1ਬੱਸੀਆਂ -ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ‘ਅੱਯਾਸ਼ੀ ਰਾਜਾ’ ਗਰਦਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਉਸਨੂੰ ਚੁਣੌਤੀ ਦਿੱਤੀ ਹੈ ਕਿ ਉਹ ਪੰਜਾਬ ਅਤੇ ਇਥੋਂ ਦੇ ਲੋਕਾਂ ਲਈ ਕੀਤੀ ਕਿਸੇ ਇੱਕ ਕੁਰਬਾਨੀ ਬਾਰੇ ਦੱਸੇ।
ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੇ ਗਏ ਸੰਗਤ ਦਰਸ਼ਨਾਂ ਦੌਰਾਨ ਜੁੜੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਹ ਰਾਜਾ ਹੈ, ਜੋ ਕਿ ਆਪਣੀ ਜਨਤਾ ਦੀ ਪ੍ਰਵਾਹ ਕੀਤਿਆਂ ਬਿਨ੍ਹਾ ਆਪਣੀ ਸੱਤਾ ਦਾ ਆਨੰਦ ਮਾਣਨ ਵਿੱਚ ਵਿਸ਼ਵਾਸ਼ ਰੱਖਦਾ ਹੈ। ਉਸਨੇ ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਜ਼ ਦਿਖਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਸੱਚਾਈ ਤਾਂ ਇਹ ਹੈ ਕਿ ਉਹ ਸੱਤਾ ਪ੍ਰਾਪਤੀ ਦੀ ਲਾਲਸਾ ਨੂੰ ਪੂਰਾ ਕਰਨ ਲਈ ਸਰਕਾਰ ਬਣਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਰਗੇ ਮਹਾਰਾਜਾ ਤੋਂ ਸੂਬੇ ਦੀ ਭਲਾਈ ਦੀ ਉਮੀਦ ਨਹੀਂ ਰੱਖੀ ਜਾ ਸਕਦੀ ਹੈ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਤਲੁੱਜ ਯਮੁਨਾ ਲਿੰਕ ਨਹਿਰ ਪੁਟਵਾਉਣ ਲਈ ਇੰਦਰਾ ਗਾਂਧੀ ਨੂੰ ਸੱਦਾ ਦੇਣ ਅਤੇ ਹਲਕਾ ਪਟਿਆਲਾ ਦੇ ਪਿੰਡ ਕਪੂਰੀ ਵਿੱਚ ਚਾਂਦੀ ਦੀ ਕਹੀ ਨਾਲ ਟੱਕ ਲਗਾਉਣ ਦੇ ਪ੍ਰਸਤਾਵ ਦੇਣ ਲਈ ਜਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਕੈਪਟਨ ਸਮੇਤ ਹਰੇਕ ਕਾਂਗਰਸੀ ਨੇ ਜਸ਼ਨ ਮਨਾਏ ਸਨ, ਇਹ ਮੌਕਾ ਪੰਜਾਬ ਦੇ ਪਾਣੀਆਂ ‘ਤੇ ਸਭ ਤੋਂ ਵੱਡਾ ਡਾਕਾ ਸਾਬਿਤ ਹੋਇਆ। ਉਨ੍ਹਾਂ ਕਿਹਾ ਕਿ ਹੁਣ ਅਜਿਹੇ ਨੇਤਾ ਆਪਣੀ ਉਂਗਲ ‘ਤੇ ਖੂਨ ਲਗਾ ਕੇ ਸ਼ਹੀਦ ਦਾ ਦਰਜਾ ਪ੍ਰਾਪਤ ਕਰਨ ‘ਚ ਲੱਗੇ ਹੋਏ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਅਸਲ ਹਿਤੈਸ਼ੀ ਪਾਰਟੀ ਹੈ।
ਸ੍ਰ. ਬਾਦਲ ਨੇ ਲੋਕਾਂ ਨੂੰ ਅਗਾਹ ਕੀਤਾ ਕਿ ਜੇਕਰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਜਾਂ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈਆਂ ਤਾਂ ਲੋਕ ਹਿੱਤ ਵਿੱਚ ਚਾਲੂ ਕੀਤੀਆਂ ਗਈਆਂ ਯੋਜਨਾਵਾਂ ਅਤੇ ਸਬਸਿਡੀਆਂ ਬੰਦ ਹੋ ਜਾਣਗੀਆਂ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕਈ ਲੋਕ ਹਿੱਤ ਯੋਜਨਾਵਾਂ ਆਟਾ-ਦਾਲ ਯੋਜਨਾ, ਪੈਨਸ਼ਨ, ਸ਼ਗਨ, ਮਾਈ ਭਾਗੋ ਵਿੱਦਿਆ ਯੋਜਨਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰਾਜ ਸਰਕਾਰ ਕਿਸਾਨਾਂ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਨੂੰ ਸਾਲਾਨਾ ਕਰੋੜਾਂ ਰੁਪਏ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀ ਦਾ ਹੁਣ ਤੱਕ ਦਾ ਰਿਕਾਰਡ ਦੱਸਦਾ ਹੈ ਕਿ ਇਹ ਦੋਵੇਂ ਪਾਰਟੀਆਂ ਗਰੀਬਾਂ ਅਤੇ ਪੰਜਾਬੀਆਂ ਦੀਆਂ ਦੋਖੀ ਪਾਰਟੀਆਂ ਸਾਬਿਤ ਹੋਈਆਂ ਹਨ। ਜੇਕਰ ਕਿਸੇ ਵੀ ਤਰੀਕੇ ਇਨ੍ਹਾਂ ਦੋਵਾਂ ਪਾਰਟੀਆਂ ਵਿੱਚੋਂ ਕਿਸੇ ਇੱਕ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਮਿਲ ਗਿਆ ਤਾਂ ਸਾਰੀਆਂ ਲੋਕ ਹਿੱਤ ਯੋਜਨਾਵਾਂ ਅਤੇ ਸਬਸਿਡੀਆਂ ਬੰਦ ਹੋ ਜਾਣਗੀਆਂ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਕਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਣਦਿਆਂ ਹੀ ਉਹ ਸਾਰੀਆਂ ਲੋਕ ਹਿੱਤ ਯੋਜਨਾਵਾਂ ਅਤੇ ਸਬਸਿਡੀਆਂ ਬੰਦ ਕਰ ਦਿੱਤੀਆਂ ਸਨ, ਜੋ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਸਨ। ਇਸੇ ਤਰ੍ਹਾਂ ਦਿੱਲੀ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੋਈ ਵੀ ਕੰਮ ਨਹੀਂ ਕੀਤਾ ਗਿਆ ਹੈ, ਜਦਕਿ ਇਸ ਪਾਰਟੀ ਦੇ ਨੇਤਾ ਪੰਜਾਬ ਦੇ ਲਾਭਪਾਤਰੀਆਂ ਨੂੰ ‘ਭਿਖ਼ਾਰੀ’ ਕਹਿ ਕੇ ਬੇਇਜ਼ਤ ਕਰ ਰਹੇ ਹਨ।
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਸਰਕਾਰ ਵੱਲੋਂ ਕੀਤੇ ਗਏ ਵੱਡੇ ਪੱਧਰ ‘ਤੇ ਵਿਕਾਸ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੁੜ ਸੱਤਾ ਵਿੱਚ ਆਉਣ ਦਾ ਮੌਕਾ ਮਿਲਦਾ ਹੈ ਤਾਂ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ ਕਿ ਹਰੇਕ ਵਰਗ ਦੇ ਲੋਕਾਂ, ਭਾਵੇਂ ਉਹ ਕਿਸਾਨ ਹੋਵੇ ਜਾਂ ਕਿਰਤੀ ਜਾਂ ਉੱਦਮੀ, ਇਨ੍ਹਾਂ ਸਾਰਿਆਂ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਲਈ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸੂਬਾ ਸਰਕਾਰ ਅਤੇ ਦੇਸ਼ ਦੀ ਕੌਮੀ ਜਮਹੂਰੀ ਗਠਜੋੜ ਸਰਕਾਰ ਵਿੱਚ ਪੂਰੀ ਤਰ੍ਹਾਂ ਇਕਸੁਰਤਾ ਹੈ, ਜਿਸਦਾ ਨਤੀਜਾ ਇਹ ਹੈ ਕਿ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਸੋਚ ਸਮਝਕੇ ਕਰਨ ਕਿਉਂਕਿ ਇਸ ਮੌਕੇ ਲਏ ਗਏ ਗਲਤ ਫੈਸਲੇ ਨਾਲ ਸੂਬੇ ਦੀ ਵਿਕਾਸ ਦੀ ਗਤੀ ਨੂੰ ਵੱਡੀ ਸੱਟ ਵੱਜ ਸਕਦੀ ਹੈ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਕੋਈ ਵੀ ਵਿਦਰੋਹ ਵਾਲੀ ਗੱਲ ਨਹੀਂ ਹੈ, ਜਦਕਿ ਪਾਰਟੀ ਉਹ ਲੋਕ ਛੱਡ ਰਹੇ ਹਨ, ਜਿਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਬਹੁਤ ਹੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਪਾਰਟੀ ਛੱਡਣ ਵਾਲੇ ਲੋਕਾਂ ਨੂੰ ਮੌਕਾਪ੍ਰਸਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਨੋਟਬੰਦੀ ਦੇ ਫੈਸਲੇ ਨਾਲ ਦੇਸ਼ ਨੂੰ ਬਹੁਤ ਫਾਇਦਾ ਮਿਲੇਗਾ। ਇਹ ਫੈਸਲਾ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਵੱਡਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਕਠਿਨਾਈਆਂ ਦੇ ਬਾਵਜੂਦ ਇਸ ਫੈਸਲੇ ਨਾਲ ਦੇਸ਼ ਵਿੱਚੋਂ ਕਾਲਾ ਧੰਨ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਵਿੱਚ ਵੱਡਾ ਫਾਇਦਾ ਮਿਲੇਗਾ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਅਤੇ ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ ਨੇ ਮੁੱਖ ਮੰਤਰੀ ਸ੍ਰ. ਬਾਦਲ ਦਾ ਹਲਕਾ ਰਾਏਕੋਟ ਵਿੱਚ ਸੰਗਤ ਦਰਸ਼ਨ ਕਰਨ ‘ਤੇ ਧੰਨਵਾਦ ਕੀਤਾ ਅਤੇ ਭਰੋਸਾ ਜਿਤਾਇਆ ਕਿ ਇਸ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡੀ. ਆਈ. ਜੀ. ਸ੍ਰੀ ਐੱਸ. ਕੇ. ਕਾਲੀਆ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਜ਼ਿਲ੍ਹਾ ਪੁਲਿਸ ਮੁੱਖੀ ਸ੍ਰ. ਓਪਿੰਦਰਜੀਤ ਸਿੰਘ ਘੁੰਮਣ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਐੱਚ. ਐੱਸ. ਬਾਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਜਗਜੀਤ ਸਿੰਘ ਤਲਵੰਡੀ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ, ਐੱਸ. ਡੀ. ਐÎੱਮ. ਰਾਏਕੋਟ ਮਿਸ ਕਨੂੰ ਥਿੰਦ, ਐੱਸ. ਡੀ. ਐੱਮ. ਜਗਰਾਉਂ ਸ੍ਰ. ਗੁਰਸਿਮਰਨ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀਮਤੀ ਲਵਜੀਤ ਕੌਰ ਕਲਸੀ, ਬੀ. ਡੀ. ਪੀ. ਓ. ਸ੍ਰੀਮਤੀ ਨਵਦੀਪ ਕੌਰ, ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਮਨਵਿੰਦਰ ਕੌਰ, ਸ੍ਰ. ਜਸਜੀਤ ਸਿੰਘ ਅਟਵਾਲ, ਸ੍ਰ. ਅਮਨਦੀਪ ਸਿੰਘ ਗਿੱਲ, ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਸ੍ਰ. ਮਨਪ੍ਰੀਤ ਸਿੰਘ ਤਲਵੰਡੀ, ਸ੍ਰ. ਪਰਮਿੰਦਰ ਸਿੰਘ ਜੱਟਪੁਰੀ, ਸ੍ਰ. ਨਰਿੰਦਰ ਸਿੰਘ ਲਾਡੀ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY