1ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਕੋਲ ਇਕ ਵੀ ਬੂੰਦ ਵਾਧੂ ਦਰਿਆਈ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਪਾਣੀ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਅੱਜ ਇਥੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਐੱਸ. ਵਾਈ. ਐੱਲ. ਦੇ ਮਤੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, ”ਰਿਪੇਰੀਅਨ ਸਿਧਾਂਤ ਦੀ ਰਾਖੀ ਲਈ ਮੈਂ ਸੂਬੇ ਤੋਂ ਪਾਣੀ ਦੀ ਇਕ ਵੀ ਬੂੰਦ ਦਾ ਹੋਰ ਸੂਬਿਆਂ ਨੂੰ ਵਹਾਅ ਦੀ ਕਿਸੇ ਵੀ ਸੂਰਤ ਵਿਚ ਆਗਿਆ ਨਹੀਂ ਦੇਵਾਂਗਾ ਸਗੋਂ ਇਸ ਦੇ ਲਈ ਮੈਂ ਆਪਣੇ ਖੂਨ ਦਾ ਇਕ-ਇਕ ਕਤਰਾ ਵਹਾਉਣ ਨੂੰ ਪਹਿਲ ਦੇਵਾਂਗਾ।” ਉਨ੍ਹਾਂ ਕਿਹਾ ”ਪੰਜਾਬ ਕੋਲ ਹੋਰ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਵਾਧੂ ਨਹੀਂ ਹੈ। ਅਸੀਂ ਕਿਸੇ ਵੀ ਕੀਮਤ ‘ਤੇ ਸੁਪਰੀਮ ਕੋਰਟ ਦੇ ਹੁਕਮ ਨੂੰ ਲਾਗੂ ਨਹੀਂ ਕਰਾਂਗੇ ਸਗੋਂ ਜੇ ਹੋਇਆ ਤਾਂ ਇਸ ਵਾਸਤੇ ਜੇਲ ਜਾਵਾਂਗੇ।”
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰਿਆਣਾ ਨੂੰ ਪਾਣੀ ਜਾਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਰੋਧੀ ਫੈਸਲੇ ਦਾ ਹਰ ਤਰ੍ਹਾਂ ਵਿਰੋਧ ਕੀਤਾ ਹੈ, ਜਦਕਿ ਕਾਂਗਰਸੀਆਂ ਨੇ ਆਪਣੀ ਹਾਈਕਮਾਂਡ ‘ਤੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਫੈਸਲੇ ਨੂੰ ਪ੍ਰਵਾਨ ਕੀਤਾ ਹੈ। ਅਜਿਹਾ ਕਰਦੇ ਹੋਏ ਉਨ੍ਹਾਂ ਨੇ ਸੂਬਾ ਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਹੈ।
ਸੂਬੇ ਦੇ ਦਰਿਆਈ ਪਾਣੀਆਂ ਦੇ ਸਬੰਧ ‘ਚ ਬਣਦੇ ਅਧਿਕਾਰਾਂ ਨੂੰ ਖੋਹਣ ਵਾਲੇ ਕਿਸੇ ਵੀ ਫੈਸਲੇ ਨੂੰ ਨਾ ਮੇਰੇ ਵੱਲੋਂ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਪ੍ਰਵਾਨ ਕਰੇਗੀ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦੀ ਨਾ ਹੀ ਕੋਈ ਲੋੜ ਹੈ ਅਤੇ ਨਾ ਹੀ ਇਸ ਦੇ ਨਿਰਮਾਣ ਦੀ ਕੋਈ ਸੰਭਾਵਨਾ ਹੈ। ਇਸ ਨੂੰ ਕਿਸੇ ਵੀ ਸੂਰਤ ਵਿਚ ਬਣਨ ਨਹੀਂ ਦਿੱਤਾ ਜਾਵੇਗਾ। ਇਸ ਅਹਿਮ ਮੌਕੇ ‘ਤੇ ਕਾਂਗਰਸ ਦੇ ਵਿਧਾਇਕਾਂ ਦੀ ਗੈਰ-ਹਾਜ਼ਰੀ ਦੀ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ‘ਤੇ ਦੋਹਰੀ ਬੋਲੀ ਬੋਲਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਕ ਪਾਸੇ ਉਹ ਸੁਪਰੀਮ ਕੋਰਟ ਦੇ ਹਾਲ ਹੀ ਫੈਸਲੇ ‘ਤੇ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ ਅਤੇ ਦੂਜੇ ਪਾਸੇ ਇਸ ਤੋਂ ਭੱਜ ਰਹੇ ਹਨ। ਉਨ੍ਹਾਂ ਨੇ ਅਜਿਹਾ ਜਾਣਬੁੱਝ ਕੇ ਕੀਤਾ ਹੈ ਅਤੇ ਉਹ ਪੰਜਾਬ ਨਾਲ ਵਿਸ਼ਵਾਸਘਾਤ ਕਰਨ ਕਰ ਕੇ ਕਸੂਰਵਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਲਗਾਤਾਰ ਵਿਤਕਰਾ ਤੇ ਅਨਿਆਂ ਹੋਇਆ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ ਤੇ ਇਸ ਵਾਸਤੇ ਮਹਾਨ ਕੁਰਬਾਨੀਆਂ ਕੀਤੀਆਂ ਹਨ। ਦਰਿਆਵਾਂ ਦੇ ਪਾਣੀਆਂ ‘ਤੇ ਕੀਤਾ ਗਿਆ ਅਨਿਆਂ ਪੂਰੀ ਤਰ੍ਹਾਂ ਅਸਹਿਣਯੋਗ ਹੈ।

LEAVE A REPLY