ਕੇਜਰੀਵਾਲ ਨੂੰ ਕਣਕ ਤੇ ਝੋਨੇ ਵਾਂਗ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਵਖਰੇਵੇਂ ਬਾਰੇ ਵੀ ਗਿਆਨ ਨਹੀਂ : ਬਾਦਲ

1ਹਲਵਾਰਾ -ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਬਾਰੇ ਗਿਆਨ ਤੋਂ ਬਿਲਕੁਲ ਸੱਖਣੇ ਹਨ ਅਤੇ ਕਣਕ ਤੇ ਝੋਨੇ ਵਾਂਗ ਉਹ ਪੰਜਾਬ ਵਿਰੋਧੀ ਕਾਂਗਰਸ ਅਤੇ ਪੰਜਾਬ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਵਿਚਲਾ ਫਰਕ ਵੀ ਨਹੀਂ ਜਾਣਦੇ।
ਅੱਜ ਇਥੇ ਰਾਏਕੋਟ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦੇ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸਮਝੌਤੇ ਦਾ ਬੇਤੁਕਾ ਬਿਆਨ ਇਹ ਸਾਬਿਤ ਕਰਦਾ ਹੈ ਕਿ ਨਾ ਤਾਂ ਉਨ੍ਹਾਂ ਨੂੰ ਸੂਬੇ ਦੀ ਭੁਗੌਲ ਬਾਰੇ ਅਤੇ ਨਾ ਹੀ ਸੂਬੇ ਦੀ ਰਾਜਨੀਤੀ ਬਾਰੇ ਮੁੱਢਲਾ ਗਿਆਨ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਨੂੰ ਪਤਾ ਹੈ ਕਿ ਕਾਂਗਰਸ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਘੋਰ ਵਿਰੋਧੀ ਜਮਾਤ ਹੈ, ਉਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸੋਚ ਤੋਂ ਪਰ੍ਹੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਸੀ ਅਤੇ ਇਥੋਂ ਤੱਕ ਕਿ ਧਾਰਮਿਕ ਮਸਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਕੇ ਪੰਜਾਬ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਕੋਈ ਵੀ ਪੰਜਾਬੀ ਇਸ ਪਾਰਟੀ ਨੂੰ ਇਨ੍ਹਾਂ ਪਾਪਾਂ ਲਈ ਮੁਆਫ਼ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਤਾਂ ਅਕਾਲੀ ਦਲ ਨੇ ਹਮੇਸ਼ਾਂ ਕਾਂਗਰਸ ਦੇ ਜਬਰ ਜੁਲਮ ਨਾਲ ਲੋਹਾ ਲਿਆ ਹੈ। ਜਿਸ ਕਾਰਨ ਅਕਾਲੀ ਆਗੂਆਂ ਨੂੰ ਵਾਰ-ਵਾਰ ਜੇਲ੍ਹ ਜਾਣਾ ਪਿਆ ਹੈ। ਇਸ ਦੇ ਉਲਟ ਉਨ੍ਹਾਂ ਕਿਹਾ ਕਿ ਕੇਜਰੀਵਾਲ ਖੁਦ ਪਹਿਲੀ ਵਾਰ ਦਿੱਲੀ ਦੇ ਮੁੱਖ ਮੰਤਰੀ ਕਾਂਗਰਸ ਦੀ ਹਮਾਇਤ ਨਾਲ ਬਣੇ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਜਿਹੇ ਬੇਤੁਕੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਪੰਜਾਬ ਦੇ ਸਿਆਣੇ ਲੋਕ ਇਸ ਗੱਲ ਤੋਂ ਭਲੀ ਭਾਂਤੀ ਵਾਕਫ਼ ਹਨ ਕਿ ਆਪ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਨੋਟਬੰਦੀ ਦੇ ਫੈਸਲੇ ਨਾਲ ਦੇਸ਼ ਨੂੰ ਬਹੁਤ ਫਾਇਦਾ ਮਿਲੇਗਾ। ਇਹ ਫੈਸਲਾ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਵੱਡਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਕਠਿਨਾਈਆਂ ਦੇ ਬਾਵਜੂਦ ਇਸ ਫੈਸਲੇ ਨਾਲ ਦੇਸ਼ ਵਿੱਚੋਂ ਕਾਲਾ ਧੰਨ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਵਿੱਚ ਵੱਡਾ ਫਾਇਦਾ ਮਿਲੇਗਾ।
