6ਖਾਲੜਾ (ਤਰਨ ਤਾਰਨ) : ਸੂਬੇ ਦੇ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਇਕ ਹਫ਼ਤੇ ਵਿਚ ਮੁਆਵਜ਼ਾ ਰਾਸ਼ੀ ਵੰਡਣ ਦੇ ਹੁਕਮ ਦਿੱਤੇ।
ਅੱਜ ਇੱਥੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਕਰਨ ਸਬੰਧੀ ਕਰਵਾਏ ਰਾਜ ਪੱਧਰੀ ਸਮਾਰੋਹ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਦਾ ਲਾਭ ਕੰਡਿਆਲੀ ਤਾਰ ਤੋਂ ਪਾਰ 21 ਹਜ਼ਾਰ ਏਕੜ ਜ਼ਮੀਨ ਦੇ ਮਾਲਕ ਸੈਂਕੜੇ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਬਹਾਦਰ ਕਿਸਾਨਾਂ ਦੀ ਮਦਦ ਕਰਨਾ ਆਪਣਾ ਫਰਜ਼ ਸਮਝਦੀ ਹੈ ਕਿਉਂਕਿ ਕੰਡਿਆਲੀ ਤਾਰ ਕਾਰਨ ਇਨ੍ਹਾਂ ਕਿਸਾਨਾਂ ਨੂੰ ਰੋਜ਼ਾਨਾ ਦੁਸ਼ਵਾਰੀਆਂ ਝਲਣੀਆਂ ਪੈਂਦੀਆਂ ਹਨ। ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਬਹਾਦਰ ਕਿਸਾਨਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਆਖਿਆ ਕਿ ਇਨ੍ਹਾਂ ਕਿਸਾਨਾਂ ਨੂੰ ਦਰਪੇਸ਼ ਮੁਸੀਬਤਾਂ ਤੋਂ ਉਹ ਭਲੀ-ਭਾਂਤ ਜਾਣੂ ਹਨ ਜਿਸ ਕਰਕੇ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਇਸ ਮਸਲੇ ਨੂੰ ਉਠਾਇਆ। ਉਨ੍ਹਾਂ ਕਿਹਾ ਕਿ ਸਾਲ 1997-2002 ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੌਰਾਨ ਇਨ੍ਹਾਂ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਦੇਣ ਲਈ ਸਕੀਮ ਆਰੰਭ ਕੀਤੀ ਗਈ ਸੀ ਅਤੇ ਹੁਣ ਇਹ ਮੁਆਵਜ਼ਾ ਰਾਸ਼ੀ ਵਧਾ ਕੇ ਪ੍ਰਤੀ ਏਕੜ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਸ. ਬਾਦਲ ਨੇ ਆਖਿਆ ਕਿ ਸਰਹੱਦੀ ਇਲਾਕਿਆਂ ਦੇ ਕਿਸਾਨਾਂ ਨੂੰ ਦਰਪੇਸ਼ ਔਂਕੜਾਂ ਘਟਾਉਣ ਲਈ ਇਹ ਨਿਮਾਣਾ ਜਿਹਾ ਉਪਰਾਲਾ ਆਰੰਭਿਆ ਗਿਆ ਸੀ।
ਇਸ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਅਤੇ ਕੇਂਦਰ ਵਿਚ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਕਦੇ ਵੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਤਾਂ ਇਸ ਸਕੀਮ ਨੂੰ ਬੰਦ ਹੀ ਕਰ ਦਿੱਤਾ ਸੀ। ਸੂਬੇ ਦੇ ਕਾਂਗਰਸ ਮੁਖੀ ‘ਤੇ ਵਰਦਿਆਂ ਸ. ਬਾਦਲ ਨੇ ਆਖਿਆ ਕਿ ਪੰਜਾਬ ਕਾਂਗਰਸ ਦੀ ਕਰਜ਼ਾ ਮੁਕਤੀ ਮੁਹਿੰਮ ਸਰਾਸਰ ਧੋਖਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਕੈਪਟਨ ਦਾ ਕਾਰਜਕਾਲ ਕਿਸਾਨ ਵਿਰੋਧੀ ਕਾਰਜਕਾਲ ਵਜੋਂ ਜਾਣਿਆ ਜਾਂਦਾ ਹੈ ਪਰ ਹੁਣ ਸੱਤਾ ਦੀ ਭੁੱਖ ਮਿਟਾਉਣ ਲਈ ਕਾਂਗਰਸ ਅਜਿਹੇ ਝੂਠੇ ਵਾਅਦੇ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਅਤੇ 42 ਕਾਂਗਰਸੀ ਵਿਧਾਇਕਾਂ ਵੱਲੋਂ ਦਿੱਤੇ ਅਸਤੀਫਿਆਂ ਨੂੰ ਮਹਿਜ਼ ਸਿਆਸੀ ਸਟੰਟ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਾਂਗਰਸ ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਲਈ ਘੜੀਆਂ ਗਈਆਂ ਸਿਆਸੀ ਸਾਜਿਸ਼ਾਂ ਨੂੰ ਚੇਤੇ ਕਰਦਿਆਂ ਆਖਿਆ ਕਿ ਪੰਜਾਬ ਦੇ ਸੰਕਟ ਲਈ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਗਾਂਧੀ ਨੇ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਸ੍ਰੀ ਦਰਬਾਰਾ ਸਿੰਘ ਦੀ ਬਾਂਹ ਮਰੋੜ ਕੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਵਾਲੇ ਸਮਝੌਤੇ ‘ਤੇ ਹਸਤਾਖਰ ਕਰਵਾਏ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਨੂੰ ਵਾਪਸ ਕਰਵਾਇਆ। ਸ. ਬਾਦਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਪਟਿਆਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ ਜਿਨ੍ਹਾਂ ਨੇ ਕਪੂਰੀ ਵਿਖੇ ਨਹਿਰ ਦਾ ਟੱਕ ਲਾਉਣ ਲਈ ਇੰਦਰਾ ਗਾਂਧੀ ਦਾ ਸਵਾਗਤ ਕਰਦਿਆਂ ਉਸ ਨੂੰ ਚਾਂਦੀ ਦੀ ਕਹੀ ਵੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਨਹਿਰ ਦਾ ਟੱਕ ਲਾਉਣ ਦਾ ਜਸ਼ਨ ਮਨਾ ਰਹੀ ਸੀ ਤਾਂ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹੱਕਾਂ ਲਈ ਲੰਮਾ ਸਮਾਂ ਅਮਨਮਈ ਜਮਹੂਰੀ ਮੋਰਚਾ ਲਾਇਆ ਜਿਸ ਦੇ ਨਤੀਜੇ ਵਜੋਂ ਪੰਜਾਬ ਦਾ ਪਾਣੀ ਬਾਹਰ ਨਹੀਂ ਜਾ ਸਕਿਆ।
ਮੁੱਖ ਮੰਤਰੀ ਨੇ ਆਖਿਆ ਕਿ ਸਤਲੁਜ-ਯਮੁਨਾ ਲਿੰਕ ਨਹਿਰ ਕਦੇ ਵੀ ਅਮਲੀ ਰੂਪ ਨਹੀਂ ਲੈ ਸਕਦੀ। ਉਨ੍ਹਾਂ ਨੇ ਲੋਕਾਂ ਨੂੰ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਸ. ਬਾਦਲ ਨੇ ਸਪਸ਼ਟ ਸ਼ਬਦਾਂ ਵਿਚ ਆਖਿਆ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮੇਂ-ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਪੰਜਾਬ ਨਾਲ ਘੋਰ ਅਨਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਤਲੁਜ-ਯਮੁਨਾ ਲਿੰਕ ਨਹਿਰ ਸਮਝੌਤੇ ਦਾ ਡੱਟਵਾਂ ਵਿਰੋਧ ਕਰਦਾ ਹੈ ਅਤੇ ਹੁਣ ਵੀ ਇਸ ਗੱਲ ਲਈ ਦ੍ਰਿੜ ਹੈ ਕਿ ਕਿਸੇ ਵੀ ਕੀਮਤ ‘ਤੇ ਇਸ ਨਹਿਰ ਦੀ ਉਸਾਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਆਖਿਆ ਕਿ ਕਾਂਗਰਸੀ ਪਾਰਟੀ ਵੱਲੋਂ ਪੰਜਾਬ ਨਾਲ ਕੀਤੀ ਧੱਕੇਸ਼ਾਹੀ ਤੇ ਬੱਜਰ ਗੁਨਾਹਾਂ ਨੂੰ ਪੰਜਾਬੀ ਕਦੇ ਵੀ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇੱਕ ਸੱਚਾ ਪੰਜਾਬੀ ਸਾਕਾ ਨੀਲਾ ਤਾਰਾ ਅਤੇ 1984 ‘ਚ ਹੋਏ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਤਲੇਆਮ ਵਰਗੀਆਂ ਦਿਲ ਕੰਬਾਊ ਘਟਨਾਵਾਂ ਨੂੰ ਕਦੇ ਵੀ ਨਹੀਂ ਭੁੱਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਨ੍ਹਾਂ ਗੁਨਾਹਾਂ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ।
ਸੂਬਾ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿਚੋਂ ਕੱਢਣ ਲਈ ਸਾਲਾਨਾ ਪੰਜ ਹਜ਼ਾਰ ਕਰੋੜ ਦੀ ਮੁਫਤ ਬਿਜਲੀ ਟਿਊਬਵੈਲਾਂ ਨੂੰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਕ ਵਿਚ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਕਮਜ਼ੋਰ ਤਬਕਿਆਂ ਨੂੰ ਆਟਾ-ਦਾਲ ਸਕੀਮ ਦਾ ਲਾਭ ਦੇਣ ਤੋਂ ਇਲਾਵਾ ਕੈਂਸਰ ਤੇ ਹੈਪੇਟਾਈਟਸ-ਸੀ ਵਰਗੀਆਂ ਘਾਤਕ ਬੀਮਾਰੀਆਂ ਲਈ ਮੁਫ਼ਤ ਇਲਾਜ਼ ਯਕੀਨੀ ਬਣਾਇਆ ਜਾ ਰਿਹਾ ਹੈ। ਸ. ਬਾਦਲ ਨੇ ਆਖਿਆ ਕਿ ਇਕ ਹੋਰ ਇਤਿਹਾਸਕ ਫੈਸਲਾ ਵਿਚ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਸਿਹਤ ਬੀਮਾ ਅਤੇ ਪਰਿਵਾਰ ਦੇ ਮੁਖੀ ਦੀ ਮੌਤ ਹੋ ਜਾਣ ਜਾਂ ਨਾਕਾਰਾ ਹੋ ਜਾਣ ਦੀ ਸੂਰਤ ਵਿਚ ਪੰਜ ਲੱਖ ਰੁਪਏ ਦਾ ਬੀਮਾ ਦੇਣ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਦਾ ਅਸਲ ਪਹਿਰੇਦਾਰ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਦਾ ਪਿਛਲਾ ਲਗਪਗ 10 ਸਾਲ ਦਾ ਕਾਰਜਕਾਲ ਆਪਣਾ ਹਰੇਕ ਵਾਅਦਾ ਪੁਗਾ ਦੇਣ ਦੀ ਗਵਾਹੀ ਭਰਦਾ ਹੈ। ਸ. ਬਾਦਲ ਨੇ ਕਿਹਾ ਕਿ ਗਠਜੋੜ ਸਰਕਾਰ ਨੇ ਆਪਣੇ ਵਾਅਦੇ ਪੁਗਾ ਦਿੱਤੇ ਜਦਕਿ ਦੂਜੀਆਂ ਸਿਆਸੀ ਪਾਰਟੀਆਂ ਆਪਣੇ ਝੂਠੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁਮਰਾਹ ਕਰਦੀਆਂ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣਾ ਕੇ ਸਹੀ ਹੱਥਾਂ ਵਿਚ ਸੂਬੇ ਦੀ ਤਕਦੀਰ ਸੌਂਪਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿਚ ਗਠਜੋੜ ਨੂੰ ਪਾਈ ਜਾਣ ਵਾਲੀ ਹਰੇਕ ਵੋਟ ਸੂਬੇ ਵਿਚ ਸਥਿਰਤਾ, ਵਿਕਾਸ, ਅਮਨ-ਸ਼ਾਂਤੀ ਤੇ ਕੁਸ਼ਲ ਸਾਸ਼ਨ ਲਈ ਹੋਵੇਗੀ।
