ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਏਕਤਾ ਤੇ ਹਮਦਰਦੀ ਪ੍ਰਗਟਾਉਣ ਲਈ 7 ਅਕਤੂਬਰ ਤੋਂ ਅੰਮ੍ਰਿਤਸਰ ਵਿਚ ਕੈਂਪ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਉਹ 4 ਅਕਤੂਬਰ ਨੂੰ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਪੈਂਦੇ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਨੇ ਆਪਣੀ ਪ੍ਰਚਾਰ ਮੁਹਿੰਮ ਨੂੰ ਕੁਝ ਦਿਨਾਂ ਲਈ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਤੁਰੰਤ ਅੰਮ੍ਰਿਤਸਰ ਜਾਣਾ ਚਾਹੁੰਦੇ ਸਨ ਪਰ ਪਹਿਲਾਂ ਨਿਰਧਾਰਿਤ ਕਈ ਪ੍ਰੋਗਰਾਮਾਂ ਨੂੰ ਦੇਖਦੇ ਹੋਏ 7 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਹੀ ਠਹਿਰਨਗੇ। ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਪੈਂਦੇ ਵਿਧਾਨ ਸਭਾ ਹਲਕਿਆਂ ਦੀ ਪ੍ਰਤੀਨਿਧਤਾ ਕਰਨ ਵਾਲੇ ਕਾਂਗਰਸੀ ਵਿਧਾਇਕਾਂ ਤੇ ਹੋਰ ਕਾਂਗਰਸੀ ਆਗੂਆਂ ਨੂੰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਰਹਿਣ ਲਈ ਕਿਹਾ ਹੈ ਤਾਂ ਕਿ ਪਾਰਟੀ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਖੜ੍ਹੀ ਹੋ ਸਕੇ।