5ਅੰਮ੍ਰਿਤਸਰ :  ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਏ ਤਣਾਅ ਕਾਰਨ ਪ੍ਰਭਾਵਿਤ ਹੋਏ ਪੰਜਾਬ ਦੇ ਸਰਹੱਦੀ ਖੇਤਰ ਦੇ ਲੋਕਾਂ ਦੇ ਮਸਲੇ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੀਨੀਅਰ ਅਧਿਕਾਰੀਆਂ ਦੇ ਨਾਲ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਸਵੇਰ ਤੋਂ ਸ਼ੁਰੂ ਹੋਏ ਇਸ ਦੌਰੇ ਦੌਰਾਨ ਮੁੱਖ ਮੰਤਰੀ ਅੰਮ੍ਰਿਤਸਰ ਜ਼ਿਲੇ ਦੇ ਭਾਰਤ-ਪਾਕਿਸਤਾਨ ਨਾਲ ਲੱਗਦੇ 8 ਪਿੰਡਾਂ ਵਿਚ ਪਹੁੰਚੇ ਅਤੇ ਲੋਕਾਂ ਦੇ ਮੁੱਦੇ ਸੁਣ ਕੇ ਉਨ੍ਹਾਂ ਦੇ ਹੱਲ ਕਰਦੇ ਰਹੇ।
ਸਰਕਾਰ ਵੱਲੋਂ ਅਲਰਟ ਜਾਰੀ ਹੋਣ ਅਤੇ 10 ਕਿਲੋਮੀਟਰ ਦੇ ਘੇਰੇ ਵਿਚ ਪੈਂਦੇ ਪਿੰਡ ਖਾਲੀ ਕਰਨ ਦੇ ਦਿੱਤੇ ਹੁਕਮਾਂ ਦੇ ਬਾਵਜੂਦ ਆਪਣੇ ਘਰਾਂ ਵਿਚ ਰਹਿ ਰਹੇ ਲੋਕਾਂ ਦੀ ਸਿਫਤ ਕਰਦੇ ਹੋਏ ਬਾਦਲ ਨੇ ਕਿਹਾ ਕਿ ਅਸਲ ਦੇਸ਼-ਭਗਤ ਇਹ ਲੋਕ ਹਨ, ਜੋ ਆਪਣੀ ਜਾਨ-ਮਾਲ ਦੀ ਪਰਵਾਹ ਕੀਤੇ ਬਿਨਾਂ ਸਰਹੱਦ ‘ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਨੌਜਵਾਨਾਂ ਨੂੰ ਫੌਜ ਅਤੇ ਅਰਧ ਸੁਰੱਖਿਆ ਬਲਾਂ ਵਿਚ ਤਰਜੀਹੀ ਆਧਾਰ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਭਰਤੀ ਕਰਨ ਦਾ ਮੁੱਦਾ ਉਹ ਕੇਂਦਰ ਸਰਕਾਰ ਕੋਲ ਉਠਾਉਣਗੇ, ਤਾਂ ਜੋ ਇਨ੍ਹਾਂ ਦੇਸ਼ ਭਗਤ ਅਤੇ ਬਹਾਦਰ ਪਰਿਵਾਰਾਂ ਦੇ ਨੌਜਵਾਨਾਂ ਤੋਂ ਹੋਰ ਵਧੇਰੇ ਦੇਸ਼ ਸੇਵਾ ਲਈ ਜਾ ਸਕੇ।
ਇਸ ਮੌਕੇ ਕਿਸਾਨਾਂ ਦੀਆਂ ਝੋਨੇ ਦੀ ਖਰੀਦ ਸਬੰਧੀ ਮੁਸ਼ਕਿਲਾਂ ਸੁਣਨ ਮਗਰੋਂ ਬਾਦਲ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸੈਕਟਰੀ ਨੂੰ ਫੋਨ ‘ਤੇ ਇਸ ਖੇਤਰ ਦੇ ਝੋਨੇ ਦੀ ਖਰੀਦ ਲਈ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਇਸ ਮੌਕੇ ਤਾਰੋਂ ਪਾਰਲੀ ਜ਼ਮੀਨ ਦਾ ਮੁਆਵਜ਼ਾ ਵੀ ਤੁਰੰਤ ਕਿਸਾਨਾਂ ਨੂੰ ਦੇਣ ਦੀ ਹਦਾਇਤ ਸਬੰਧਤ ਅਧਿਕਾਰੀਆਂ ਨੂੰ ਕੀਤੀ।
ਬਾਦਲ ਨੇ ਕਿਹਾ ਕਿ ਤਾਰੋਂ ਪਾਰ ਵਾਲੀਆਂ ਜ਼ਮੀਨਾਂ ਵਿਚੋਂ ਝੋਨਾ ਕੱਟਣ ‘ਤੇ ਕਿਸੇ ਕਿਸਾਨ ਨੂੰ ਕੋਈ ਪਰੇਸ਼ਾਨੀ ਨਹੀਂ ਆਵੇਗੀ ਪਰ ਫਿਰ ਵੀ ਜੇਕਰ ਕਿਸੇ ਕਾਰਨ ਕਿਸਾਨਾਂ ਨੂੰ ਬੀ. ਐੱਸ. ਐੱਫ. ਵੱਲੋਂ ਕੋਈ ਤੰਗੀ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੰਮੂ-ਕਸ਼ਮੀਰ ਵਿਚ ਭਾਰਤ ਵੱਲੋਂ ਕੀਤੇ ਗਏ ਸਰਜੀਕਲ ਹਮਲਿਆਂ ਦੇ ਜਵਾਬ ਵਿਚ ਪਾਕਿਸਤਾਨ ਵੱਲੋਂ ਕੋਈ ਕਾਰਵਾਈ ਨਾ ਹੋਵੇ, ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ‘ਤੇ ਹੀ ਸਰਹੱਦ ਤੋਂ 10 ਕਿਲੋਮੀਟਰ ਤਕ ਦਾ ਹਿੱਸਾ ਖਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਉਨ੍ਹਾਂ ਦੀ ਸਲਾਹ ਨਾਲ ਹੀ ਲੋਕਾਂ ਨੂੰ ਵਾਪਸ ਘਰਾਂ ਵਿਚ ਪਰਤਣ ਦੀ ਅਪੀਲ ਕੀਤੀ ਜਾਵੇਗੀ।
ਇਸ ਮੌਕੇ ਮਾਲ, ਮੁੜ-ਵਸੇਬਾ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਡਾ. ਰਤਨ ਸਿੰਘ ਅਜਨਾਲਾ, ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਚੇਅਰਮੈਨ ਵੀਰ ਸਿੰਘ ਲੋਪੋਕੇ, ਡਿਪਟੀ ਕਮਿਸ਼ਨਰ ਵਰੁਣ ਰੂਜਮ, ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਭਿੱਟੇਵੱਢ, ਗੁਰਿੰਦਰ ਸਿੰਘ ਲਾਲੀ ਰਣੀਕੇ, ਰਾਣਾ ਲੋਪੋਕੇ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY