5ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਰਾਜਸਥਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਅਪਣਾਏ ਜਾ ਰਹੇ ਵਿਰੋਧੀ ਰਵੱਈਏ ਦਾ ਮਾਮਲਾ ਉਹ ਰਾਜਸਥਾਨ ਦੀ ਮੁੱਖ ਮੰਤਰੀ ਸ੍ਰੀਮਤੀ ਵਸੁੰਧਰਾ ਰਾਜੇ ਕੋਲ ਉਠਾਉਣਗੇ।
ਲੰਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਰਾਜਸਥਾਨ ਸਰਕਾਰ ਨੇ ਪੰਜਾਬੀਆਂ ਦੀ ਵਸੋਂ ਵਾਲੇ ਇਲਾਕਿਆਂ ਵਿੱਚ ਸਰਕਾਰੀ ਸਕੂਲਾਂ ਵਿੱਚੋਂ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਹਨ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੰਜਾਬੀ ਦੀਆਂ ਕਿਤਾਬਾਂ ਵੀ ਮੁਫਤ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਇਸ ਤੋਂ ਇਲਾਵਾ ਪੰਜਾਬੀ ਅਧਿਆਪਕਾਂ ਲਈ ਭਰਤੀ ਪ੍ਰਕ੍ਰਿਆ ਵੀ ਸ਼ੁਰੂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਜੋ ਰਾਜਸਥਾਨ ਵਿੱਚ ਵਸਦੇ ਪੰਜਾਬੀਆਂ ਨਾਲ ਸਰਾਸਰ ਬੇਇਨਸਾਫੀ ਹੈ। ਸ. ਬਾਦਲ ਨੇ ਕਿਹਾ ਕਿ ਉਹ ਰਾਜਸਥਾਨ ਦੇ ਮੁੱਖ ਮੰਤਰੀ ਕੋਲ ਇਸ ਮਸਲੇ ਨੂੰ ਉਠਾ ਕੇ ਛੇਤੀ ਹੱਲ ਕਰਨ ਦੀ ਮੰਗ ਕਰਨਗੇ।
ਇਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ ਸੀ। ਪਰ ਨਾਲ ਹੀ ਸ. ਬਾਦਲ ਨੇ ਕਿਹਾ ਕਿ ਉਹ ਆਪਣੀ ਅੰਮ੍ਰਿਤਸਰ ਫੇਰੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਇਕ ਆਮ ਸ਼ਰਧਾਲੂ ਵਜੋਂ ਨਤਮਸਤਕ ਹੁੰਦੇ ਹਨ ਨਾ ਕਿ ਸਿਰੋਪਾਓ ਲੈਣ ਲਈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਉਨ੍ਹਾਂ ਦੀ ਗੂੜੀ ਆਸਥਾ ਹੈ ਜਿਸ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਪੁਰਖ ਦਾ ਅਸ਼ੀਰਵਾਦ ਲੈਣਾ ਆਪਣਾ ਫਰਜ਼ ਸਮਝਦੇ ਹਨ।
ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਪ੍ਰਤੀ ਅਕਾਲੀ-ਭਾਜਪਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਹਰੇਕ ਘਟਨਾ ‘ਤੇ ਚੌਕਸੀ ਰੱਖੀ ਜਾ ਰਹੀ ਹੈ ਅਤੇ ਇਸ ਸਬੰਧੀ ਕੋਈ ਅਣਗਹਿਲੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ।
ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਉਨ੍ਹਾਂ ਉਪਰ ਹੋਏ ਹਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਪਾਸੋਂ ਕਰਵਾਉਣ ਦੀ ਮੰਗ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਜਾਂਚ ਲਈ ਸਮਰੱਥ ਹੈ ਅਤੇ ਪੁਲੀਸ ਨੂੰ ਇਹ ਜਾਂਚ ਮੁਕੰਮਲ ਕਰਨ ਦਿੱਤੀ ਜਾਣੀ ਚਾਹੀਦੀ ਹੈ।
ਸੰਗਤ ਦਰਸ਼ਨ ਪ੍ਰੋਗਰਾਮ ਦੀ ਮਹੱਤਤਾ ਨੂੰ ਦਰਸਾਉਂਦਿਆਂ ਸ. ਬਾਦਲ ਨੇ ਕਿਹਾ ਕਿ ਮੁਲਕ ਵਿੱਚ ਪੰਜਾਬ ਹੀ ਇਕਲੌਤਾ ਸੂਬਾ ਹੈ ਜਿੱਥੇ ਮੁੱਖ ਮੰਤਰੀ ਖੁਦ ਸੰਗਤ ਦਰਸ਼ਨ ਪ੍ਰੋਗਰਾਮਾਂ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਦਾ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਗਰਮੀ ਦੀ ਸਿਖਰ ਵਿੱਚ ਵੀ ਹਫਤੇ ਵਿੱਚ ਚਾਰ ਦਿਨ ਸੰਗਤ ਦਰਸ਼ਨ ਪ੍ਰੋਗਰਾਮ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਜ਼ਮੀਨੀ ਹਕੀਕਤਾਂ ਨੂੰ ਜਾਣਨ ਅਤੇ ਉਸ ਮੁਤਾਬਕ ਨੀਤੀਆਂ ਤੇ ਯੋਜਨਾਵਾਂ ਘੜਨ ਵਿੱਚ ਬਹੁਤ ਸਹਾਈ ਹੁੰਦੇ ਹਨ ਕਿਉਂਕਿ ਹਰੇਕ ਮਹਿਕਮੇ ਦੇ ਉਚ ਅਧਿਕਾਰੀ ਵੀ ਹਾਜ਼ਰ ਹੁੰਦੇ ਹਨ।
ਮੁੱਖ ਮੰਤਰੀ ਨੇ ਅੱਜ ਪਿੰਡ ਭਾਗੂ, ਮਹਿਣਾ, ਚੱਕ ਮਿੱਡੂ ਸਿੰਘ ਵਾਲਾ, ਵਣਵਾਲਾ, ਕੱਖਾਂਵਾਲੀ, ਮਿੱਡੂ ਖੇੜਾ, ਘੁਮਿਆਰਾ ਅਤੇ ਲੋਹਾਰਾ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ।
ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਸ. ਅਵਤਾਰ ਸਿੰਘ ਵਣਵਾਲਾ, ਸ. ਗੁਰਬਖਸ਼ੀਸ ਸਿੰਘ ਵਿੱਕੀ ਚੇਅਰਮੈਨ, ਸ੍ਰੀ ਹਰਿੰਦਰ ਸਿੰਘ ਗੋਪੀ ਤਰਮਾਲਾ, ਸ. ਹਰਮੇਸ਼ ਸਿੰਘ ਖੁੱਡੀਆਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਮੀਤ ਜਾਰੰਗਲ, ਡੀ.ਆਈ.ਜੀ. ਸ੍ਰੀ ਯੁਰਿੰਦਰ ਸਿੰਘ ਹੇਅਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਹਾਜ਼ਰ ਸਨ।

LEAVE A REPLY