ਜਲੰਧਰ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਜ਼ਿਲਾ ਪੱਧਰੀ ਮੀਟਿੰਗ ਸ਼ਨੀਵਾਰ ਨੂੰ ਨੂਰਮਹਿਲ ਵਿਖੇ ਕੀਤੀ ਗਈ। ਇਸ ਵਿਚ ਬਸਪਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ. ਅਵਤਾਰ ਕਰੀਮਪੁਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 1992 ਦੀਆਂ ਚੋਣਾਂ ਦੇ ਪ੍ਰਚਾਰ ਦੌਰਾਨ ਬਸਪਾ ਦੇ 9 ਵਰਕਰ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ ਪਾਰਟੀ ਵਲੋਂ ਹਰੇਕ ਸਾਲ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਵਾਰ ਵੀ ਬਸਪਾ ਵਲੋਂ 16 ਫਰਵਰੀ ਨੂੰ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਨੂਰਮਹਿਲ ਵਿਖੇ ਜ਼ਿਲਾ ਪੱਧਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਦੀ ਸੱਤਾ ਹਾਸਲ ਕਰਕੇ ਸਾਹਿਬ ਕਾਂਸ਼ੀ ਰਾਮ ਜੀ ਦਾ ਸੁਪਨਾ ਪੂਰਾ ਕਰੇਗੀ ਅਤੇ ਬਸਪਾ ਦਾ ਇਹ ਅੰਦੋਲਨ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਦੇਸ਼ਭਰ ਵਿਚ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਸਪਾ ਇਸ ਸਮੇਂ ਦੇਸ਼ ਦੀ ਤੀਜੀ ਸਭ ਤੋਂ ਵੱਡੀ ਰਾਜਨੀਤਕ ਤਾਕਤ ਹੈ। ਮੌਜੂਦਾ ਅਤੇ ਆਉਣ ਵਾਲੀ ਪੀੜ੍ਹੀ ਲਈ ਇਹ ਸ਼ਹੀਦੀਆਂ ਹਮੇਸ਼ਾ ਹੀ ਪ੍ਰੇਰਣਾ ਸਰੋਤ ਹਨ।
ਸ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ 16 ਫਰਵਰੀ ਨੂੰ ਨੂਰਮਹਿਲ ਵਿਖੇ ਪ੍ਰੋਗਰਾਮ ਕੀਤਾ ਜਾਵੇਗਾ। ਇਸ ਵਿਚ ਮੁੱਖ ਮਹਿਮਾਨ ਬਸਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਨਰਿੰਦਰ ਕਸ਼ਯਪ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਦੀ ਤਰ੍ਹਾਂ ਹੀ ਲੁਧਿਆਣਾ ਤੇ ਮੋਹਾਲੀ ਵਿਚ ਵੀ ਬਸਪਾ ਅੰਦੋਲਨ ਲਈ ਸ਼ਹੀਦ ਹੋਏ ਨੌਜਵਾਨਾਂ ਦੀ ਯਾਦ ਵਿਚ 23 ਤੇ 24 ਫਰਵਰੀ ਨੂੰ ਜ਼ਿਲਾ ਪੱਧਰੀ ਸਮਾਗਮ ਕੀਤੇ ਜਾਣਗੇ ਅਤੇ ਬਸਪਾ ਨੂੰ ਸੱਤਾ ਵਿਚ ਲਿਆਉਣ ਲਈ ਸੰਕਲਪ ਲਿਆ ਜਾਵੇਗਾ। ਇਸ ਮੌਕੇ ਬਸਪਾ ਦੇ ਸੂਬਾ ਕੋਆਰਡੀਨੇਟਰ ਰਸ਼ਪਾਲ ਰਾਜੂ ਤੇ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਗੁਰਮੇਲ ਚੁੰਬਰ, ਜਲੰਧਰ ਜ਼ੋਨ ਇੰਚਾਰਜ ਬਲਵਿੰਦਰ ਅੰਬੇਡਕਰ ਆਦਿ ਵੀ ਮੌਜੂਦ ਸਨ।