ਕੇਜਰੀਵਾਲ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਬੰਦ ਕਰਨ ਦੇ ਫੈਸਲੇ ”ਤੇ ਬੋਲੇ ਜਥੇ. ਮੱਕੜ

4ਅੰਮ੍ਰਿਤਸਰ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਦਿੱਲੀ ਦੇ ਸਕੂਲਾਂ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਪੰਜਾਬੀ, ਉਰਦੂ ਤੇ ਸੰਸਕ੍ਰਿਤੀ ਭਾਸ਼ਾ ਨੂੰ ਬੰਦ ਕਰਨ ਦੇ ਕੀਤੇ ਗਏ ਫੈਸਲੇ ਦਾ ਸਖਤ ਸ਼ਬਦਾਂ ਵਿਚ ਨੋਟਿਸ ਲੈਂਦਿਆਂ ਇਸ ਨੂੰ ਮੰਦਭਾਗਾ ਤੇ ਨਿੰਦਣਯੋਗ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਹਿਣੀ ਤੇ ਕਥਨੀ ਵਿਚ ਪੂਰੀ ਨਾ ਉਤਰਨ ਵਾਲੀ ਕੇਜਰੀਵਾਲ ਸਰਕਾਰ ਨੇ ਬਹੁਤ ਜਲਦੀ ਆਪਣੇ ਰੰਗ ਬਦਲਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦਾ ਫੈਸਲਾ ਘੱਟ ਗਿਣਤੀ ਸਿੱਖਾਂ ‘ਤੇ ਹਮਲਾ ਹੈ, ਜੋ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਸਰਕਾਰ ਪੰਜਾਬੀ ਨੂੰ ਦੂਸਰੀ ਭਾਸ਼ਾ ਦਾ ਦਰਜਾ ਦੇਣ ਵਾਲੇ ਉਸ ਕਾਨੂੰਨ ਨੂੰ ਵਾਪਸ ਨਹੀਂ ਲੈ ਸਕਦੀ ਜੋ ਪਾਰਲੀਮੈਂਟ ਵਿਚ ਪਾਸ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਕੈਨੇਡਾ ਵਰਗੇ ਮੁਲਕ ਵਿਚ ਪੰਜਾਬੀ ਭਾਸ਼ਾ ਨੂੰ ਤੀਜਾ ਦਰਜਾ ਦਿੱਤਾ ਗਿਆ ਹੈ ਪਰ ਆਪਣੇ ਮੁਲਕ, ਖਾਸ ਤੌਰ ‘ਤੇ ਦੇਸ਼ ਦੀ ਰਾਜਧਾਨੀ ਵਿਚ ਪੰਜਾਬੀ ਭਾਸ਼ਾ ਨਾਲ ਮਤਰੇਈ ਮਾਂ ਵਰਗਾ ਸਲੂਕ ਹੋਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੀ ਦੁਸ਼ਮਣ ਕੇਜਰੀਵਾਲ ਦੀ ਸਰਕਾਰ ਵੱਲੋਂ ਪੰਜਾਬੀ ਨੂੰ ਅੱਖੋਂ-ਪਰੋਖੇ ਕਰਨ ਨਾਲ ਉਸ ਦਾ ਪੰਜਾਬੀ ਪ੍ਰੇਮੀਆਂ ਤੇ ਸਿੱਖਾਂ ਪ੍ਰਤੀ ਘ੍ਰਿਣਾਤਮਕ ਤੇ ਵਿਤਕਰੇਬਾਜ਼ ਵਾਲਾ ਚਿਹਰਾ ਨੰਗਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ‘ਚ ਪੰਜਾਬੀ ਭਾਸ਼ਾ ਵਿਚ ਕੰਮ ਕੀਤਾ ਜਾਂਦਾ ਹੈ ਉਸੇ ਤਰਜ਼ ‘ਤੇ ਦਿੱਲੀ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਵਿਭਾਗਾਂ ਵਿਚ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਵਾਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ‘ਚ ਪੰਜਾਬੀ ਅਧਿਆਪਕ ਨਹੀਂ ਹਨ ਉਨ੍ਹਾਂ ਸਕੂਲਾਂ ‘ਚ ਪੰਜਾਬੀ ਅਧਿਆਪਕ ਦਿੱਤੇ ਜਾਣ। ਉਨ੍ਹਾਂ ਦਿੱਲੀ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਕੂਲਾਂ ‘ਚ ਪੰਜਾਬੀ ਭਾਸ਼ਾ ਨੂੰ ਬੰਦ ਕਰਨ ਦੇ ਦਿੱਤੇ ਗਏ ਫੈਸਲੇ ਨੂੰ ਤੁਰੰਤ ਵਾਪਸ ਲੈਣ।

LEAVE A REPLY