1ਸਰਦੂਲਗੜ੍ਹ -ਕਾਂਗਰਸ ਪਾਰਟੀ ਦੇ ਪੰਜਾਬ ਵਿਰੋਧੀ ਕਦਮਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਧਾਰਮਿਕ, ਆਰਥਿਕ ਅਤੇ ਸਮਾਜਿਕ ਤੌਰ ‘ਤੇ ਸੂਬੇ ਦਾ ਨਾ ਪੂਰਿਆ ਜਾ ਸਕਣ ਵਾਲਾ ਨੁਕਸਾਨ ਕੀਤਾ ਹੈ ਅਤੇ ਇਸ ਨੇ ਆਪਣੇ 60 ਸਾਲ ਦੇ ਰਾਜ ਦੌਰਾਨ ਲੋਕਾਂ ਨੂੰ ਧਰਮ, ਜਾਤੀ ਅਤੇ ਖੇਤਰ ਦੇ ਨਾਂ ‘ਤੇ ਵੰਡ ਕੇ ਆਪਣਾ ਉੱਲੂ ਸਿੱਧਾ ਕੀਤਾ ਹੈ।
ਅੱਜ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਚੋਣਾਂ ਦੌਰਾਨ ਆਪਣੇ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਦੁਸ਼ਮਣ ਅਤੇ ਦੋਸਤ ਪਾਰਟੀਆਂ ਦੀ ਪਛਾਣ ਕਰਨ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲਾ ਕਰਕੇ ਸੂਬੇ ਦਾ ਧਾਰਮਿਕ ਤੌਰ ‘ਤੇ ਭਾਰੀ ਨੁਕਸਾਨ ਕੀਤਾ ਅਤੇ ਇਸ ਤੋਂ ਬਾਅਦ ਇਸ ਨੇ ਦਿੱਲੀ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਵਾਇਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਕਾਂਗਰਸ ਨੇ ਪੰਜਾਬ ਦੇ ਪਾਣੀ ਹੋਰਨਾਂ ਸੂਬਿਆਂ ਨੂੰ ਦਿੱਤੇ ਅਤੇ ਕਾਂਗਰਸ ਦੀ ਕੇਂਦਰ ਵਿੱਚਲੀ ਪਿਛਲੀ ਸਰਕਾਰ ਨੇ ਗੁਵਾਂਢੀ ਸੂਬਿਆਂ ਨੂੰ ਉਦਯੋਗ ਦੇ ਖੇਤਰ ਵਿੱਚ ਵਿਸ਼ੇਸ਼ ਸਹੂਲਤਾਂ ਮੁਹਈਆ ਕਰਵਾ ਸੂਬੇ ਦੇ ਉਦਯੋਗ ਦੀ ਕਮਰ ਤੋੜਨ ਦਾ ਯਤਨ ਕੀਤੀ। ਉਨ੍ਹਾਂ ਕਿਹਾ ਕਿ ਇਸ ਦੀਆਂ ਨੀਤੀਆਂ ਦੇ ਕਾਰਨ  ਹੀ ਦੇਸ਼ ਦੇ ਕਿਸਾਨ ਖੁਦਕਸ਼ੀਆਂ ਦੇ ਰਾਹ ਤੁਰ ਪਏ ਹਨ।
ਆਮ ਆਦਮੀ ਪਾਰਟੀ ਨੂੰ ਸਿਧਾਂਤਹੀਣ ਲੋਕਾਂ ਦਾ ਇਹ ਧੜਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਇਹ ਵੀ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਕਾਂਗਰਸ ਦੇ ਰਾਹ ‘ਤੇ ਚਲ ਪਈ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਪਾਣੀਆਂ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਦਿੱਤੇ ਹਲਫ਼ਨਾਮੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਨਾਪਾਕ ਗਠਜੋੜ ਆਪਣੇ ਮਕਸਦ ਵਿੱਚ ਸਫ਼ਲ ਹੋ ਗਿਆ ਤਾਂ ਪੰਜਾਬ ਦੀ ਧਰਤੀ ਬੰਜਰ ਹੋ ਜਾਵੇਗੀ। ਉਨ੍ਹਾਂ ਨੇ ਦੋਵਾਂ ਪਾਰਟੀਆਂ ਤੋਂ ਲੋਕਾਂ ਨੂੰ ਸਵਧਾਨ ਕਰਦੇ ਹੋਏ ਇਨ੍ਹਾਂ ਨੂੰ ਮੂੰਹ ਨਾ ਲਾਉਣ ਦੀ ਅਪੀਲ ਕੀਤੀ ਹੈ।
ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਲਈ ਪਿੰਡਾਂ ਨੂੰ ਪਹਿਲ ਦੇ ਅਧਾਰ ‘ਤੇ ਟਿਊਬਵੈਲ ਕੁਨੈਕਸ਼ਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਨੂੰ ਦੀ ਪੰਚਾਇਤੀ ਜ਼ਮੀਨਾਂ ਲਈ ਦਸ ਦਿਨਾਂ ਦੇ ਵਿੱਚ ਕੁਨੈਕਸ਼ਨ ਜਾਰੀ ਕਰਨ ਦਾ ਕੰਮ ਮੁਕੰਮਲ ਕਰਨ ਲਈ ਆਖਿਆ। ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਸਾਰੀਆਂ ਢਾਣੀਆਂ ਨੂੰ ਮੁਫਤ ਬਿਜਲੀ ਦੇਣ ਦਾ ਵੀ ਐਲਾਨ ਕੀਤਾ।
ਅੱਜ ਫੱਤਾ ਮਾਲੋਕਾ ਪਿੰਡ ਵਿੱਚ ਸੰਗਤ ਦਰਸ਼ਨ ਤੋਂ ਬਾਅਦ  ਪੱਤਰਕਾਰਾਂ ਵੱਲੋਂ ਕਾਂਗਰਸ ਦੁਆਰਾ ਮੁੱਖ ਮੁੰਤਰੀ ਦੀ ਕੋਠੀ ਦੇ ਬਾਹਰ ਧਰਨਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਲੁਧਿਆਣਾ ਘਟਨਾ ਬਾਰੇ ਜਾਂਚ ਦੇ ਹੁਕਮ ਦੇ ਦਿੱਤੇ ਹਨ ਅਤੇ ਸੂਬਾ ਪੁਲਸ ਦੇ ਡੀ.ਜੀ.ਪੀ. ਇਸ ਘਟਨਾ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਜਾਂਚ ਤੋਂ ਬਾਅਦ ਹੀ ਕਿਸੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜਾਂਚ ਦੇ ਬਾਵਜੂਦ ਵੀ ਕਾਂਗਰਸ ਵੱਲੋਂ ਅਪਣੀ ਜਿਦ ‘ਤੇ ਅੜੇ ਰਹਿਣ ਦੀ ਕੋਈ ਤੁੱਕ ਨਹੀਂ ਬਣਦੀ। ਜੰਗੀ ਵਿਧਵਾਵਾਂ ਵੱਲੋਂ ਕੀਤੇ ਜਾ ਰਹੇ ਘਰਾਓ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਉਨ੍ਹਾਂ ਨੂੰ ਜ਼ਮੀਨ ਦੇ ਬਦਲੇ ਨਗਦ ਰਾਸ਼ੀ ਦੇਣ ਲਈ ਹੁਕਮ ਜਾਰੀ ਕਰ ਦਿੱਤੇ ਗਏ। ਕਾਂਗਰਸ ਵੱਲੋਂ ਅਨਾਜ ਦੀ ਖਰੀਦ ਵਿੱਚ ਕਥਿਤ ਘੁਟਾਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਦੇ ਸਬੰਧ ਵਿੱਚ ਸ. ਬਾਦਲ ਨੇ ਕਿਹਾ ਕਿ ਸਾਰੀ ਖਰੀਦ ਪਾਰਦਰਸ਼ੀ ਢੰਗ ਨਾਲ ਹੋਈ ਹੈ ਜੇ ਇਸ ਵਿੱਚ ਕੋਈ ਘਾਟ ਵਾਧ ਹੁੰਦੀ ਤਾਂ ਕੇਂਦਰ ਝੋਨੇ ਦੀ ਖਰੀਦ ਲਈ ਕੈਸ਼ ਕਰੈਡਿਟ ਲਿਮਟ ਜਾਰੀ ਕਿਉਂ ਕਰਦਾ? ਘੱਗਰ ਦੇ ਗੰਦੇ ਪਾਣੀ ਨਾਲ ਇਲਾਕੇ ਵਿੱਚ ਫੈਲ ਰਹੀਆਂ ਬਾਮਰੀਆਂ ਸਬੰਧੀ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਇਹ ਸਾਰਾ ਗੰਦਾ ਪਾਣੀ ਹਰਿਆਣਾ ਤੋਂ ਆਉਂਦਾ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਕੁਝ ਮੀਟਿੰਗਾਂ ਕਰਕੇ ਇਹ ਮਾਮਲਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਉਹ ਘੱਗਰ ਵਿੱਚ ਗੰਦਾ ਪਾਣੀ ਪੈਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਕੋਲ ਫਿਰ ਮੁੱਦਾ ਉਠਾਉਣਗੇ।
