ਸਵੱਛ ਭਾਰਤ ਅਭਿਆਨ ਸਕੀਮ ਤਹਿਤ ਚਾਰ ਮੈਂਬਰੀ ਕਮੇਟੀ ਗਠਿਤ

9ਚੰਡੀਗੜ੍ਹ  : ਪੰਜਾਬ ਸਰਕਾਰ ਨੇ ਰਾਜ ਦੇ ਪਿੰਡਾਂ ਵਿਚ ਸਵੱਛ ਭਾਰਤ ਅਭਿਆਨ ਸਕੀਮ ਨੂੰ ਵਧੇਰੇ ਅਸਰਦਾਇਕ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਚਾਰ ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਸ ਸਕੀਮ ਲਈ ਸਰਕਾਰ ਵਲੋਂ ਸਾਲ 2016-17 ਲਈ 2.20 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖੀ ਗਈ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਇਸ ਕਮੇਟੀ ਦੇ ਮੈਂਬਰ ਹੋਣਗੇ।
ਬੁਲਾਰੇ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਲੋਂ ਸ਼ੁਰੂ ਕੀਤੀ ਸਵੱਛ ਭਾਰਤ ਅਭਿਆਨ ਸਕੀਮ ਉਦੋਂ ਹੀ ਸਫਲ ਹੋ ਸਕਦੀ ਹੈ ਜੇਕਰ ਪਿੰਡਾਂ ਦੀ 70 ਫ਼ੀਸਦ ਆਬਾਦੀ ਇਸ ਨੂੰ ਅਪਣਾਉਂਦੀ ਹੈ। ਇਸ ਉਤੱਮ ਕਾਰਜ ਲਈ ਗ੍ਰਾਮ ਪੰਚਾਇਤਾਂ ਨੂੰ ਪ੍ਰੇਰਿਤ ਕਰਨ ਲਈ ਹਰੇਕ ਜ਼ਿਲ੍ਹੇ ਵਿਚ ਇਸ ਸਬੰਧੀ ਸ਼ਾਨਦਾਰ ਕਾਰਜ ਕਰਨ ਵਾਲੀਆ ਤਿੰਨ ਗ੍ਰਾਮ ਪੰਚਾਇਤਾਂ ਨੂੰ  5 ਲੱਖ, 3 ਲੱਖ ਅਤੇ 2 ਲੱਖ ਰੁਪਏ ਦਾ ਇਨਾਮ ਦੇਣ ਦੀ ਤਜਵੀਜ਼ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਕੀਮ ਨੂੰ ਪਿੰਡਾਂ ਦੇ ਵਿਕਾਸ ਲਈ ਹਰ ਪੱਖੋਂ ਲਾਗੂ ਕਰਨ ਅਤੇ ਗਰਾਮ ਪੰਚਾਇਤਾਂ ਦੀ ਚੋਣ ਲਈ ਵਿਧੀ ਨੂੰ ਵਿਚਾਰਨ ਲਈ ਮੀਟਿੰਗ ਚੰਡੀਗੜ੍ਹ ਵਿਖੇ ਮਿਤੀ 18 ਮਈ, 2016 ਨੂੰ ਰੱਖੀ ਗਈ ਹੈ।

LEAVE A REPLY