1ਅੰਮ੍ਰਿਤਸਰ: ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲਿਆਂ ਅਤੇ ਬਹਿਬਲ ਗੋਲੀ ਕਾਂਡ ਨੂੰ ਲੈ ਕੇ ਅਜੇ ਤੱਕ ਕੋਈ ਨਿਰਣਾਇਕ ਕਾਰਵਾਈ ਨਾ ਕੀਤੇ ਜਾਣ ਕਾਰਨ ਅਕਾਲੀ ਦਲ ਪ੍ਰਧਾਨ ਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕੀਤੀ ਜਾਏਗੀ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਸੁਖਬੀਰ ਖਿਲਾਫ ਕਾਰਵਾਈ ਕਰਨ ਲਈ ਸਮੂਹ ਸੰਗਤ ਤੋਂ ਸੁਝਾਅ ਮੰਗੇ ਹਨ।
ਇਸ ਤੋਂ ਪਹਿਲਾਂ ਇੱਕ ਵੱਡੇ ਇਕੱਠ ਦੌਰਾਨ ਸਰਬੱਤ ਖਾਲਸੇ ਵੱਲੋਂ ਥਾਪੇ ਜਥੇਦਾਰਾਂ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਸਬੰਧੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਜਵਾਬ ਤਲਬ ਕੀਤਾ ਸੀ। ਪਰ ਸੁਖਬੀਰ ਵੱਲੋਂ ਕੋਈ ਉੱਤਰ ਨਾ ਦੇਣ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਅਮਰੀਕ ਸਿੰਘ ਅਜਨਾਲਾ ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਦੇਸ਼ ਦੀ ਸਿੱਖ ਸੰਗਤ 26 ਅਕਤੂਬਰ ਤੱਕ ਆਪਣੇ ਸੁਝਾਅ ਸਰਬੱਤ ਖਾਲਸਾ ਹੈੱਡਕੁਆਟਰ ਵਿਖੇ ਭੇਜੇ ਕਿ ਸੁਖਬੀਰ ਬਾਦਲ ਨਾਲ ਕੀ ਕਰਨਾ ਚਾਹੀਦਾ ਹੈ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਅਮਰੀਕ ਸਿੰਘ ਅਜਨਾਲਾ ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਦੇ ਜ਼ਰੀਏ ਕੌਮ ਦੇ ਨਾਮ ਜਾਰੀ ਸੰਦੇਸ਼ ਪੜ੍ਹਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ-ਥਾਂ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਗੁਰਦੁਆਰਿਆਂ ਵਿੱਚ ਪਹਿਰੇਦਾਰੀ ਦਾ ਲੋੜੀਂਦਾ ਪ੍ਰਬੰਧ ਕਰਨ। ਉਨ੍ਹਾਂ ਦੱਸਿਆ ਕਿ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਮੁਕੰਮਲ ਜਾਂਚ ਰਿਪੋਰਟ ਉਨ੍ਹਾਂ ਪਾਸ ਪੇਸ਼ ਕਰਨ ਲਈ ਸੂਬੇ ਦੇ ਗ੍ਰਹਿ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਦੇਸ਼ ਦਿੱਤੇ ਗਏ ਸਨ। ਇਸ ਸਮੇਂ ਵਿੱਚ ਨਿਰੰਤਰ ਦੋ ਵਾਰ ਵਾਧਾ ਵੀ ਕੀਤਾ ਗਿਆ ਪਰ ਸੱਤਾ ਦੇ ਨਸ਼ੇ ਵਿੱਚ ਚੂਰ ਬਾਦਲ ਨੇ ਸਿੱਖ ਪ੍ਰਭੂਸੱਤਾ ਦੇ ਕੇਂਦਰ ਅਤੇ ਤਖਤਾਂ ਦੀ ਪ੍ਰਵਾਹ ਨਾ ਕਰਦਿਆਂ ਅੱਜ ਤੱਕ ਰਿਪੋਰਟ ਪੇਸ਼ ਨਹੀਂ ਕੀਤੀ। ਅਜਿਹੇ ਹੰਕਾਰੀ ਪੁਰਸ਼ ਨਾਲ ਕੀ ਸਲੂਕ ਕੀਤਾ ਜਾਵੇ।

LEAVE A REPLY