ਕਿਸਾਨਾਂ ਦੇ ਕਰਜੇ ਮੁਆਫ਼ੀ ਬਾਰੇ ਪੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਬੈਂਕ ਕਰਜਿਆਂ ਨੂੰ ਮੁਆਫ਼ ਕਰਨਾ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਜੋ ਵੀ ਸੂਬਾ ਸਰਕਾਰ ਦੇ ਹੱਥ ਵੱਸ ਸੀ, ਉਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਦੇ ਟਿਊਬਵੈਲਾਂ ਦੇ ਬਿਲ ਮੁਆਫ਼ ਕੀਤੇ ਹਨ ਅਤੇ ਹੁਣ ਤੱਕ ਤਕਰੀਬਨ 50,000 ਕਰੋੜ ਦੇ ਬਿੱਲਾਂ ਦਾ ਭੁਗਤਾਨ ਸਰਕਾਰੀ ਖਜ਼ਾਨੇ ਵਿੱਚੋਂ ਕੀਤਾ ਹੈ। ਇਸੇ ਤਰ੍ਹਾਂ ਹੀ ਸਰਕਾਰ ਨੇ ਹੁਣ ਕਿਸਾਨਾਂ ਲਈ ਬਿਨਾ ਵਿਆਜ ਤੋਂ 50,000 ਰੁਪਏ ਦੇ ਕਰਜ਼ੇ ਦੀ ਵਿਵਸਥਾ ਕਰਨ ਤੋਂ ਇਲਾਵਾ ਕਿਸਾਨਾਂ, ਨੀਲੇ ਕਾਰਡ ਧਾਰਕਾਂ, ਵਪਾਰੀਆਂ ਅਤੇ ਉਸਾਰੀ ਕਿਰਤੀਆਂ ਦੇ ਵਾਸਤੇ 50, 000 ਰੁਪਏ ਤੱਕ ਦੇ ਇਲਾਜ ਦਾ ਮੁਫ਼ਤ ਪ੍ਰਬੰਧ ਵੀ ਕੀਤਾ ਹੈ।
ਮੁੱਖ ਮੰਤਰੀ ਨੇ ਅੱਜ ਆਹਲੂਪੁਰ, ਸਰਦੂਲੇਵਾਲਾ, ਫੱਤਾ ਮਾਲੋਕਾ, ਕੁਸਲਾ ਅਤੇ ਰਾਏਪੁਰ ਵਿੱਚ ਸੰਗਤ ਦਰਸ਼ਨ ਕਰਕੇ ਚਾਰ ਦਰਜਨ ਤੋਂ ਵੱਧ ਪੰਚਾਇਤਾਂ ਨੂੰ ਵਿਕਾਸ ਲਈ ਗ੍ਰਾਂਟ ਤਕਸੀਮ ਕੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਸ਼੍ਰੀ ਪ੍ਰੇਮ ਅਰੋੜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਰਿੰਦਰ ਸਿੰਘ ਸਰਾ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਗੁਰਮੇਲ ਸਿੰਘ ਫਫੜੇ ਭਾਈਕੇ, ਹਲਕਾ ਇੰਚਾਰਜ ਸਰਦੂਲਗੜ੍ਹ ਸ਼੍ਰੀ ਦਿਲਰਾਜ ਸਿੰਘ ਭੂੰਦੜ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸ਼੍ਰੀ ਅਵਤਾਰ ਸਿੰਘ ਰਾੜਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਸਰਦੂਲਗੜ੍ਹ ਸ਼੍ਰੀ ਜਗਦੀਪ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੈਡਮ ਸਿਮਰਜੀਤ ਕੌਰ ਸਿੰਮੀ, ਪ੍ਰਧਾਨ ਨਗਰ ਪੰਚਾਇਤ ਸਰਦੂਲਗੜ੍ਹ ਸ਼੍ਰੀ ਜਤਿੰਦਰ ਜੈਨ ਬੋਬੀ, ਸ਼੍ਰੀਮਤੀ ਚਿਤਵੰਤ ਕੌਰ, ਸ਼੍ਰੀ ਸੂਰਜ ਕੌਰ ਖਿਆਲਾ ਅਤੇ ਸ਼੍ਰੀ ਸੁਨੀਲ ਜੈਨ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ  ਹਾਜ਼ਰ ਸਨ।

LEAVE A REPLY