ਚੰਡੀਗੜ੍ਹ : ਬੀਤੇ ਦਿਨੀਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਹਰਦੀਪ ਸਿੰਘ ਕਿੰਗਰਾ ਨੇ ਅੱਜ ਪਾਰਟੀ ਦੇ ਸੀਨੀਅਰ ਲੀਡਰਾਂ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ‘ਤੇ ਗੰਭੀਰ ਦੋਸ਼ ਲਾਏ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਦੋਵੇਂ ਆਗੂ ਉਹਨਾਂ ਕੋਲੋਂ ਪੰਜ-ਪੰਜ ਲੱਖ ਰੁਪਏ ਲੈ ਚੁੱਕੇ ਹਨ। ਉਹਨਾਂ ਕਿਹਾ ਕਿ ਮਾਘੀ ਮੇਲੇ ਦੌਰਾਨ ਸੰਜੇ ਸਿੰਘ ਨੇ ਮੇਰੇ ਕੋਲੋਂ ਪੰਜ ਲੱਖ ਰੁਪਏ ਲਏ ਸਨ ਅਤੇ ਉਹਨਾਂ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਵਿਧਾਨ ਸਭਾ ਚੋਣਾਂ ਲਈ ਉਹਨਾਂ ਨੂੰ ਟਿਕਟ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਦੁਰਗੇਸ਼ ਪਾਠਕ ਵੀ ਉਹਨਾਂ ਤੋਂ ਪੰਜ ਲੱਖ ਰੁਪਏ ਲੈ ਚੁੱਕੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਆਸ਼ੂਤੋਸ਼ ‘ਤੇ ਵੀ ਨੋਟਾਂ ਦੀ ਥੈਲੀ ਲੈਣ ਦੇ ਦੋਸ਼ ਲਾਏ।
ਜ਼ਿਕਰਯੋਗ ਹੈ ਕਿ ਫਰੀਦਕੋਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਹਰਦੀਪ ਸਿੰਘ ਕਿੰਗਰਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।