ਇਸ ਤੋਂ ਪਹਿਲਾਂ ਮਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਸਾਨ ਭਾਈਚਾਰੇ ਦੀਆਂ ਦੁਖ-ਤਕਲੀਫਾਂ ਘਟਾਉਣ ਲਈ ਗਹਿਰੀ ਦਿਲਚਸਪੀ ਲੈਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਫ਼ਤ ਬਿਜਲੀ, ਆਟਾ-ਦਾਲ ਸਕੀਮ, ਟਿਊਬਵੈਲ ਕੁਨੈਕਸ਼ਨ ਦੇਣ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਹਨ। ਸ. ਮਜੀਠੀਆ ਨੇ ਸਰਹੱਦੀ ਖੇਤਰਾਂ ਵਿਚ ਵਿਕਾਸ ਲਈ ਫਰਾਖ਼ਦਿਲੀ ਨਾਲ ਫੰਡ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।
ਸਤਲੁਜ-ਯਮੁਨਾ ਲਿੰਕ ਨਹਿਰ ਦੀ ਜ਼ਮੀਨ ਡੀ-ਨੋਟੀਫਾਈ ਕਰਕੇ ਕਿਸਾਨਾਂ ਨੂੰ ਵਾਪਸ ਮੋੜ ਕੇ ਇਸ ਮਸਲੇ ਨੂੰ ਸਦਾ ਲਈ ਦਫ਼ਨ ਕਰ ਦੇਣ ਲਈ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਸ. ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਸਾਨਾਂ ਦੇ ਹੱਕਾਂ ਦਾ ਅਸਲ ਰਖਵਾਲਾ ਦੱਸਿਆ। ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ‘ਤੇ ਚੁੱਟਕੀ ਲੈਂਦਿਆਂ ਸ. ਮਜੀਠੀਆ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਨੂੰ ਪੰਜਾਬ ਤੇ ਪੰਜਾਬੀਆਂ ਦਾ ਰੱਤੀ ਭਰ ਵੀ ਫਿਕਰ ਨਹੀਂ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਸ. ਮਜੀਠੀਆ ਨੇ ਕੇਜਰੀਵਾਲ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ ‘ਤੇ ਧਾਰੀ ਚੁੱਪ ਲਈ ਸੁਆਲ ਕਰਦਿਆਂ ਆਖਿਆ ਕਿ ਕੇਜਰੀਵਾਲ ਤੇ ਉਸ ਦੀ ਟੋਲੀ ਸਿਆਸੀ ਗਿਰਗਿਟ ਵਾਂਗ ਹਨ ਜਿਨ੍ਹਾਂ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਲਗਾਤਾਰ ਰੰਗ ਬਦਲੇ।
ਇਸ ਮੌਕੇ ਮੁੱਖ ਮੰਤਰੀ ਨੇ ਯੋਗ ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਚੈਕ ਸੌਂਪੇ।
ਇਸ ਮੌਕੇ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ ਸੰਧੂ ਤੇ ਸ. ਬਲਜੀਤ ਸਿੰਘ ਜਲਾਲਉਸਮਾਂ, ਸ੍ਰੀਮਤੀ ਪਰਨੀਤ ਕੌਰ ਕੈਰੋਂ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡੀ.ਆਈ.ਜੀ. ਸ੍ਰੀ ਏ.ਕੇ. ਮਿੱਤਲ, ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਮੋਹਨ ਸਿੰਘ ਹਾਜ਼ਰ ਸਨ।

LEAVE A REPLY