ਇਸ ਤੋਂ ਪਹਿਲਾਂ ਪਿੰਡ ਸੁਧਾਰ, ਹਲਵਾਰਾ, ਬੜੂੰਦੀ ਅਤੇ ਰਾਏਕੋਟ ਵਿਖੇ ਸੰਗਤ ਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇੰਨ੍ਹਾਂ ਦੋਨਾਂ ਪਾਰਟੀਆਂ ਦੇ ਆਗੂ ਫੋਕੇ ਨਾਹਰਿਆਂ ਅਤੇ ਝੂਠੇ ਲਾਰਿਆਂ ਨਾਲ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਕੂੜ ਪ੍ਰਚਾਰ ਰਾਹੀਂ ਸੱਤਾ ਹਾਸਲ ਕਰਨ ਦਾ ਸੁਪਨਾ ਵੇਖ ਰਹੀਆਂ ਹਨ ਪਰ ਪੰਜਾਬ ਦੇ ਲੋਕ ਕਦੇ ਵੀ ਇੰਨ੍ਹਾਂ ਦੇ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਦੋਹੇਂ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਵੀ ਸਰੋਕਾਰ ਨਹੀਂ ਹੈ ਅਤੇ ਇਹ ਸਿਰਫ਼ ਸੱਤਾ ਦੀ ਖਾਤਿਰ ਵੱਡੀਆਂ ਵੱਡੀਆਂ ਗੱਲਾਂ ਮਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਨਾ ਤਾਂ ਆਮ ਆਦਮੀ ਪਾਰਟੀ ਅਤੇ ਨਾ ਹੀ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਨਾਲ ਕਿਸੇ ਤਰਾਂ ਦੀ ਕੋਈ ਹਮਦਰਦੀ ਹੈ ਅਤੇ ਇਹ ਦੋਵੇਂ ਪਾਰਟੀਆਂ ਸੂਬੇ ਦੀ ਸੱਤਾ ਹਾਸਲ ਕਰਕੇ ਪੰਜਾਬ ਨੂੰ ਲੁੱਟਣਾ ਚਾਹੁੰਦੀਆਂ ਹਨ। ਉੁਨ੍ਹਾਂ ਕਿਹਾ ਕਿ ਇੰਨ੍ਹਾਂ ਦੋਵੇਂ ਪਾਰਟੀਆਂ ਨੇ ਅੱਜ ਤੱਕ ਪੰਜਾਬ ਦੇ ਹਿੱਤਾਂ ਲਈ ਕੋਈ ਵੀ ਲੜਾਈ ਨਹੀਂ ਲੜੀ ਹੈ ਜਦ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸਾ ਹੀ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕੀਤਾ ਹੈ।
ਕਾਂਗਰਸ ਪਾਰਟੀ ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਪੰਜਾਬ ਵਿਰੋਧੀ ਰਹੀ ਹੈ ਅਤੇ ਪੰਜਾਬ ਤੋਂ ਇਸ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਅਤੇ ਦਰਿਆਈ ਪਾਣੀਆਂ ਨੂੰ ਖੋਹ ਕੇ ਕਾਂਗਰਸ ਪਾਰਟੀ ਨੇ ਆਪਣੇ ਪੰਜਾਬ ਵਿਰੋਧੀ ਰਵਈਏ ਦਾ ਜਿਉਂਦਾ ਜਾਗਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੇ ਪਾਵਨ ਤੀਰਥ ਸ੍ਰੀ ਹਰਮੰਦਰ ਸਾਹਿਬ ਤੇ ਹਮਲਾ ਕਰਵਾ ਕੇ ਅਤੇ 1984 ਦੇ ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਬੇਗੁਨਾਹ ਲੋਕਾਂ ਦਾ ਕਤਲੇਆਮ ਕਰਕੇ ਪੰਜਾਬ ਅਤੇ ਖਾਸ ਤੌਰ ਤੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਆਮ ਆਦਮੀ ਪਾਰਟੀ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਕਾਂਗਰਸ ਦੇ ਪੰਜਾਬ ਵਿਰੋਧੀ ਨਕਸੇ ਕਦਮ ਤੇ ਚੱਲਦੇ ਹੋਏ ਪੰਜਾਬੀਆਂ ਅਤੇ ਸਿੱਖਾਂ ਨਾਲ ਧ੍ਰੋਹ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਪਿਆਓ ਨੂੰ ਤੋੜ ਕੇ, ਦਿੱਲੀ ਦੇ ਸਕੂਲਾਂ ਵਿਚ ਪੰਜਾਬੀ ਦੀ ਪੜਾਈ ਬੰਦ ਕਰਕੇ ਅਤੇ ਦਿੱਲੀ ਵਿਚ ਵਿਸਾਖੀ ਦੀ ਛੁੱਟੀ ਬੰਦ ਕਰਕੇ ਆਮ ਆਦਮੀ ਪਾਰਟੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਾਂਗਰਸ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਪੰਜਾਬੀਆਂ ਅਤੇ ਸਿੱਖਾਂ ਦਾ ਨੁਕਸਾਨ ਕਰਨ ਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਤੇ ਸੁਪਰੀਮ ਕੋਰਟ ਵਿਚ ਪੰਜਾਬ ਵਿਰੋਧੀ ਸਟੈਂਡ ਲੈ ਕੇ ਆਪ ਪਾਰਟੀ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਅਤੇ ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ ਨੇ ਮੁੱਖ ਮੰਤਰੀ ਸ੍ਰ. ਬਾਦਲ ਦਾ ਹਲਕਾ ਰਾਏਕੋਟ ਵਿੱਚ ਸੰਗਤ ਦਰਸ਼ਨ ਕਰਨ ‘ਤੇ ਧੰਨਵਾਦ ਕੀਤਾ ਅਤੇ ਭਰੋਸਾ ਜਿਤਾਇਆ ਕਿ ਇਸ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ। ਇਸ ਮੌਕੇ ਸ੍ਰ. ਬਾਦਲ ਵੱਲੋਂ ਪਿੰਡ ਬਰਮੀ ਵਿਖੇ ਸਰਕਾਰੀ ਸਕੂਲ ਦਾ ਉਦਘਾਟਨ ਵੀ ਕੀਤਾ ਗਿਆ, ਜਦਕਿ ਪਿੰਡ ਤੁਗਲ ਵਿਖੇ ਨਹਿਰ ਦੇ ਪੁੱਲ ਅਤੇ ਪਿੰਡ ਸੁਧਾਰ ਵਿਖੇ ਅੰਬੇਦਕਰ ਭਵਨ ਦੇ ਵੀ ਨੀਂਹ ਪੱਥਰ ਰੱਖੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡੀ. ਆਈ. ਜੀ. ਸ੍ਰੀ ਐੱਸ. ਕੇ. ਕਾਲੀਆ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਜ਼ਿਲ੍ਹਾ ਪੁਲਿਸ ਮੁੱਖੀ ਸ੍ਰ. ਓਪਿੰਦਰਜੀਤ ਸਿੰਘ ਘੁੰਮਣ, ਗਲਾਡਾ ਦੇ ਮੁੱਖ ਪ੍ਰਸਾਸ਼ਕ ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਜਗਜੀਤ ਸਿੰਘ ਤਲਵੰਡੀ ਤੇ ਸ੍ਰ. ਗੁਰਚਰਨ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ, ਐੱਸ. ਡੀ. ਐÎੱਮ. ਰਾਏਕੋਟ ਮਿਸ ਕਨੂੰ ਥਿੰਦ, ਐੱਸ. ਡੀ. ਐੱਮ. ਜਗਰਾਉਂ ਸ੍ਰ. ਗੁਰਸਿਮਰਨ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀਮਤੀ ਲਵਜੀਤ ਕੌਰ ਕਲਸੀ, ਸ੍ਰ. ਜਸਜੀਤ ਸਿੰਘ ਅਟਵਾਲ, ਸ੍ਰ. ਅਮਨਦੀਪ ਸਿੰਘ ਗਿੱਲ, ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਸ੍ਰ. ਮਨਪ੍ਰੀਤ ਸਿੰਘ ਤਲਵੰਡੀ, ਸ੍ਰ. ਪਰਮਿੰਦਰ ਸਿੰਘ ਜੱਟਪੁਰੀ, ਸ੍ਰ. ਨਰਿੰਦਰ ਸਿੰਘ ਲਾਡੀ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY