੀ ਕੁਲਵੰਤ ਸਿੰਘ ਆਹਲੂਵਾਲੀਆ ਇਸ ਬੋਰਡ ਦੇ ਮੈਂਬਰ ਹੋਣਗੇ ਜੋ ਇਨ•ਾਂ ਐਵਾਰਡਾਂ ਤੇ ਸਨਮਾਨ ਲਈ ਐਵਾਰਡੀਆਂ ਦੀ ਚੋਣ ਕਰਨਗੇ।

LEAVE A REPLY