710 ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਕਰੀਬ 77 ਲੱਖ ਰੁਪਏ ਦੀ ਰਾਸ਼ੀ ਦੇ ਚੈਕ
ਕੇਂਦਰ ਅਤੇ ਸੂਬਾ ਸਰਕਾਰ ਦਾ ਟਿੱਚਾ ਹਰੇਕ ਵਿਅਕਤੀ ਲਈ ਮਕਾਨ, ਬਿਜਲੀ ਅਤੇ ਪਖਾਣਿਆਂ ਦੀ ਸਹੂਲਤਾਂ ਪ੍ਰਦਾਨ ਕਰਨਾ
ਮਾਨਸਾ/ਚੰਡੀਗੜ੍ਹ  : ਭਾਰਤ ਸਰਕਾਰ ਅਤੇ ਸੂਬਾ ਸਰਕਾਰ ਦਾ ਟਿੱਚਾ ਹਰੇਕ ਵਿਅਕਤੀ ਲਈ ਮਕਾਨ, ਬਿਜਲੀ ਅਤੇ ਪਖਾਣਿਆਂ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿਖੇ ਇੰਦਰਾ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪੁਰਾਣੇ ਮਕਾਨਾਂ ਦੀ ਮੁਰੰਮਤ ਅਤੇ ਨਵੇਂ ਮਕਾਨਾਂ ਦੀ ਉਸਾਰੀ ਲਈ ਚੈਕ ਵੰਡ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਆਪਣੀ ਸਰਕਾਰ ਹੋਣ ਕਾਰਨ ਹੁਣ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਅੰਦਰ 3000 ਪ੍ਰੀਵਾਰਾਂ ਨੂੰ ਇਸ ਯੋਜਨਾ ਤਹਿਤ ਸਵਾ 6 ਕਰੋੜ ਦੇ ਚੈਕ ਵੰਡੇ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਮਾਨਸਾ ਵਿਖੇ 10 ਪਿੰਡਾਂ ਦੇ ਲਾਭਪਾਤਰੀਆਂ ਨੂੰ ਕੁੱਲ 278 ਮਕਾਨਾਂ ਦੀ ਮੁਰੰਮਤ ਅਤੇ ਨਵੇਂ ਮਕਾਨਾਂ ਦੀ ਉਸਾਰੀ ਲਈ ਕਰੀਬ 77 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਵੰਡੇ।
ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਜੋ ਮੌਸਮੀ ਡੱਡੂਆਂ ਵਾਂਗ ਹੁਣ ਵੋਟਾਂ ਨੇੜੇ ਨਿਕਲ ਕੇ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਵਾਅਦੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਪਿਛਲੇ 9 ਸਾਲਾਂ ਤੋਂ ਲਗਾਤਾਰ ਅਤੇ ਇਸ ਤੋਂ ਪਹਿਲਾਂ ਵੀ ਜਦੋਂ ਅਕਾਲੀ-ਭਾਜਪਾ ਸਰਕਾਰ ਸੱਤਾ ਵਿਚ ਆਈ ਹੈ, ਦੇ ਆਂਕੜੇ ਦੱਸਦੇ ਹਨ ਕਿ ਸੂਬਾ ਵਾਸੀਆਂ ਨੂੰ ਜੋ ਸਹੂਲਤਾਂ ਬਾਦਲ ਸਰਕਾਰ ਨੇ ਦਿੱਤੀਆਂ ਹਨ ਅਤੇ ਸੂਬੇ ਦਾ ਜਿਨ੍ਹੀਂ ਤੇਜ਼ੀ ਨਾਲ ਵਿਕਾਸ ਹੋਇਆ ਹੈ, ਉਹ ਕਾਂਗਰਸ ਦੇ ਕਈ ਸਾਲਾਂ ਦੇ ਕਾਰਜਕਾਲ ਦੌਰਾਨ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨਾਂ ਨੂੰ ਮੁਫ਼ਤ ਬਿਜਲੀ-ਪਾਣੀ ਦੀ ਸਹੂਲਤ ਹੋਵੇ, ਗਰੀਬਾਂ ਲਈ ਆਟਾ-ਦਾਲ ਸਕੀਮ ਹੋਵੇ, ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਵਰਗੀਆਂ ਸਹੂਲਤਾਂ ਹੋਣ ਸਭ ਮੁੱਖ-ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਹੀ ਮਿਲੀਆਂ ਹਨ।
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਗਰੀਬ ਵਰਗਾਂ ਦੇ ਕਾਰਡ ਬਣਾਏ, ਜਿਸ ਤਹਿਤ ਉਹ ਸਰਕਾਰੀ ਹਸਪਤਾਲਾਂ ਅਤੇ ਸਰਕਾਰ ਵੱਲੋਂ ਰਜਿਸਟਰਡ ਕੀਤੇ ਪ੍ਰਾਈਵੇਟ ਹਸਪਤਾਲਾਂ ਵਿਚ 50000/- ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਦੇਸ਼ ਵਿਚ ਕਿਸੇ ਵੀ ਸੂਬੇ ਨੇ ਚਿੱਟੀ ਮੱਖੀ ਦੇ ਹਮਲੇ ਨਾਲ ਖਰਾਬ ਹੋਈ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਪਰ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਦੇ ਨਾਲ-ਨਾਲ ਨਰਮਾ ਚੁਗਣ ਵਾਲੇ ਮਜਦੂਰਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਹੈ।
ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾ, ਚੇਅਰਮੈਨ ਮਾਰਕਿਟ ਕਮੇਟੀ ਬੋਹਾ ਸ਼੍ਰੀ ਬੱਲਮ ਸਿੰਘ ਕਲੀਪੁਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਸ਼੍ਰੀ ਗੁਰਮੇਲ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਸ਼ਹਿਰੀ) ਮੈਡਮ ਸਿਮਰਜੀਤ ਕੌਰ ਸਿੰਮੀ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਦਿਹਾਤੀ) ਸ਼੍ਰੀਮਤੀ ਬਲਵੀਰ ਕੌਰ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸ਼੍ਰੀ ਅਵਤਾਰ ਸਿੰਘ ਰਾੜਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਸ਼੍ਰੀ ਮਨਦੀਪ ਸਿੰਘ ਗੋਰਾ, ਪ੍ਰਧਾਨ ਨਗਰ ਪੰਚਾਇਤ ਬੋਹਾ ਸ਼੍ਰੀ ਜੋਗਾ ਸਿੰਘ, ਸ਼੍ਰੀ ਗੁਰਸੇਵਕ ਸਿੰਘ ਜਵਾਹਰਕੇ, ਸ਼੍ਰੀ ਮਿੱਠੂ ਅਰੋੜਾ, ਸ਼੍ਰੀ ਗੁਰਮੇਲ ਸਿੰਘ ਠੇਕੇਦਾਰ ਅਤੇ ਸ਼੍ਰੀ ਨਰਪਿੰਦਰ ਸਿੰਘ ਬਿੱਟੂ ਹਾਜ਼ਰ ਸਨ।

LEAVE A REPLY